ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ : ਐਡਵੋਕੇਟ ਧਾਮੀ
Tuesday, Jul 29, 2025 - 10:47 AM (IST)

ਅੰਮ੍ਰਿਤਸਰ (ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਨਾਲ ਨਾਲ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕੁਝ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਨੋਟੀਫਿਕੇਸ਼ਨ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇਕ ਇਤਿਹਾਸਕ ਮੌਕਾ ਹੈ, ਜਿਸ ’ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਜਲੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸੰਦੇਸ਼ਾਂ, ਉਪਦੇਸ਼ਾਂ ਅਤੇ ਪ੍ਰੇਰਣਾ ਦੀ ਸੇਧ ਵਿਚ ਸ਼੍ਰੋਮਣੀ ਕਮੇਟੀ ਹਮੇਸ਼ਾ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ ਅਤੇ ਇਸੇ ਦਿਸ਼ਾ ਵਿਚ ਗੁਰੂ ਨਾਨਕ ਹਸਪਤਾਲ ਵਿਖੇ ਮਰੀਜ਼ਾਂ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸੇਵਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਤੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਭੇਜੀ ਜਾਇਆ ਕਰੇਗੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਯੂਨੀਵਰਸਿਟੀ ਵੱਲੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਅਤੇ ਨਿਸ਼ਚੈ ਜੂਡੀਸ਼ਲੀ ਅਕੈਡਮੀ ਦੀ ਲਗਾਤਾਰਤਾ ਵਿਚ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਵੇਗੀ। ਚੁਣੇ ਗਏ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਦੀ ਮੁਫ਼ਤ ਪੜ੍ਹਾਈ ਅਤੇ ਮਹੀਨਾਵਾਰ ਵਜੀਫ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ
ਰਾਜਸਥਾਨ ’ਚ ਬੀਤੇ ਕੱਲ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦੇ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵੀ ਇਸ ਦੇਸ਼ ਦੇ ਬਾਸ਼ਿੰਦੇ ਹਨ ਅਤੇ ਇਥੋਂ ਦੇ ਤਰੱਕੀ ਅਤੇ ਸੁਰੱਖਿਆ ਲਈ ਸਿੱਖਾਂ ਨੇ ਵੱਡੀਆਂ ਘਾਲਨਾਵਾਂ ਘਾਲੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਪੰਜ ਕਕਾਰ ਰੱਖਣ ਦੀ ਖੁੱਲ੍ਹ ਦਿੰਦਾ ਹੈ ਤਾਂ ਕੁਝ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਹਰਕਤਾਂ ਸਿੱਖ ਮਨਾਂ ਨੂੰ ਸੱਟ ਮਾਰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹਾ ਮਾਮਲਾ ਆਇਆ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਸੰਸਥਾ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8