ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਕਾਨੂੰਨ ਨੂੰ ਸਖਤ ਬਣਾਏ : ਸੁਖਜਿੰਦਰ ਰੰਧਾਵਾ
Saturday, Feb 12, 2022 - 10:56 AM (IST)
ਜਲੰਧਰ (ਧਵਨ) : ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਮੰਗ ਕੀਤੀ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਲਈ ਕਾਨੂੰਨ ਨੂੰ ਸਖਤ ਬਣਾਉਣ ਦੀ ਲੋੜ ਹੈ। ਰੰਧਾਵਾ ਜਿਨ੍ਹਾਂ ਦੇ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਪੰਜਾਬ ’ਚ ਪਿਛਲੇ ਸਮੇਂ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਜੇ ਨਜ਼ਰ ਮਾਰੀ ਜਾਵੇ ਤਾਂ ਪਤਾ ਲਗਦਾ ਹੈ ਕਿ ਕਾਨੂੰਨ ਜ਼ਿਆਦਾ ਸਖਤ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਸ ਸਬੰਧ ’ਚ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਬੇਅਦਬੀ ਦੇ ਮਾਮਲਿਆਂ ’ਚ ਸਖਤ ਸਜ਼ਾ ਦੇਣ ਲਈ ਕਾਨੂੰਨ ਨੂੰ ਸਖਤ ਬਣਾਇਆ ਜਾਵੇ। ਦੋਸ਼ੀਆਂ ਦੀ ਜ਼ਮਾਨਤ ਨਹੀਂ ਹੋਣੀ ਚਾਹੀਦੀ ਅਤੇ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਦਾਅਵਾ, ਡਰ ਕਾਰਨ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ
ਰੰਧਾਵਾ ਨੇ ਕਿਹਾ ਕਿ ਉਹ ਤਾਂ ਪਿਛਲੇ 5 ਸਾਲਾਂ ਤੋਂ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਅਤੇ ਉਨ੍ਹਾਂ ਦੇ ਕੇਸਾਂ ’ਚ ਤੇਜ਼ੀ ਨਾਲ ਪੈਰਵੀ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਦੀ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਸੀ। ਇਸੇ ਕਾਰਨ ਉਨ੍ਹਾਂ ਨੇ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤੀ ਸੀ ਪਰ ਕਾਂਗਰਸ ਹਾਈਕਮਾਨ ਦੇ ਕਹਿਣ ’ਤੇ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲਿਆ ਸੀ। ਰੰਧਾਵਾ ਨੇ ਦੋਸ਼ ਲਗਾਇਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਢੇ 4 ਸਾਲਾਂ ਤੱਕ ਨਸ਼ਿਆਂ ਖਿਲਾਫ ਵੀ ਪ੍ਰਭਾਵੀ ਕਾਰਵਾਈ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਬੇਅਦਬੀ ਅਤੇ ਨਸ਼ਿਆਂ ਦਾ ਮਾਮਲੇ ਉਠਾਉਂਦੇ ਸਨ ਤਾਂ ਉਸ ਦੇ ਬਾਵਜੂਦ ਉਹ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਸਨ।
ਇਹ ਵੀ ਪੜ੍ਹੋ : ਮੇਰਾ ਚੋਣ ਲੜਨ ਦਾ ਮਨ ਨਹੀਂ ਸੀ ਪਰ ਪਾਰਟੀ ਦਾ ਹੁਕਮ ਸਿਰ ਮੱਥੇ : ਪ੍ਰਕਾਸ਼ ਸਿੰਘ ਬਾਦਲ
ਉਨ੍ਹਾਂ ਕਿਹਾ ਕਿ ਜੇ ਅੱਜ ਸਿਆਸੀ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਖ਼ਰਾਬ ਹੋਈ ਤਾਂ ਉਸ ਲਈ ਜ਼ਿੰਮੇਵਾਰੀ ਵੀ ਉਨ੍ਹਾਂ ’ਤੇ ਆਉਂਦੀ ਹੈ, ਜਿਨ੍ਹਾਂ ਨੇ ਗੁਰੂ ਦੀ ਝੂਠੀ ਕਸਮ ਖਾਧੀ ਸੀ ਅਤੇ ਸੂਬੇ ’ਚੋਂ ਨਸ਼ਿਆਂ ਨੂੰ ਖਤਮ ਨਹੀਂ ਕੀਤਾ। ਜੇਲਾਂ ’ਚ ਨਸ਼ਿਆਂ ’ਤੇ ਰੋਕ ਲਗਾਉਣ ਦੇ ਸਬੰਧ ’ਚ ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਸਖਤੀ ਨਾਲ ਜੇਲਾਂ ਦੇ ਅੰਦਰ ਮੋਬਾਇਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ’ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਸ ਅਧਿਕਾਰੀ ਹਰਪ੍ਰੀਤ ਸਿੱਧੂ ਨੂੰ ਪੂਰੀ ਛੋਟ ਦਿੱਤੀ ਜਾਣੀ ਚਾਹੀਦੀ ਹੈ, ਇਸ ਨਾਲ ਸੂਬੇ ’ਚ ਨਸ਼ਿਆਂ ਨੂੰ ਖਤਮ ਕਰਨ ’ਚ ਮਦਦ ਮਿਲੇਗੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?