ਕਿਸਾਨਾਂ ਦੀ ਜੰਗ ਸਭ ਮਿਲ ਕੇ ਲੜਨ ਤਾਂ ਹੀ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕਦੈ : ਸੁਖਬੀਰ
Monday, Oct 12, 2020 - 01:40 AM (IST)
ਅੰਮ੍ਰਿਤਸਰ, (ਅਨਜਾਣ)- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੇਂਦਰ ਸਰਕਾਰ ਨੇ ਅਜੇ ਤਕ ਕਿਸਾਨਾਂ ਅਤੇ ਦੂਸਰੀਆਂ ਪਾਰਟੀਆਂ ਨੂੰ ਸੁਣ ਕੇ ਕੋਈ ਵੀ ਹੱਲ ਨਹੀਂ ਲੱਭਿਆ। ਜਿਹੜੀ 8 ਮੈਂਬਰੀ ਕਮੇਟੀ ਸਰਕਾਰ ਨੇ ਬਣਾਈ ਹੈ, ਉਹ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਨਹੀਂ ਬਲਕਿ ਉਨ੍ਹਾਂ ਨੂੰ ਇਹ ਸਮਝਾਉਣ ਲਈ ਬਣਾਈ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਸਮਝਣ ਅਤੇ ਉਨ੍ਹਾਂ ’ਤੇ ਅਮਲ ਕਰਨ। ਕਿਸਾਨਾਂ ਦੇ ਹੱਕਾਂ ਦੀ ਜੰਗ ਸਭ ਨੂੰ ਮਿਲ ਕੇ ਲੜਨੀ ਚਾਹੀਦੀ ਹੈ, ਤਾਂ ਹੀ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕਦਾ ਹੈ। ਸਾਰੀਆਂ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਅੱਗੇ ਆਉਣ, ਅਸੀਂ ਉਨ੍ਹਾਂ ਦੇ ਪਿੱਛੇ ਲੱਗਾਂਗੇ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੈ ਅਤੇ ਇਹ ਕਿਸਾਨਾਂ ਦੀ ਹਮਾਇਤੀ ਹੈ। ਕਿਸਾਨ ਰੇਲਵੇ ਲਾਈਨਾਂ ਅਤੇ ਸੜਕਾਂ ’ਤੇ ਰੁਲ ਰਹੇ ਹਨ ਪਰ ਮੁੱਖ ਮੰਤਰੀ ਆਪਣੇ ਘਰੋਂ ਬਾਹਰ ਹੀ ਨਹੀਂ ਨਿਕਲ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਦੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ’ਤੇ ਅਧਾਰਿਤ ਤਿੰਨ ਮੈਂਬਰੀ ਕਮੇਟੀ ਬਣਾਈ ਹੈ, ਜੋ ਖੇਤਰੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰੇਗੀ।
ਕਿਸਾਨਾਂ ਦੇ ਹਿੱਤਾਂ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਜ਼ਮੀਰ ਮਰੀ : ਹਰਸਿਮਰਤ
ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੇ ਮਾਮਲੇ ’ਚ ਕੇਂਦਰ ਅਤੇ ਪੰਜਾਬ ਸਰਕਾਰ ਅੰਨੀ-ਬੋਲੀ ਅਤੇ ਗੂੰਗੀ ਹੋਣ ਦੇ ਨਾਲ-ਨਾਲ ਇਨ੍ਹਾਂ ਦੀ ਜ਼ਮੀਰ ਵੀ ਮਰ ਗਈ ਹੈ। ਤਿੰਨ ਹਫ਼ਤੇ ਪਹਿਲਾਂ ਸੁਖਬੀਰ ਨੇ ਕੈਪਟਨ ਨੂੰ ਕਿਹਾ ਸੀ ਕਿ ਉਹ ਅਦਾਲਤ ’ਚ ਜਾ ਕੇ ਅਤੇ ਸੈਸ਼ਨ ਬੁਲਵਾ ਕੇ ਕੇਂਦਰ ਦੇ ਕਾਲੇ ਕਾਨੂੰਨ ਨੂੰ ਰੋਕਣ ਦੀ ਕੋਸ਼ਿਸ਼ ਕਰਨ, ਕਿਸਾਨਾਂ ਦੀ ਆਵਾਜ਼ ਉਠਾਉਣ ਅਤੇ ਪੰਜਾਬ ਨੂੰ ਮੰਡੀ ਡਿਕਲੇਅਰ ਕਰਨ ਪਰ ਉਨ੍ਹਾਂ ਦੇ ਕੰਨਾਂ ’ਤੇ ਜੂੰ ਤਕ ਨਹੀਂ ਸਰਕੀ।