ਸ਼ਿਵ ਸੈਨਾ ਨੇਤਾ ਹਰਵਿੰਦਰ ਸੋਨੀ ਖ਼ਿਲਾਫ਼ ਪੁਲਸ ਦੀ ਸਖ਼ਤ ਕਾਰਵਾਈ, ਘਰ 'ਚ ਕੀਤਾ ਨਜ਼ਰਬੰਦ
Wednesday, Nov 16, 2022 - 09:58 PM (IST)
ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚੱਲਦਿਆਂ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀ ਦੇ ਵਿਵਾਦਿਤ ਬਿਆਨ ਤੋਂ ਬਾਅਦ ਵੱਖ- ਵੱਖ ਨਿਹੰਗ ਜੱਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਸੋਨੀ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਉਸ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕੱਲ ਤੋਂ ਲਗਾਤਾਰ ਐੱਸ.ਐੱਸ.ਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ। ਇਸ ਤੋਂ ਬਾਅਦ ਪੁਲਸ ਵੱਲੋਂ ਜ਼ਿਲ੍ਹਾ ਅਟਾਰਨੀ ਦੀ ਰਾਇ ਲੈਣ ਤੋਂ ਬਾਅਦ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾਂ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਤਿੱਬੜੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ।
ਇਸ ਤੋਂ ਸਿੱਖ ਜੱਥੇਬੰਦੀਆ ਵੱਲੋਂ ਧਰਨਾ ਚੁੱਕ ਲਿਆ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰਵਿੰਦਰ ਸੋਨੀ ਨੇ ਬਿਆਨ ਜਾਰੀ ਕਰਕੇ ਇਸ ਮਾਮਲੇ ਲਈ ਜਨਤਕ ਤੌਰ ’ਤੇ ਮੁਆਫੀ ਮੰਗੀ ਸੀ। ਉਸ ਦਾ ਕਹਿਣਾ ਹੈ ਕਿ ਬੰਦ ਦੌਰਾਨ ਉਕਤ ਵਿਵਾਦਤ ਬਿਆਨ ਗਲਤੀ ਨਾਲ ਉਸ ਕੋਲੋਂ ਨਿਕਲ ਗਿਆ ਸੀ। ਉਨਾਂ ਨੂੰ ਖੁਦ ਸ੍ਰੀ ਦਰਬਾਰ ਸਾਹਿਬ ’ਤੇ ਪੂਰਾ ਭਰੋਸਾ ਹੈ। ਉਹ ਗਲਤੀ ਨਾਲ ਦਿੱਤੇ ਗਏ ਆਪਣੇ ਬਿਆਨ ਲਈ ਸਾਰਿਆਂ ਤੋਂ ਮੁਆਫੀ ਮੰਗਦਾ ਹੈ।
ਦੂਜੇ ਪਾਸੇ ਇਸ ਸਬੰਧੀ ਸ਼ਿਵ ਸੈਨਾ ਨੇਤਾ ਸੋਨੀ ਨੇ ਕਿਹਾ ਕਿ ਮੈਨੂੰ ਕੇਸ ਦਰਜ ਕਰਨ ਸਬੰਧੀ ਪੁਲਸ ਨੇ ਜਾਣਕਾਰੀ ਦਿੱਤੀ ਹੈ ਅਤੇ ਉਸ ਨੂੰ ਘਰ ਦੇ ਅੰਦਰ ਹੀ ਰਹਿਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਬਿਆਨ ਸਬੰਧੀ ਜਨਤਕ ਰੂਪ ਵਿਚ ਮੁਆਫੀ ਮੰਗ ਲਈ ਸੀ, ਪਰ ਉਸ ਦੇ ਬਾਵਜੂਦ ਕੇਸ ਦਰਜ ਕਰਨ ਦਾ ਕਾਰਨ ਸਮਝ ਨਹੀਂ ਆਇਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨਿਆਂਪਾਲਿਕਾ 'ਤੇ ਪੂਰਾ ਵਿਸ਼ਵਾਸ ਹੈ ਅਤੇ ਮੈਨੂੰ ਇਨਸਾਫ ਮਿਲੇਗਾ।