ਕੇਂਦਰ PU ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਲਵੇ ਵਾਪਸ : ਅਕਾਲੀ ਦਲ

Friday, Jun 10, 2022 - 10:47 PM (IST)

ਕੇਂਦਰ PU ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਲਵੇ ਵਾਪਸ : ਅਕਾਲੀ ਦਲ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਆਪਣੀ ਤਜਵੀਜ਼ ਤੁਰੰਤ ਵਾਪਸ ਲਵੇ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਕਿਸੇ ਵੀ ਕੀਮਤ ’ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਾਉਣ ਦੇਣਗੇ। ਵਿਦਿਆਰਥੀਆਂ ਨਾਲ ਹੋਈ ਬਦਸਲੂਕੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਗੱਲ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ, ਜਿਵੇਂ ਇਕ ਤੋਂ ਬਾਅਦ ਇਕ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਸਿੰਡੀਕੇਟ ਤੇ ਸੈਨੇਟ ਦੇ ਨਾਲ ਹੈ ਤਾਂ ਜੋ ਯੂਨੀਵਰਸਿਟੀ ਦਾ ਵਿਲੱਖਣ ਸਰੂਪ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ’ਚ ਕੋਈ ਵੀ ਤਬਦੀਲੀ ਨਾ ਹੋਣੀ ਯਕੀਨੀ ਨਾ ਬਣਾਈ ਗਈ ਤਾਂ ਅਸੀਂ ਕੋਈ ਵੀ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਾਂਗੇ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਦਿੱਲੀ ਪੁਲਸ ਦਾ ਵੱਡਾ ਖ਼ੁਲਾਸਾ, 6 ਸ਼ੂਟਰਾਂ ਦੀ ਹੋਈ ਪਛਾਣ

ਅਕਾਲੀ ਦਲ ਦੇ ਬੁਲਾਰੇ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿਚ ਅਦਾਲਤ ਵਿਚ ਸਹੀ ਪੈਰਵੀ ਨਾ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਤੁਰੰਤ ਆਪਣੀ ਗਲਤੀ ਸੁਧਾਰਨੀ ਚਾਹੀਦੀ ਹੈ ਤੇ ਕੇਂਦਰ ਸਰਕਾਰ ਨੂੰ ਆਖਣਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ’ਤੇ ਕੋਈ ਗੱਲਬਾਤ ਨਹੀਂ ਹੋ ਸਕਦੀ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀਆਂ ਦੇ ਮਾਣ ਦਾ ਪ੍ਰਤੀਕ ਹੈ, ਜੋ ਨਹੀਂ ਚਾਹੁੰਦੇ ਕਿ ਇਸ ਦੇ ਸਰੂਪ ਨਾਲ ਕਿਸੇ ਤਰੀਕੇ ਵੀ ਛੇੜਛਾੜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪੰਜਾਬ ਦੇ ਅਮੀਰ ਤੇ ਵਿਲੱਖਣ ਸੱਭਿਆਚਾਰ ਦਾ ਪ੍ਰਤੀਕ ਹੈ ਤੇ ਇਸ ਦੇ ਅਧਿਕਾਰ ਖੇਤਰ ਵਿਚ ਤਬਦੀਲੀ ਦੇ ਕਿਸੇ ਵੀ ਕੇਂਦਰੀ ਕਦਮ ਨੂੰ ਸੂਬੇ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ ਮੰਨਿਆ ਜਾਵੇਗਾ। ਅਕਾਲੀ ਆਗੂ ਨੇ ਜ਼ੋਰ ਦੇ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਨੂੰ ਹਲਕੇ ਵਿਚ ਨਾ ਲੈਣ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦੇ ਹੱਕ ਨੂੰ ਖੋਰਾ ਲਾਉਣ ਲਈ ਅਣਗਿਣਤ ਸਾਜ਼ਿਸ਼ਾਂ ਰਚੀਆਂ ਗਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਇਹ ਸੰਘਰਸ਼ ਲੜਿਆ ਹੈ ਕਿ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਕੋਈ ਛੇੜਖਾਨੀ ਨਾ ਹੋਵੇ। ਉਨ੍ਹਾਂ ਉਦਾਹਰਣ ਦਿੱਤੀ ਕਿ ਕਿਵੇਂ ਅਕਾਲੀ ਦਲ ਨੇ ਪ੍ਰਸ਼ਾਸਕੀ ਸੁਧਾਰਾਂ ਦੇ ਨਾਂ ’ਤੇ ਯੂਨੀਵਰਸਿਟੀ ਦੇ ਖੇਤਰੀ ਅਧਿਕਾਰ ਖੇਤਰ ਵਿਚ ਕਟੌਤੀ ਲਈ ਉੱਚ ਤਾਕਤੀ ਕਮੇਟੀ ਦੀ ਸਿਫਾਰਿਸ਼ ਦਾ ਵਿਰੋਧ ਕੀਤਾ ਤੇ ਨਾਲ ਹੀ ਸਿੰਡੀਕੇਟ ’ਚ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ’ਤੇ ਸਿਰਫ ਐਕਸ ਆਫੀਸ਼ੀਓ ਤੇ ਨਾਮਜ਼ਦ ਮੈਂਬਰ ਰੱਖਣ ਦਾ ਵਿਰੋਧ ਕੀਤਾ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨ ਭੇਟ

ਡਾ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਚੰਡੀਗੜ੍ਹ ’ਤੇ ਪੰਜਾਬ ਦੀਆਂ ਤਾਕਤਾਂ ’ਤੇ ਵੀ ਖੋਰਾ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਚੰਡੀਗੜ੍ਹ ਵਿਚ ਪੰਜਾਬ ਦੇ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਦੀ ਗੱਲ ਹੋਵੇ, ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਪੰਜਾਬੀ ਦੀ ਅਹਿਮੀਅਤ ਘਟਾਉਣ ਦੀ ਗੱਲ ਹੋਵੇ ਜਾਂ ਫਿਰ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੀ ਗੱਲ ਹੋਵੇ, ਪੰਜਾਬ ਦੇ ਚੰਡੀਗੜ੍ਹ ’ਤੇ ਹੱਕ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਤੇ ਇਹ ਰੁਝਾਨ ਖਤਮ ਹੋਣਾ ਚਾਹੀਦਾ ਹੈ।
 


author

Manoj

Content Editor

Related News