ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

Sunday, May 03, 2026 - 05:47 PM (IST)

ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਫਰੀਦਕੋਟ (ਰਾਜਨ): ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਵਿਚ ਬੰਦ ਇਕ ਕੈਦੀ ਵੱਲੋਂ ਐਤਵਾਰ ਸਵੇਰੇ ਆਪਣੀ ਬੈਰਕ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ।

ਮ੍ਰਿਤਕ ਦੀ ਪਛਾਣ ਸਵਰਨਜੀਤ ਸਿੰਘ ਵਾਸੀ ਪਿੰਡ ਲਾਲਚੀਆਂ, ਗੁਰੂਹਰਸਹਾਇ (ਜ਼ਿਲ੍ਹਾ ਫਿਰੋਜ਼ਪੁਰ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੇ ਖ਼ਿਲਾਫ਼ ਸਾਲ 2017 ਵਿੱਚ ਥਾਣਾ ਸਦਰ ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ ਅਤੇ ਉਹ ਉਸੇ ਮਾਮਲੇ ਵਿਚ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਸੀ। ਐਤਵਾਰ ਸਵੇਰੇ ਉਕਤ ਕੈਦੀ ਨੇ ਆਪਣੀ ਬੈਰਕ ਵਿਚ ਲੱਗੇ ਲੋਹੇ ਦੇ ਚੈਨਲ ਨਾਲ ਫਾਹਾ ਲਾ ਲਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਫਰੀਦਕੋਟ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਭੇਜ ਦਿੱਤਾ ਗਿਆ ਹੈ। ਪੁਲਸ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਅਗਲੀ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News