ਪਰਾਲੀ ਸਾੜਨ ਦੇ ਦੋਸ਼ਾਂ ’ਚ 112 ਕਿਸਾਨਾਂ ’ਤੇ ਮਾਮਲਾ ਦਰਜ
Monday, Nov 11, 2024 - 03:44 AM (IST)
ਬਠਿੰਡਾ (ਸੁਖਵਿੰਦਰ) - ਜ਼ਿਲਾ ਪੁਲਸ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਦੋਸ਼ਾਂ ਹੇਠ 112 ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਦੂਸ਼ਣ ਕਾਨੂੰਨ ਤਹਿਤ ਕਿਸਾਨਾਂ ਨੂੰ ਜੁਰਮਾਨੇ ਵੀ ਕੀਤੇ ਜਾ ਰਹੇ ਹਨ, ਜਦਕਿ ਉਨ੍ਹਾਂ ਦੀਆਂ ਜ਼ਮੀਨਾਂ ਦੇ ਖਾਤਿਆਂ ਵਿਚ ਲਾਲ ਐਂਟਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਪੁਲਸ ਪ੍ਰਸ਼ਾਸਨ ਸਖਤ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਬਦਲ ਵਜੋਂ ਆਧੁਨਿਕ ਕਿਸਮ ਦੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨਾ ਸਾੜਨ ਪਰ ਫਿਰ ਵੀ ਕੁਝ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅਜਿਹੇ ਕਿਸਾਨਾਂ ਖਿਲਾਫ ਪੁਲਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸਹੀ ਨਿਪਟਾਰਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੇ ਪਰਾਲੀ ਸਾੜਨਾ ਬੰਦ ਨਾ ਕੀਤਾ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।