ਜਲੰਧਰ ''ਚ ਪਹਿਲੇ ਦਿਨ ਮਾਸਕ ਨਾ ਪਾਉਣ ਵਾਲੇ 13 ਲੋਕਾਂ ਖਿਲਾਫ ਮਾਮਲਾ ਦਰਜ

Sunday, Apr 12, 2020 - 10:38 PM (IST)

ਜਲੰਧਰ ''ਚ ਪਹਿਲੇ ਦਿਨ ਮਾਸਕ ਨਾ ਪਾਉਣ ਵਾਲੇ 13 ਲੋਕਾਂ ਖਿਲਾਫ ਮਾਮਲਾ ਦਰਜ

ਜਲੰਧਰ, (ਸੁਧੀਰ)— ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲਾਕਡਾਊਨ ਦੇ ਮੱਦੇਨਜ਼ਰ ਅਤੇ ਸ਼ਹਿਰ 'ਚ ਕੋਰੋਨਾ ਪਾਜ਼ੇਟਿਵ ਲੋਕਾਂ ਦਾ ਵਾਧਾ ਵੇਖ ਕੇ ਕਮਿਸ਼ਨਰੇਟ ਪੁਲਸ ਨੇ ਵੀ ਸਖਤੀ ਕਰ ਦਿੱਤੀ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ 'ਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਐਤਵਾਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੌਰਾਨ ਬਿਨਾਂ ਮਾਸਕ ਦੇ ਘੁੰਮ ਰਹੇ 13 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਕਰਫਿਊ ਲਗਾਇਆ ਗਿਆ ਹੈ ਤੇ ਰੋਜ਼ਾਨਾ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਰਫਿਊ ਨਿਯਮਾਂ ਦੀ ਉਲੰਘਣਾ ਕਰਣ ਵਾਲੇ ਲੋਕਾਂ ਖਿਲਾਫ ਕਮਿਸ਼ਨਰੇਟ ਪੁਲਸ ਵਲੋਂ ਰੋਜ਼ਾਨਾ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ ਬਿਨਾਂ ਮਾਸਕ ਦੇ ਘੁੰਮ ਰਹੇ ਵਿਜੇ ਕੁਮਾਰ, ਪ੍ਰਿੰਸ ਵਰਮਾ, ਹਰਜਿੰਦਰ ਸਿੰਘ, ਜਸਬੀਰ ਸਿੰਘ, ਬਮ ਬਹਾਦੁਰ, ਕਟਵਾਲੂ ਰਾਮ, ਵਿਜੇ, ਵਿਸ਼ਾਲ ਸਾਂਪਲਾ, ਸ਼ੰਕਰ, ਜੀਵਨ ਕੁਮਾਰ, ਰਵਿੰਦਰ ਸਿੰਘ, ਆਸ਼ੀਸ਼ ਕੁਮਾਰ ਅਤੇ ਸੰਜੀਵ ਕੁਮਾਰ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਣ ਵਾਲੇ 8 ਹੋਰ ਲੋਕਾਂ 'ਤੇ ਵੀ ਮਾਮਲਾ ਦਰਜ ਕੀਤਾ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਲੋਕ ਕਰਫਿਊ ਨਿਯਮਾਂ ਦੀ ਪਾਲਣਾ ਕਰਣ ਅਤੇ ਘਰਾਂ 'ਚ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਹੀ ਘਰਾਂ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਮਾਸਕ ਪਾਉਣਾ ਲਾਜ਼ਮੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਮਿਸ਼ਨਰੇਟ ਪੁਲਸ ਨੇ ਹੁਣ ਤਕ 204 ਮਾਮਲੇ ਦਰਜ ਕਰ ਕੇ 278 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਤੋਂ ਇਲਾਵਾ ਬੇਵਜਾਹ ਘੁੰਮ ਰਹੇ ਲੋਕਾਂ ਦੇ 400 ਵਾਹਨਾਂ ਨੂੰ ਜਬਤ ਕਰਣ ਦੇ ਨਾਲ ਨਾਲ 4819 ਚਾਲਾਨ ਕੱਟੇ ਹਨ। ਉਨ੍ਹਾਂ ਦੱਸਿਆ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਣ ਵਾਲਿਆਂ ਖਿਲਾਫ ਸਖਤੀ ਜਾਰੀ ਰਹੇਗੀ।


author

KamalJeet Singh

Content Editor

Related News