ਉਮਰਾਨੰਗਲ ਨੂੰ ਉਚਿਤ ਸੁਰੱਖਿਆ ਉਪਲੱਬਧ ਕਰਵਾਉਣ ਲਈ ਕੇਂਦਰ ਨੇ ਭੇਜਿਆ ਪੰਜਾਬ ਨੂੰ ਪੱਤਰ

2021-09-15T11:43:53.887

ਚੰਡੀਗੜ੍ਹ (ਰਮਨਜੀਤ) : ਕੋਟਕਪੂਰਾ ਅਤੇ ਬਹਿਬਲਕਲਾਂ ਫਾਇਰਿੰਗ ਮਾਮਲਿਆਂ ਕਾਰਣ ਜਾਂਚ ਦੇ ਦਾਇਰੇ ਵਿਚ ਅਤੇ ਪਿਛਲੇ ਲੰਬੇ ਸਮੇਂ ਤੋਂ ਸਸਪੈਂਡ ਚੱਲ ਰਹੇ ਪੰਜਾਬ ਪੁਲਸ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਚਿਤ ਸੁਰੱਖਿਆ ਉਪਲੱਬਧ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਪੱਤਰ ਭੇਜਿਆ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਉਮਰਾਨੰਗਲ ਪਰਿਵਾਰ ਨੂੰ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਖਤਰੇ ਨੂੰ ਵੇਖਦਿਆਂ ਉਚਿਤ ਸੁਰੱਖਿਆ ਵਿਵਸਥਾ ਕੀਤੀ ਜਾਵੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਵੀ. ਆਈ. ਪੀ. ਸੁਰੱਖਿਆ ਵਿੰਗ ਵਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਵਲੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਵਿਵਸਥਾ ਦੇ ਸਬੰਧ ਵਿਚ ਇਕ ਪੱਤਰ ਲਿਖ ਕੇ ਕੇਂਦਰੀ ਗ੍ਰਹਿ ਮੰਤਰਾਲ ਤੋਂ ਸੁਰੱਖਿਆ ਮੰਗੀ ਗਈ ਹੈ।

 

PunjabKesari

ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪਰਮਰਾਜ ਸਿੰਘ ਉਮਰਾਨੰਗਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਅਤੇ ਥ੍ਰੇਟ ਪਰਸੈਪਸ਼ਨ ਸਬੰਧੀ ਕੇਂਦਰੀ ਖੁਫ਼ੀਆ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਸੀ, ਜਿਸ ਵਿਚ ਪੰਜਾਬ ਵਿਚ ਅੱਤਵਾਦ ਦੇ ਦੌਰ ਵਿਚ ਪਰਮਰਾਜ ਉਮਰਾਨੰਗਲ ਦੇ ਪਿਤਾ ਦੀ ਭਿੰਡਰਾਂਵਾਲਾ ਟਾਈਗਰਸ ਫੋਰਸ ਨਾਲ ਹੋਏ ਇਕ ਮੁਕਾਬਲੇ ਵਿਚ 1987 ਦੌਰਾਨ ਹੋਈ ਮੌਤ ਦਾ ਵੀ ਜ਼ਿਕਰ ਕੀਤਾ ਗਿਆ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਉਸ ਤੋਂ ਬਾਅਦ ਉਮਰਾਨੰਗਲ ਪਰਿਵਾਰ ’ਤੇ 1988 ਵਿਚ ਹੋਏ ਅੱਤਵਾਦੀ ਹਮਲੇ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਬੇਅਦਬੀ ਨਾਲ ਜੁੜੀਆਂ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਬਾਰੀ ਘਟਨਾਵਾਂ ਵਿਚ ਪਰਮਰਾਜ ਸਿੰਘ ਉਮਰਾਨੰਗਲ ਦੀ ਭੂਮਿਕਾ ਸ਼ੱਕ ਦੇ ਘੇਰੇ ਵਿਚ ਹੋਣ ਅਤੇ ਜਾਂਚ ਟੀਮ ਵਲੋਂ ਮੁਲਜ਼ਮ ਬਣਾਏ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿਖਸ ਫਾਰ ਜਸਟਿਸ ਨਾਮਕ ਭਾਰਤ ਵਲੋਂ ਆਤੰਕੀ ਐਲਾਨੇ ਸੰਗਠਨ ਵਲੋਂ ਵੀ ਉਮਰਾਨੰਗਲ ਪਰਿਵਾਰ ਦੇ ਮੈਬਰਾਂ ਦੀ ਜਾਣਕਾਰੀ ਇਕੱਠਾ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਨ੍ਹਾਂ ਸਾਰੇ ਤੱਥਾਂ ਦਾ ਜ਼ਿਕਰ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਥ੍ਰੇਟ ਪਰਸੈਪਸ਼ਨ ਨੂੰ ਪੂਰੀ ਤਰ੍ਹਾਂ ਧਿਆਨ ਵਿਚ ਰੱਖਦਿਆਂ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਨੂੰ ਉਚਿਤ ਸੁਰੱਖਿਆ ਵਿਵਸਥਾ ਉਪਲੱਬਧ ਕਰਵਾਈ ਜਾਵੇ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਨੂੰ ਐੱਨ. ਏ. ਬੀ. ਐੱਚ. ਵਲੋਂ ਮਿਲੀ ਮਾਨਤਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor Anuradha