ਪੰਜਾਬ ''ਚ ਚੋਣ ਨਤੀਜਿਆਂ ਵਿਚਾਲੇ ਕੇਂਦਰ ਦਾ ਅਹਿਮ ਫ਼ੈਸਲਾ! ਆਖ਼ਰ ਮੰਨੀ ਗਈ ਮੰਗ, ਜਾਣੋ ਕਿੰਨਾ ਨੂੰ ਮਿਲਿਆ ''ਤੋਹਫ਼ਾ''
Wednesday, Dec 17, 2025 - 04:27 PM (IST)
ਬਰਨਾਲਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਜਿੱਥੇ ਇਕ ਪਾਸੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਚੋਣ ਨਤੀਜਿਆਂ ਦਾ ਐਲਾਨ ਹੋ ਰਿਹਾ ਹੈ, ਉੱਥੇ ਹੀ ਕੇਂਦਰ ਸਰਕਾਰ ਨੇ ਵੀ ਅਹਿਮ ਫ਼ੈਸਲਾ ਲਿਆ ਹੈ। ਕੇਂਦਰ ਨੇ ਬਰਨਾਲਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਬਰਨਾਲਾ ਵਿਚ ਠਹਿਰਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵੰਦੇ ਭਾਰਤ ਐਕਸਪ੍ਰੈੱਸ ਦਾ ਬਰਨਾਲੇ ਵਿਚ ਠਹਿਰਾਅ ਨਹੀਂ ਸੀ। ਇਸ ਲਈ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਜਿਵੇਂ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨਾਂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਤੇ ਹੋਰ ਆਗੂਆਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਬਰਨਾਲੇ ਵਿਚ ਵੀ ਵੰਦੇ ਭਾਰਤ ਐਕਸਪ੍ਰੈੱਸ ਦਾ ਠਹਿਰਾਅ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਨੇ ਤਾਂ ਉਨ੍ਹਾਂ ਨੂੰ ਇੱਥੋਂ ਤਕ ਆਖ਼ ਦਿੱਤਾ ਸੀ ਕਿ ਉਹ ਵੰਦੇ ਭਾਰਤ ਦਾ ਠਹਿਰਾਅ ਮਿਲਣ ਤੋਂ ਬਾਅਦ ਹੀ ਬਰਨਾਲੇ ਆਉਣ।
ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਵੇਖਦਿਆਂ ਅੱਜ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦਾ ਬਰਨਾਲੇ ਵਿਚ ਠਹਿਰਾਅ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਬਰਨਾਲੇ ਦੇ ਨਾਲ-ਨਾਲ ਮਾਲੇਰਕੋਟਲਾ, ਸੰਗਰੂਰ, ਮਾਨਸਾ ਦੇ ਲੋਕਾਂ ਨੂੰ ਵੀ ਬਹੁਤ ਫ਼ਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦਾ ਦਿੱਲੀ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਾਰੋਬਾਰੀਆਂ ਨੂੰ ਵੀ ਫ਼ਾਇਦਾ ਹੋਵੇਗਾ। ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਰੇਲਵੇ ਪ੍ਰਾਜੈਕਟਾਂ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ।
