ਆਸ਼ੂ ਬਾਂਗੜ ਵਿਰੁੱਧ ਮਾਮਲਾ ਦਰਜ ਕਰਨ ''ਤੇ ਭੜਕੇ ਕਾਂਗਰਸੀ, ਥਾਣਾ ਸਿਟੀ ਮੋਗਾ ਮੂਹਰੇ ਲਾਇਆ ਧਰਨਾ

Friday, Jul 08, 2022 - 08:02 PM (IST)

ਆਸ਼ੂ ਬਾਂਗੜ ਵਿਰੁੱਧ ਮਾਮਲਾ ਦਰਜ ਕਰਨ ''ਤੇ ਭੜਕੇ ਕਾਂਗਰਸੀ, ਥਾਣਾ ਸਿਟੀ ਮੋਗਾ ਮੂਹਰੇ ਲਾਇਆ ਧਰਨਾ

ਮੋਗਾ (ਗੋਪੀ ਰਾਊਕੇ) : 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ’ਤੇ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਨ ਵਾਲੇ ਅਤੇ ਇੱਥੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਡਾਕਟਰੀ ਕਰਦੇ ਡਾ. ਆਸ਼ੂ ਬਾਂਗੜ ਤੇ ਉਨ੍ਹਾਂ ਦੇ ਇਕ ਸਾਥੀ ਹਰਦੀਪ ਸਿੰਘ ਬਰਾੜ ਨੂੰ ਇਕ ਗੁੰਮਨਾਮ ਵਿਅਕਤੀ ਦੀ ਸ਼ਿਕਾਇਤ ’ਤੇ ਜਾਅਲੀ ਤਜਰਬਾ ਸਰਟੀਫਿਕੇਟ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਆਮ ਆਦਮੀ ਪਾਰਟੀ ਨੇ ਵੀ ਡਾ. ਆਸ਼ੂ ਬਾਂਗੜ ਨੂੰ ਪਹਿਲਾਂ ਫਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਸੀ ਪਰ ਉਹ ਅਚਾਨਕ ਉਦੋਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪਾਰਟੀ ਟਿਕਟ ਛੱਡ ਕੇ ਕਾਂਗਰਸ 'ਚ ਸ਼ਾਮਲ ਕੇ ਪਾਰਟੀ ਉਮੀਦਵਾਰ ਬਣੇ ਸਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ 95 ਮਹਿਲਾ ਅਧਿਕਾਰੀਆਂ ਸਣੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ

ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਨੇ ਇਸ ਮਾਮਲੇ ਨੂੰ ਸਿੱਧੇ ਤੌਰ ’ਤੇ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਥਾਣਾ ਸਿਟੀ ਮੂਹਰੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ 'ਆਪ' ਸਰਕਾਰ ਬਦਲਾਖੋਰੀ ਦੀ ਨੀਤੀ ’ਤੇ ਉੱਤਰ ਆਈ ਹੈ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸੇ ਨਾਲ ਸਿਆਸੀ ਰੰਜਿਸ਼ ਨਹੀਂ ਕੱਢੀ ਜਾਵੇਗੀ ਪਰ ਹੇਠਲੇ ਪੱਧਰ ’ਤੇ ਹਲਕਾ ਵਿਧਾਇਕਾਂ ਵੱਲੋਂ ਪੁਲਸ ਪ੍ਰਸ਼ਾਸਨ ਦੇ ‘ਡੰਡੇ’ ਦੇ ਜ਼ੋਰ ਨਾਲ ਸਿੱਧੇ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਮੱਗਲਰਾਂ ਨੂੰ ਛੱਡਣ ਦੇ ਮਾਮਲੇ 'ਚ DSP ਲਖਬੀਰ ਸਿੰਘ 10 ਲੱਖ ਰੁਪਏ ਰਿਸ਼ਵਤ ਸਮੇਤ ਗ੍ਰਿਫ਼ਤਾਰ

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਹੈ, ਜਦੋਂ ਕਿਸੇ ਵੀ ਵਿਅਕਤੀ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਪਹਿਲਾਂ ਕਥਿਤ ਤੌਰ ’ਤੇ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੋਵੇ, ਜਦੋਂਕਿ ਇਸ ਤਰ੍ਹਾਂ ਦੇ ਮਾਮਲਿਆਂ ਦੀ ਪਹਿਲਾਂ ਪੜਤਾਲ ਕੀਤੀ ਜਾਂਦੀ ਹੈ। ਸਾਬਕਾ ਮੰਤਰੀ ਅਤੇ ਹਲਕਾ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ 'ਆਪ' ਸਰਕਾਰ ਸਿੱਧੇ ਤੌਰ ’ਤੇ ਬਦਲਾਖੋਰੀ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਮਾਹੌਲ 10 ਵਰ੍ਹੇ ਅਕਾਲੀ ਦਲ ਦੀ ਹਕੂਮਤ ਦੌਰਾਨ ਵੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਹਾਲ ਅਕਾਲੀ ਦਲ ਦਾ ਹੋ ਗਿਆ ਹੈ, ਇਸੇ ਤਰ੍ਹਾਂ ਦਾ 'ਆਪ' ਦਾ ਹੋਵੇਗਾ।

ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਦਾ ਆਪ੍ਰੇਸ਼ਨ, ਅੰਤਰਰਾਜੀ ਸਮੱਗਲਰ 20 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ

ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਵਰਕਰਾਂ ਦਾ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਇਸ ਮਾਮਲੇ ’ਤੇ ਜੋ ਵੀ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ, ਉਸ ਵਿੱਚ ਮੋਗਾ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ 'ਚ ਹਿੱਸਾ ਲੈਣਗੇ। ਇਸ ਮੌਕੇ ਸੂਬਾ ਸਕੱਤਰ ਮਨਜੀਤ ਸਿੰਘ ਮਾਨ, ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਪੱਪੂ ਜੋਸ਼ੀ ਹਿੰਮਤਪੁਰਾ, ਵਿਕਰਮ ਪੱਤੋ ਯੂਥ ਪ੍ਰਧਾਨ ਪ੍ਰਧਾਨ, ਮਿੱਕੀ ਹੁੰਦਲ ਸਲੀਣਾ, ਪਿੰਟੂ ਗਿੱਲ, ਗੁੱਲੂ ਆਹਲੂਵਾਲੀਆ ਤੇ ਕੌਂਸਲਰ ਅਮਰਜੀਤ ਸਿੰਘ ਅੰਬੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਦਿਵਿਆਂਗਾਂ ਲਈ ਸੂਬੇ ਦੇ ਪਹਿਲੇ ਹੁਨਰ ਵਿਕਾਸ ਕੇਂਦਰ ਦੀ ਸਥਾਪਨਾ

ਪੰਜਾਬ ਕਾਂਗਰਸ ਵੱਲੋਂ ਮਾਮਲਾ ਰੱਦ ਕਰਵਾਉਣ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ

ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ’ਤੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਅਤੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਤੋਂ ਮਾਮਲੇ ਦੀ ਜਾਣਕਾਰੀ ਲੈਣ ਮਗਰੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਮੋਗਾ ਆਉਣ ਦੀ ਤਿਆਰੀ ਕਰ ਲਈ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਇਸ ਬਦਲਾਖੋਰੀ ਦੇ ਮਾਮਲੇ ’ਤੇ ਵੱਡਾ ਸੰਘਰਸ਼ ਛੇੜਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News