51 ਲੱਖ ਖਰਚਣ ਦੇ ਬਾਵਜੂਦ ਤਪਾ ਦੇ 88 ਸੀ.ਸੀ.ਟੀ.ਵੀ. ਕੈਮਰੇ ਮਹੀਨਿਆਂ ਤੋਂ ਬੰਦ
Monday, Nov 16, 2026 - 04:54 PM (IST)
ਤਪਾ ਮੰਡੀ (ਸ਼ਾਮ ਗਰਗ): ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ ਪ੍ਰਸ਼ਾਸਨਿਕ ਲਾਪਰਵਾਹੀ ਦੀ ਭੇਟ ਚੜ੍ਹ ਗਏ ਹਨ। ਤਪਾ ਸ਼ਹਿਰ ਵਿੱਚ ਕਰੀਬ 50.92 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ 88 ਸੀ.ਸੀ.ਟੀ.ਵੀ. ਕੈਮਰੇ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਹਨ। ਇਸ ਕਾਰਨ ਸ਼ਹਿਰ ਦੀ ਸੁਰੱਖਿਆ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਹ ਪ੍ਰੋਜੈਕਟ ਸਾਬਕਾ ਨਗਰ ਕੌਂਸਲ ਪ੍ਰਧਾਨ ਡਾ. ਸੋਨਿਕਾ ਬਾਂਸਲ ਦੇ ਯਤਨਾਂ ਸਦਕਾ ਸ਼ੁਰੂ ਕੀਤਾ ਗਿਆ ਸੀ। ਇਸ ਤਹਿਤ ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ, ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਕੈਮਰੇ ਲਗਾਏ ਗਏ ਸਨ, ਤਾਂ ਜੋ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਆਵਾਜਾਈ ’ਤੇ ਨਜ਼ਰ ਰੱਖੀ ਜਾ ਸਕੇ। ਪਹਿਲਾਂ ਇਨ੍ਹਾਂ ਕੈਮਰਿਆਂ ਦੀ ਫੁਟੇਜ ਪੁਲਿਸ ਨੂੰ ਅਪਰਾਧਿਕ ਮਾਮਲਿਆਂ ਦੀ ਜਾਂਚ ਵਿੱਚ ਕਾਫ਼ੀ ਸਹਾਇਤਾ ਦਿੰਦੀ ਰਹੀ ਹੈ।
ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਕੈਮਰਿਆਂ ਨੂੰ ਚਾਲੂ ਕਰਵਾਉਣ ਲਈ ਸਬੰਧਤ ਠੇਕੇਦਾਰ ਨਾਲ ਕਈ ਵਾਰ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਜਵਾਬ ਨਹੀਂ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਬੰਦ ਹੋਣ ਸਮੇਂ ਬੈਟਰੀ ਬੈਕਅੱਪ ਦੀ ਢੁੱਕਵੀਂ ਵਿਵਸਥਾ ਨਾ ਹੋਣਾ ਵੀ ਸਮੱਸਿਆ ਬਣਿਆ ਹੋਇਆ ਹੈ।
ਇਸ ਸਬੰਧੀ ਸਮਾਜ ਸੇਵੀ ਬਸੰਤ ਲਾਲ ਭੋਲਾ,ਧਰਮ ਪਾਲ ਬਾਂਸਲ ਅਤੇ ਰਾਕੇਸ਼ ਗੋਇਲ ਤਾਜੋਕੇ ਦਾ ਕਹਿਣਾ ਕਿ ਕੈਮਰੇ ਬੰਦ ਹੋਣ ਕਾਰਨ ਪੁਲਸ ਨੂੰ ਅਪਰਾਧਿਕ ਘਟਨਾਵਾਂ ਦੀ ਜਾਂਚ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਲੋੜ ਹੈ ਕਿ ਸਬੰਧਤ ਵਿਭਾਗ ਅਤੇ ਠੇਕੇਦਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਕੈਮਰਿਆਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਚਾਲੂ ਕਰਨ, ਤਾਂ ਜੋ ਪੁਲਿਸ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ਮੁੜ ਸੁਚਾਰੂ ਢੰਗ ਨਾਲ ਕੰਮ ਕਰ ਸਕੇ।
