ਆਕਸੀਜਨ ਦੀ ਘਾਟ ਕਾਰਣ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਕਮੇਟੀ ਨੇ ਰਿਪੋਰਟ DC ਨੂੰ ਸੌਂਪੀ

Thursday, May 20, 2021 - 02:03 AM (IST)

ਅੰਮ੍ਰਿਤਸਰ,(ਦਲਜੀਤ)- ਬੀਤੇ ਦਿਨੀਂ ਨੀਲਕੰਠ ਹਸਪਤਾਲ ’ਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਬਣਾਈ ਗਈ ਕਮੇਟੀ, ਜਿਸ ’ਚ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਡਾ. ਰਜਤ ਓਬਰਾਏ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਸ਼ਾਮਲ ਸਨ, ਨੇ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ। ਉਕਤ ਰਿਪੋਰਟ ’ਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਹਸਪਤਾਲ ਕੋਰੋਨਾ ਦੇ ਇਲਾਜ ਲਈ ਜ਼ਰੂਰੀ ਮਾਪਦੰਡਾਂ ’ਤੇ ਪੂਰਾ ਨਹੀਂ ਉਤਰਦਾ। ਇਸ ਤੋਂ ਇਲਾਵਾ ਇੰਨ੍ਹਾਂ ਕੋਲ ਮਾਹਿਰ ਡਾਕਟਰਾਂ ਦੀ ਵੀ ਕਮੀ ਹੈ ਅਤੇ ਐਨਸਥੀਸੀਆ ਸਮੇਤ ਹੋਰ ਡਾਕਟਰ ਫੁੱਲ ਟਾਇਮ ਲਈ ਨਹੀਂ ਹਨ।

ਇਹ ਵੀ ਪੜ੍ਹੋ- ਮੋਦੀ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 500 ਦੀ ਥਾਂ ਹੁਣ 1200 ਰੁਪਏ ਮਿਲੇਗੀ ਸਬਸਿਡੀ

ਕਮੇਟੀ ਨੇ ਨਤੀਜਾ ਕੱਢਿਆ ਕਿ ਹਸਪਤਾਲ ਪ੍ਰਬੰਧਕਾਂ ਕੋਲ ਕੋਰੋਨਾ ਦੇ ਇਲਾਜ ਲਈ ਆਕਸੀਜਨ ਦਾ ਬਫਰ ਸਟਾਕ ਦਾ ਵੀ ਕੋਈ ਪ੍ਰਬੰਧ ਨਹੀਂ ਸੀ ਅਤੇ ਘਟਨਾ ਵਾਲੇ ਦਿਨ ਹਸਪਤਾਲ ਪ੍ਰਬੰਧਕਾਂ ਨੇ ਆਕਸੀਜਨ ਖ਼ਤਮ ਹੋਣ ਬਾਰੇ ਜ਼ਿਲਾ ਪ੍ਰਸ਼ਾਸਨ ਦੇ ਧਿਆਨ ’ਚ ਨਹੀਂ ਲਿਆਂਦਾ ਅਤੇ ਆਕਸੀਜਨ ਦੀ ਜੋ ਮੰਗ ਕੀਤੀ ਗਈ ਸੀ। ਉਹ ਵੀ ਬਹੁਤ ਦੇਰੀ ਨਾਲ ਬਿਨ੍ਹਾਂ ਕਿਸੇ ਅਲਰਟ ਦੇ ਕੀਤੀ ਗਈ। ਉਕਤ ਰਿਪੋਰਟ ਦੇ ਅਧਾਰ ’ਤੇ ਡਿਪਟੀ ਕਮਿਸ਼ਨਰ ਸ. ਖਹਿਰਾ ਨੇ ਨੀਲਕੰਠ ਹਸਪਤਾਲ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸੂਚੀਬੱਧ ਕੀਤੇ ਗਏ ਹਸਪਤਾਲਾਂ ਦੀ ਸੂਚੀ ’ਚ ਬਾਹਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਐਕਰੀਡੇਸ਼ਨ ਬੋਰਡ ਆਫ ਹਸਪਤਾਲ (ਐੱਨ. ਏ. ਬੀ. ਐੱਚ.) ਨੂੰ ਪੱਤਰ ਲਿਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਉਹ ਇਸ ਹਸਪਤਾਲ ਦੀ ਪਾਤਰਤਾ ਨੂੰ ਮੁਡ਼ ਵਿਚਾਰ ਸਕਣ।

ਇਹ ਵੀ ਪੜ੍ਹੋ- 'PM ਮੋਦੀ ਨੇ ਕੋਰੋਨਾ ਵੈਕਸੀਨ ਵਿਦੇਸ਼ਾਂ ’ਚ ਵੇਚ ਦੇਸ਼ ਨੂੰ ਮੌਤ ਦੇ ਮੂੰਹ 'ਚ ਧੱਕਿਆ'

ਕਮੇਟੀ ਕੋਲ ਮਰੀਜ਼ਾਂ ਦੇ ਰਿਸ਼ਤੇਦਾਰ ਨੇ ਇਹ ਵੀ ਦੋਸ਼ ਲਗਾਇਆ ਕਿ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਵਾਧੂ ਪੈਸੇ ਵੀ ਵਸੂਲ ਕਰਦਾ ਰਿਹਾ ਹੈ। ਇਹ ਮਾਮਲਾ ਕਮੇਟੀ ਨੇ ਜ਼ਿਲੇ ਪੱਧਰ ’ਤੇ ਓਵਰ ਚਾਰਜਿੰਗ ਬਾਰੇ ਬਣੀ ਕਮੇਟੀ ਕੋਲ ਅਗਲੇਰੀ ਕਾਰਵਾਈ ਲਈ ਭੇਜਣ ਦੀ ਸਿਫਾਰਿਸ਼ ਕੀਤੀ ਹੈ। ਡਿਪਟੀ ਕਮਿਸ਼ਨਰ ਸ. ਖਹਿਰਾ ਨੇ ਉਕਤ ਕਮੇਟੀ ਦੀ ਰਿਪੋਰਟ ਤੋਂ ਬਾਅਦ ਹਸਪਤਾਲ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਅਧੀਨ ਇਲਾਜ ਕਰਨ ਦੀ ਸੁਵਿਧਾ ਨੂੰ ਰੋਕਣ ਲਈ ਵੀ ਰਾਜ ਸਰਕਾਰ ਨੂੰ ਪੱਤਰ ਲਿਖਣ ਦੀ ਹਦਾਇਤ ਕੀਤੀ ਹੈ। ਉੁਨ੍ਹਾਂ ਕਿਹਾ ਕਿ ਇਹ ਰਿਪੋਰਟ ਸਿਹਤ ਵਿਭਾਗ ਪੰਜਾਬ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾ ਰਹੀ ਹੈ।


Bharat Thapa

Content Editor

Related News