ਕੇਂਦਰ ਸਰਕਾਰ ਪੰਜਾਬੀਆਂ ਦੇ ਲੰਬਿਤ ਮਸਲੇ ਹੱਲ ਕਰੇ, ਸਾਡੇ ਲਈ ਪੰਥ ਅਤੇ ਪੰਜਾਬ ਦੇ ਹਿੱਤ ਵਡੇਰੇ : ਢੀਂਡਸਾ
Wednesday, Dec 22, 2021 - 03:49 PM (IST)
ਚੰਡੀਗੜ੍ਹ (ਅਸ਼ਵਨੀ) : ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਸਿੱਖ ਪੰਥ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖ ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦਾ ਐਲਾਨ ਕਰੇ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰਥ ਸੱਤਾ ਹਾਸਲ ਕਰਨਾ ਨਹੀਂ ਹੈ ਬਲਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ। ਪੰਜਾਬ ਅਤੇ ਖਾਸਕਰ ਸਿੱਖਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡਮੁਲਾ ਯੋਗਦਾਨ ਪਾਇਆ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਅਤੇ ਸਿੱਖਾਂ ਦੀਆਂ ਕੁਰਬਾਨੀਆਂ ਦਾ ਸਹੀ ਮੁੱਲ ਨਹੀ ਪਾਇਆ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਥਕ ਮਸਲਿਆਂ ਦਾ ਹੱਲ ਕੱਢੇ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮਜੀਠੀਆ ਖ਼ਿਲਾਫ਼ FIR ਦਰਜ ਕਰ ਕੇ ਸ਼੍ਰੋਅਦ ਨੂੰ ਨਿਸ਼ਾਨਾ ਬਣਾਇਆ : ਰੋਮਾਣਾ
ਜਿਨ੍ਹਾਂ ’ਚ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਪ੍ਰਵਾਸੀ ਪੰਜਾਬੀਆਂ ਦੀ ਕਾਲੀਆਂ ਸੂਚੀਆਂ ਦਾ ਖਾਤਮਾ, ਐੱਸ. ਜੀ. ਪੀ. ਸੀ. ਦੀਆਂ ਚੋਣਾਂ ਛੇਤੀ ਕਰਵਾਈਆਂ ਜਾਣ, 1984 ’ਚ ਘੱਲੂਘਾਰੇ ਮੌਕੇ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬੇਸ਼ਕੀਮਤੀ ਸਾਮਾਨ, ਪਾਵਨ ਬੀੜਾਂ ਅਤੇ ਇਤਿਹਾਸਿਕ ਦਸਤਾਵੇਜ਼ ਆਦਿ ਵਾਪਸ ਕਰਨਾ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਪੰਜਾਬ ਸਿਰ ਕਾਲੇ ਸਮੇਂ ਦੌਰਾਨ ਚੜ੍ਹੇ ਕਰਜੇ ਦੀ ਮੁਆਫ਼ੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਕਰਜੇ ਤੋਂ ਰਾਹਤ ਦਾ ਐਲਾਨ, ਇਸ ਤੋਂ ਇਲਾਵਾ ਪੰਜਾਬ ਦੀ ਨੌਜਵਾਨੀ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਸੂਬੇ ਦੀ ਤਰੱਕੀ ਲਈ ਖੇਤੀਬਾੜੀ ਆਧਾਰਤ ਸਨਅਤਾਂ ਵਿਕਸਤ ਕੀਤੀਆਂ ਜਾਣ। ਪੰਜਾਬ ਦੀ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਜਾਵੇ। ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਜਪਾ ਸਰਕਾਰ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਮੰਨ ਕੇ ਕਾਂਗਰਸ ਸਰਕਾਰਾਂ ਵਲੋਂ ਦਿੱਤੇ ਗਏ ਜ਼ਖਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰੇ।
ਇਹ ਵੀ ਪੜ੍ਹੋ : ਕਾਂਗਰਸ ਨੇ 84 ’ਚ ਸਿੱਖਾਂ ਦੀ ਵੱਡੇ ਪੈਮਾਨੇ ’ਤੇ ਲਿੰਚਿੰਗ ਕਰ ਕੇ ਦੇਸ਼ ਨੂੰ ਸ਼ਰਮਸਾਰ ਕੀਤਾ : ਚੁਘ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ