ਕੇਂਦਰ ਸਰਕਾਰ ਦੇਸ਼ ਦੇ ਸਮੁੱਚੇ ਧਾਰਮਿਕ ਸਥਾਨਾਂ ਨੂੰ ਜੀ.ਐਸ.ਟੀ. ਤੋਂ ਮੁਕਤ ਕਰੇ : ਬਡੂੰਗਰ

07/21/2017 5:17:16 PM

ਨਾਭਾ (ਜਗਨਾਰ) : ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਜੋ ਧਾਰਮਿਕ ਸਥਾਨਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਂਦਾ ਹੈ, ਉਸ ਨਾਲ ਇਕੱਲੀ ਸ਼੍ਰੋਮਣੀ ਕਮੇਟੀ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ, ਇਸ ਕਰਕੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਧਾਰਮਿਕ ਅਸਥਾਨਾਂ ਨੂੰ ਵੀ ਜੀ.ਐਸ.ਟੀ. ਤੋਂ ਮੁਕਤ ਕਰੇ। ਇਹ ਵਿਚਾਰ ਐੱਸ. ਜੀ. ਪੀ. ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨਾਂ ਵਿਚ ਯਾਤਰੀਆਂ ਦੇ ਰਹਿਣ ਲਈ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਲੰਗਰ ਅਤੇ ਸਿਹਤ ਸਹੂਲਤਾਂ ਲਈ ਹਸਪਤਾਲਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ, ਜਿਸ ਕਰਕੇ ਸਮੁੱਚੀ ਸਿੱਖ ਕੌਮ ਦੀ ਮੰਗ ਹੈ ਕਿ ਐਸ.ਜੀ.ਪੀ.ਸੀ. ਨੂੰ ਜੀ.ਐਸ.ਟੀ. ਤੋਂ ਬਾਹਰ ਰੱਖਿਆ ਜਾਵੇ।
ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਕੋਨੇ ਵਿਚ ਜਦੋਂ ਕੋਈ ਕੁਦਰਤੀ ਆਫਤ ਆਉਂਦੀ ਹੈ ਤਾਂ ਐੱਸ. ਜੀ. ਪੀ. ਸੀ. ਹੀ ਇਕ ਅਜਿਹੀ ਸੰਸਥਾ ਹੈ ਜੋ ਬਿਨਾਂ ਭੇਦ-ਭਾਵ ਨਿਰਪੱਖਤਾ ਨਾਲ ਲੋਕਾਂ ਦੀ ਲੰਗਰ, ਦਵਾਈਆਂ ਅਤੇ ਕੱਪੜੇ ਦੇਣ ਦੀ ਸੇਵਾ ਕਰਦੀ ਹੈ। ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ 'ਤੇ ਕਿ ਜੇਕਰ ਕੇਂਦਰ ਸਰਕਾਰ ਨੇ ਐਸ.ਜੀ.ਪੀ.ਸੀ. ਨੂੰ ਜੀ.ਐਸ.ਟੀ. ਤੋਂ ਮੁਕਤ ਨਾ ਕੀਤਾ ਤਾਂ ਅਗਲਾ ਪ੍ਰੋਗਰਾਮ ਕੀ ਹੋਵੇਗਾ ਤਾਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਇਕੱਤਰਤਾ ਕਰਨਗੇ ਤਾਂ ਜੋ ਅਗਲੇਰੀ ਕਾਰਵਾਈ ਲਈ ਵਿਚਾਰਾਂ ਕੀਤੀਆਂ ਜਾ ਸਕਣ।