''ਭਾਜਪਾ ਆਗੂਆਂ ’ਤੇ ਹੋ ਰਹੇ ਹਮਲਿਆਂ ਲਈ ਜ਼ਿੰਮੇਵਾਰ ਕੇਂਦਰ ਦਾ ਕਿਸਾਨਾਂ ਪ੍ਰਤੀ ਅਣਮਨੁੱਖੀ ਵਰਤਾਰਾ''
Monday, Mar 29, 2021 - 12:31 AM (IST)
ਚੰਡੀਗੜ੍ਹ,(ਸ਼ਰਮਾ)- ਆਮ ਆਦਮੀ ਪਾਰਟੀ ਨੇ ਬੀਤੇ ਕੱਲ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ’ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰਿਕ ਦੇਸ਼ ਵਿਚ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਇਸ ਲਈ ਦੋਵਾਂ ਧਿਰਾਂ ਵਲੋਂ ਬਰਾਬਰ ਵਾਰਤਾਲਾਪ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਇਹੀ ਤਾਕਤ ਸੀ ਕਿ ਇਸ ਅੰਦੋਲਨ ਵਿਚ ਹੁਣ ਤੱਕ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਇਸੇ ਕਰਕੇ ਹੀ ਇਹ ਅੰਦੋਲਨ ਅੱਜ ਦੁਨੀਆ ਦਾ ਸਭ ਤੋਂ ਵੱਡਾ ਅਤੇ ਸ਼ਾਂਤਮਈ ਢੰਗ ਨਾਲ ਚੱਲਣ ਵਾਲਾ ਅੰਦੋਲਨ ਬਣ ਚੁੱਕਿਆ ਹੈ। ਅੰਦੋਲਨ ਨੂੰ ਆਪਣੀ ਜਿੱਤ ਤੱਕ ਅੱਗੇ ਵਧਾਉਣ ਲਈ ਕਿਸਾਨ ਸ਼ਾਂਤੀ ਬਣਾਈ ਰੱਖਣ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 2963 ਨਵੇਂ ਮਾਮਲੇ ਆਏ ਸਾਹਮਣੇ, 69 ਦੀ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਮਹੀਨਿਆਂ ਤੋਂ ਦਿਨ ਰਾਤ ਸੜਕਾਂ ’ਤੇ ਹਰ ਮੁਸੀਬਤ ਦਾ ਸਾਹਮਣਾ ਕਰਦਾ ਹੋਇਆ ਸੰਘਰਸ਼ ਕਰ ਰਿਹਾ ਹੈ ਪਰ ਕੁਝ ਭਾਜਪਾ ਆਗੂ ਕਿਸਾਨਾਂ ਵਿਰੁੱਧ ਬਹੁਤ ਮੰਦਭਾਗੀ ਭਾਸ਼ਾ ਵਰਤ ਰਹੇ ਹਨ। ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ ਅਤੇ ਗੱਦਾਰ ਕਿਹਾ, ਜਿਸ ਕਾਰਨ ਲੋਕਾਂ ਵਿਚ ਭਾਰੀ ਗੁੱਸਾ ਹੈ ਅਤੇ ਉਹ ਭਾਜਪਾ ਦਾ ਵਿਰੋਧ ਕਰ ਰਹੇ ਹਨ। ਮੋਦੀ ਸਰਕਾਰ ਵਲੋਂ ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਨਾ ਲੈ ਕੇ ਪੰਜਾਬ ਵਿਚ ਇਕ ਭਾਈਚਾਰਕ ਸਾਂਝ ਤੋੜਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਦਾ ਅੜੀਅਲ ਰਵੱਈਆ ਜਿੱਥੇ ਦੇਸ਼ ਨੂੰ ਤਰੱਕੀ ਦੇ ਰਾਹ ਤੋਂ ਲਾਹ ਰਿਹਾ ਹੈ, ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਤੋੜ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਤੁਰੰਤ ਕਾਲੇ ਕਾਨੂੰਨ ਰੱਦ ਕਰੇ।
ਇਹ ਵੀ ਪੜ੍ਹੋ : 'ਕੈਪਟਨ ਦੱਸਣ ਕਿ ਲੋਕਾਂ ਵੱਲੋਂ ਚੁਣੇ ਨੁਮਾਇੰਦੇ ਨੂੰ ਸਰੇ-ਬਾਜ਼ਾਰ ਨਿਰਵਸਤਰ ਕਰਨਾ ਕਿੱਥੋਂ ਦੀ ਸ਼ਰਾਫਤ'
ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਹੋਣ ਦਾ ਸਬੂਤ ਦਿੰਦੇ ਹੋਏ ਕੇਂਦਰ ਸਰਕਾਰ ਵਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਵਾਜ਼ ਉਠਾਉਣ।