ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ, ਭਾਲ ਜਾਰੀ
Sunday, May 31, 2026 - 09:31 PM (IST)
ਦੋਰਾਹਾ (ਵਿਨਾਇਕ) : ਦੋਰਾਹਾ ਖੇਤਰ ਵਿੱਚ ਇੱਕ ਮਾਨਸਿਕ ਤੌਰ ’ਤੇ ਅਸਵਸਥ ਨੌਜਵਾਨ ਲੜਕੀ ਨੂੰ ਮੇਲੇ ਦੌਰਾਨ ਕਥਿਤ ਤੌਰ ’ਤੇ ਵਰਗਲਾ ਕੇ ਆਪਣੇ ਨਾਲ ਲਿਜਾਣ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦੋਰਾਹਾ ਪੁਲਸ ਨੇ ਪਿੰਡ ਮਾਜਰੀ ਦੇ ਇੱਕ ਨੌਜਵਾਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਰਾਹਾ ਵਾਸੀ ਤਾਹਿਰ ਹੁਸੈਨ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਕਿਸ਼ਨ ਕੁਮਾਰ ਅਤੇ ਉਸ ਦੀ ਪਤਨੀ ਦੀ ਕਰੀਬ ਪੰਜ ਤੋਂ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਦੋਵੇਂ ਬੱਚੇ, ਇੱਕ ਪੁੱਤਰ ਅਤੇ ਇੱਕ ਧੀ, ਮਾਨਸਿਕ ਤੌਰ ’ਤੇ ਅਸਵਸਥ ਦੱਸੇ ਜਾਂਦੇ ਹਨ। ਸ਼ਿਕਾਇਤਕਰਤਾ ਅਨੁਸਾਰ 21 ਮਈ ਨੂੰ ਸਵੇਰੇ 10:30 ਵਜੇ ਕਰੀਬ ਲੜਕੀ ਲਕਸ਼ਮੀ (ਕਲਪਨਿਕ ਨਾਮ) 29 ਸਾਲ ਦੋਰਾਹਾ ਵਿਖੇ ਲੱਗੇ ਬਾਬਾ ਬੇਰੀ ਸਾਹਿਬ ਦੇ ਸਾਲਾਨਾ ਮੇਲੇ ਵਿੱਚ ਗਈ ਸੀ, ਪਰ ਸ਼ਾਮ ਤੱਕ ਘਰ ਵਾਪਸ ਨਾ ਪਰਤੀ।
ਲੜਕੀ ਦੇ ਘਰ ਨਾ ਪਰਤਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਵੱਲੋਂ ਆਪਣੇ ਪੱਧਰ ’ਤੇ ਉਸ ਦੀ ਭਾਲ ਕੀਤੀ ਗਈ, ਪਰ ਜਦੋਂ ਕੋਈ ਸੁਰਾਗ ਨਾ ਮਿਲਿਆ ਤਾਂ ਦੋਰਾਹਾ ਥਾਣੇ ਵਿੱਚ ਉਸ ਦੀ ਗੁੰਮਸ਼ੁਦਗੀ ਸਬੰਧੀ ਰਿਪੋਰਟ ਦਰਜ ਕਰਵਾਈ ਗਈ। ਇਸ ਤੋਂ ਬਾਅਦ ਵੀ ਪਰਿਵਾਰ ਵੱਲੋਂ ਲਗਾਤਾਰ ਉਸ ਦੀ ਭਾਲ ਜਾਰੀ ਰੱਖੀ ਗਈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਭਾਲ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਪ੍ਰਾਪਤ ਹੋਈ ਕਿ ਪਿੰਡ ਮਾਜਰੀ ਵਾਸੀ ਕੁਲਦੀਪ ਸਿੰਘ ਪੁੱਤਰ ਚਾਦੀ ਰਾਮ ਕਥਿਤ ਤੌਰ ’ਤੇ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਇਸ ਸੂਚਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪਿੰਡ ਮਾਜਰੀ ਦੇ ਸਰਪੰਚ ਨਾਲ ਸੰਪਰਕ ਕੀਤਾ ਅਤੇ 26 ਮਈ ਦੀ ਸ਼ਾਮ ਨੂੰ ਲੜਕੀ ਨੂੰ ਉਥੋਂ ਵਾਪਸ ਦੋਰਾਹਾ ਲਿਆਇਆ ਗਿਆ।
ਪਰਿਵਾਰ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਲੜਕੀ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਮੇਲੇ ਤੋਂ ਕਥਿਤ ਤੌਰ ’ਤੇ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਆਪਣੇ ਘਰ ਰੱਖਿਆ, ਜਿੱਥੇ ਉਸ ਨਾਲ ਉਸ ਦੀ ਮਰਜ਼ੀ ਤੋਂ ਬਿਨਾਂ ਸਰੀਰਕ ਸਬੰਧ ਬਣਾਏ ਗਏ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦੋਰਾਹਾ ਪੁਲਸ ਨੇ ਸ਼ਿਕਾਇਤ ਅਤੇ ਮੁੱਢਲੀ ਜਾਂਚ ਦੇ ਆਧਾਰ ’ਤੇ ਮੁਲਜ਼ਮ ਕੁਲਦੀਪ ਸਿੰਘ ਵਾਸੀ ਪਿੰਡ ਮਾਜਰੀ, ਥਾਣਾ ਸਦਰ ਖੰਨਾ, ਜ਼ਿਲਾ ਲੁਧਿਆਣਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) 2023 ਦੀ ਧਾਰਾ 64(1) ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਸ ਮਾਮਲੇ ਦੀ ਤਫ਼ਤੀਸ਼ ਏ.ਐੱਸ.ਆਈ. ਸਰਬਜੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਸਾਰੇ ਤੱਥਾਂ, ਬਿਆਨਾਂ ਅਤੇ ਹੋਰ ਸਬੂਤਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਭਾਲ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
