ਕੇਂਦਰੀ ਸਿੱਖ ਅਜਾਇਬ ਘਰ ''ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

11/25/2021 11:23:57 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਵਿਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਂਪੁਰਖ ਸਨ। ਸਹਿਜ, ਸੰਜਮ ਦੇ ਧਾਰਨੀ ਇਨ੍ਹਾਂ ਮਹਾਂਪੁਰਖਾਂ ਨੇ ਜਿਥੇ ਨਾਮ ਸਿਮਰਨ ਦੁਆਰਾ ਆਪਣਾ ਜੀਵਨ ਸਫ਼ਲ ਕੀਤਾ, ਉਥੇ ਹੀ ਸੰਗਤਾਂ ਨੂੰ ਵੀ ਉੱਤਮ ਜੀਵਨ ਜਿਊਣ ਲਈ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕੌਮ ਨੂੰ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਦੀ ਤਸਵੀਰ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ। ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News