ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ’ਤੇ ਕੇਂਦਰ ਨੇ ਬਹੁਤ ਦੇਰੀ ਨਾਲ ਲਿਆ ਫੈਸਲਾ : ਸਿਹਤ ਮੰਤਰੀ

Thursday, Jun 10, 2021 - 02:05 PM (IST)

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ’ਤੇ ਕੇਂਦਰ ਨੇ ਬਹੁਤ ਦੇਰੀ ਨਾਲ ਲਿਆ ਫੈਸਲਾ : ਸਿਹਤ ਮੰਤਰੀ

ਚੰਡੀਗੜ੍ਹ (ਅਸ਼ਵਨੀ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ ’ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿਚ ਲਏ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ। ਕੇਂਦਰ ਸਰਕਾਰ ਵਲੋਂ ਟੀਕੇ ਦੀ ਸਾਰੀ ਖਰੀਦ ਨੂੰ ਆਪਣੇ ਦਾਇਰੇ ਵਿਚ ਲੈਣ ਦੇ ਤਾਜ਼ਾ ਫੈਸਲੇ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਿਆਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਕੋਲ ਖ਼ਰੀਦ ਲਈ ਭਾਰਤ ਸਰਕਾਰ ਵਾਂਗ ਇਜ਼ਾਰੇਦਾਰੀ ਦਾ ਅਧਿਕਾਰ ਨਹੀਂ ਹੈ, ਜੋ ਦੇਸ਼ ਦੀ ਸਮੂਹ ਆਬਾਦੀ ਲਈ ਢੁੱਕਵੀਂ ਕੀਮਤ ’ਤੇ ਟੀਕਿਆਂ ਦੀ ਖ਼ਰੀਦ ਲਈ ਗੱਲਬਾਤ ਰਾਹੀਂ ਸਮਝੌਤਾ ਕਰ ਸਕਦੀਆਂ ਹਨ, ਕਿਉਂਕਿ ਭਾਰਤ ਸਰਕਾਰ ਕੋਵੀਸ਼ੀਲਡ ਟੀਕਾ 150 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਪ੍ਰਾਪਤ ਕਰ ਰਹੀ ਸੀ, ਜਦਕਿ ਸੂਬਾ ਸਰਕਾਰ ਨੂੰ ਇਸ ਲਈ ਜੀ.ਐੱਸ.ਟੀ. ਸਮੇਤ 315 ਰੁਪਏ ਅਦਾ ਕਰਨੇ ਪੈ ਰਹੇ ਸਨ।

ਇਹ ਵੀ ਪੜ੍ਹੋ : ਅਧਿਆਪਕਾਂ ’ਤੇ ਹੋਏ ਲਾਠੀਚਾਰਜ ’ਤੇ ਬੋਲੇ ਮਨਪ੍ਰੀਤ ਇਯਾਲੀ, ਕਿਹਾ, ਕਾਂਗਰਸ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ

ਸਿਹਤ ਮੰਤਰੀ ਨੇ ਮੋਦੀ ਸਰਕਾਰ ਨੂੰ ਇਹ ਵੀ ਸਲਾਹ ਦਿੱਤੀ ਕਿ ਸਮਾਜ ਦੇ ਸਾਰੇ ਵਰਗਾਂ ਨੂੰ ਮੁਫ਼ਤ ਟੀਕੇ ਲਗਾਉਣੇ ਚਾਹੀਦੇ ਹਨ ਕਿਉਂਕਿ ਭਾਜਪਾ ਨੇ ਚੋਣਾਂ ਦੌਰਾਨ ਕਈ ਰਾਜਾਂ ਵਿਚ ਐਲਾਨ ਕੀਤਾ ਸੀ ਕਿ ਸਾਰਿਆਂ ਨੂੰ ਮੁਫ਼ਤ ਕੋਵਿਡ ਟੀਕੇ ਮੁਹੱਈਆ ਕਰਵਾਏ ਜਾਣਗੇ। ਸਾਰਿਆਂ ਨੂੰ ਮੁਫ਼ਤ ਟੀਕਾ ਲਗਵਾਉਣ ਦੇ ਮੱਦੇਨਜ਼ਰ, ਭਾਰਤ ਸਰਕਾਰ ਨੂੰ ਨਿੱਜੀ ਅਦਾਰਿਆਂ ਨੂੰ ਦਿੱਤਾ 25 ਪ੍ਰਤੀਸ਼ਤ ਕੋਟਾ ਖ਼ਤਮ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਟੀਕਾਕਰਨ ਨੀਤੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਸ਼ੁਰੂਆਤ ਵਿਚ ਕੇਵਲ ਗਰੀਬ ਅਤੇ ਸਭ ਤੋਂ ਵੱਧ ਯੋਗ ਵਰਗਾਂ ਜਿਵੇਂ ਸਹਿ-ਬਿਮਾਰੀਆਂ ਵਾਲੇ ਪੀੜਤਾਂ, ਉਸਾਰੀ ਕਿਰਤੀਆਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਪਰਿਵਾਰ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਟੀਕੇ ਅਤੇ ਦਵਾਈ ਦੀ ਕੀਮਤ ਤੈਅ ਕਰਨਾ ਭਾਰਤ ਸਰਕਾਰ ਦੇ ਦਾਇਰੇ ਵਿਚ ਆਉਂਦਾ ਹੈ ਅਤੇ ਨਿੱਜੀ ਹਸਪਤਾਲਾਂ ਵਿਚ ਟੀਕੇ ਦੀਆਂ ਕੀਮਤਾਂ ਨਿਰਧਾਰਿਤ ਕਰਨ ਸਬੰਧੀ ਤਾਜ਼ਾ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਅਜਨਾਲਾ ’ਚ ਆਪ ਦੇ ਹਲਕਾ ਇੰਚਾਰਜ  ਦੇ ਖ਼ਿਲਾਫ਼ ਉਠੇ ਬਗਾਵਤੀ ਸੁਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News