2.85 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖਿਲਾਫ ਮਾਮਲਾ ਦਰਜ
Saturday, Jan 11, 2025 - 05:27 AM (IST)
ਨਵਾਂਸ਼ਹਿਰ (ਤ੍ਰਿਪਾਠੀ) - ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦੇ ਬਹਾਨੇ 2.85 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖਿਲਾਫ ਥਾਣਾ ਸਦਰ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਕੈਨੇਡਾ ਜਾਣ ਦਾ ਇੱਛੁਕ ਸੀ।
ਉਸ ਦੇ ਜਾਣਕਾਰ ਨੇ ਟ੍ਰੈਵਲ ਏਜੰਟ ਪ੍ਰਿਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੁਰਾਲੀ ਬਾਰੇ ਜਾਣਕਾਰੀ ਦਿੱਤੀ ਸੀ। ਉਸ ਨਾਲ ਗੱਲ ਕਰਨ ਤੋਂ ਬਾਅਦ ਉਸ ਨੂੰ 9 ਲੱਖ ਰੁਪਏ ਵਿਚ ਕੈਨੇਡਾ ਵਰਕ ਪਰਮਿਟ ’ਤੇ ਭੇਜਣ ਦਾ ਸੌਦਾ ਤੈਅ ਹੋ ਗਿਆ ਜਿਸ ਵਿਚੋਂ 3 ਲੱਖ ਰੁਪਏ ਪਹਿਲਾਂ ਅਤੇ ਬਾਕੀ 6 ਲੱਖ ਰੁਪਏ ਵੀਜ਼ਾ ਆਉਣ ਤੋਂ ਬਾਅਦ ਅਦਾ ਕੀਤੇ ਜਾਣੇ ਸਨ।
ਉਸ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਨੂੰ ਵੱਖ-ਵੱਖ ਤਰੀਕਾਂ ’ਤੇ 2,85,500 ਰੁਪਏ ਅਤੇ ਪਾਸਪੋਰਟ ਦੇ ਦਿੱਤੇ ਪਰ ਉਕਤ ਏਜੰਟ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਨੂੰ 30 ਹਜ਼ਾਰ ਰੁਪਏ ਦਾ ਚੈੱਕ ਦਿੱਤਾ, ਜੋ ਕਿ ਬੈਂਕ ਵਿਚ ਬਾਊਂਸ ਹੋ ਗਿਆ।
ਉਸ ਨੇ ਦੱਸਿਆ ਕਿ ਜਦੋਂ ਉਸ ਦਾ ਲੜਕਾ ਕੈਨੇਡਾ ਜਾਣ ਦੀ ਗੱਲ ਕਰਨ ਲਈ ਉਕਤ ਏਜੰਟ ਦੇ ਘਰ ਗਿਆ ਤਾਂ ਉਸ ਦੇ ਲੜਕੇ ਨੇ ਹੋਰ ਲੋਕਾਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਸਬੰਧੀ ਪੁਲਸ ਕੋਲ ਕੇਸ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਮੰਗ ਕੀਤੀ ਹੈ ਕਿ ਉਸ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਉਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਦੋਸ਼ੀ ਏਜੰਟ ਪ੍ਰਿਤਪਾਲ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।