ਬੰਦੀ ਸਿੰਘਾਂ ਦੀ ਰਿਹਾਈ ਦਾ ਕੇਂਦਰ ਅੱਜ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਚੋਣਾਂ ਤੋਂ ਹੋ ਜਾਵਾਂਗੀ ਲਾਂਭੇ : ਕਮਲਦੀਪ ਕੌਰ

Monday, Jun 20, 2022 - 06:13 PM (IST)

ਬੰਦੀ ਸਿੰਘਾਂ ਦੀ ਰਿਹਾਈ ਦਾ ਕੇਂਦਰ ਅੱਜ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਚੋਣਾਂ ਤੋਂ ਹੋ ਜਾਵਾਂਗੀ ਲਾਂਭੇ : ਕਮਲਦੀਪ ਕੌਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਥਕ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਮਲਦੀਪ ਕੌਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅੱਜ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਦੀ ਹੈ ਤਾਂ ਉਹ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਪਾਸੇ ਹੋ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ’ਤੇ ਰਾਜਨੀਤੀ ਕਰਨ ਦਾ ਦੋਸ਼ ਲਾਉਣ ਵਾਲਿਆਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸਪੱਸ਼ਟ ਕਿਹਾ ਹੈ ਕਿ ਨਾ ਤਾਂ ਉਨ੍ਹਾਂ ਨੂੰ ਰਾਜਨੀਤੀ ਆਉਂਦੀ ਹੈ ਤੇ ਨਾ ਹੀ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਹੈ। ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਉਹ ਸੰਗਰੂਰ ਹਲਕੇ ਤੋਂ ਸਿਰਫ ਇਸ ਕਰ ਕੇ ਚੋਣ ਮੈਦਾਨ ’ਚ ਹਨ ਕਿਉਂਕਿ ਉਨ੍ਹਾਂ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰ ’ਚੋਂ ਉਮੀਦਵਾਰ ਖੜ੍ਹਾ ਕਰਨ ਦੀ ਕੀਤੀ ਹਦਾਇਤ ਮਗਰੋਂ ਪੰਥਕ ਧਿਰਾਂ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਨਾ ਉਹ ਪਹਿਲਾਂ ਕਦੇ ਰਾਜਨੀਤੀ ’ਚ ਆਏ ਸਨ ਤੇ ਨਾ ਹੀ ਭਵਿੱਖ ’ਚ ਰਾਜਨੀਤੀ ’ਚ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵੇਂ ਆਗੂ ਇਹ ਕਹਿੰਦੇ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹੁਣ ਉਹ ਇਸ ਮਾਮਲੇ ’ਚ ਕਿਉਂ ਚੁੱਪ ਹਨ? ਕੀ ਉਹ ਪਹਿਲਾਂ ਰਾਜਨੀਤੀ ਕਰ ਰਹੇ ਸਨ?

ਇਹ ਵੀ ਪੜ੍ਹੋ : ਸੰਗਰੂਰ ਦੇ ਮਹਾਕਾਲੀ ਦੇਵੀ ਧਾਮ ਦੀ ਕੰਧ ’ਤੇ ਲਿਖੇ ਖਾਲਿਸਤਾਨੀ ਨਾਅਰੇ

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਖ਼ਿਲਾਫ ਜਬਰ ਤੇ ਜ਼ੁਲਮ 1984 ’ਚ ਸ਼ੁਰੂ ਹੋ ਗਏ ਸਨ ਤੇ 1989 ਤੋਂ 1993 ਦਾ ਦੌਰ ਸਿੱਖਾਂ ’ਤੇ ਕਹਿਰ ਢਾਹੁਣ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ 1989 ’ਚ ਜਦੋਂ ਸਿਮਰਨਜੀਤ ਸਿੰਘ ਮਾਨ ਨੂੰ ਭਾਰੀ ਬਹੁਮਤ ਨਾਲ ਲੋਕਾਂ ਨੇ ਜਿਤਾ ਕੇ ਭੇਜਿਆ ਸੀ, ਉਸ ਵੇਲੇ ਜੇਕਰ ਉਹ ਪਾਰਲੀਮੈਂਟ ’ਚ ਸਿੱਖਾਂ ਨਾਲ ਹੋ ਰਹੇ ਜਬਰ ਤੇ ਜ਼ੁਲਮ ਬਾਰੇ ਆਵਾਜ਼ ਬੁਲੰਦ ਕਰਦੇ ਤਾਂ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੀਆਂ ਜਾਨਾਂ ਵੀ ਬਚ ਸਕਦੀਆਂ ਸਨ ਤੇ ਦੁਨੀਆ ਭਰ ਦੇ ਲੋਕਾਂ ਨੂੰ ਇਹ ਪਤਾ ਵੀ ਲੱਗਣਾ ਸੀ ਕਿ ਪੰਜਾਬ ’ਚ ਕਿੰਨਾ ਜਬਰ ਤੇ ਜ਼ੁਲਮ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਥਕ ਪਰਿਵਾਰ ਦੇ ਮੈਂਬਰ ਹਨ। ਉਨ੍ਹਾਂ ਦੇ ਪਿਤਾ ਸਾਬਕਾ ਫੌਜੀ ਸਨ, ਜਿਨ੍ਹਾਂ ਨੇ 1962, 1965 ਅਤੇ 1971 ਦੀਆਂ ਜੰਗਾਂ ਦੇਸ਼ ਵਾਸਤੇ ਲੜੀਆਂ ਸਨ। ਉਨ੍ਹਾਂ ਦੀ ਭੈਣ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਤੇ ਭਰਾ ਨੂੰ ਮਾਰ ਕੇ ਲਾਸ਼ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਜਬਰ ਤੇ ਜ਼ੁਲਮ ਬਾਰੇ ਆਵਾਜ਼ ਬੁਲੰਦ ਕਰਨ ਵਾਸਤੇ ਉਹ ਚੋਣ ਮੈਦਾਨ ’ਚ ਆਏ ਹਨ। ਉਹ ਉਨ੍ਹਾਂ ਸਾਰੀਆਂ ਮਾਵਾਂ ਤੇ ਭੈਣਾਂ ਦੇ ਦਰਦ ਦੀ ਆਵਾਜ਼ ਚੁੱਕਣ ਆਏ ਹਨ, ਜਿਨ੍ਹਾਂ ਦੇ ਪੁੱਤਰ ਤੇ ਭਰਾ ਝੂਠੇ ਪੁਲਸ ਮੁਕਾਬਲਿਆਂ ’ਚ ਮਾਰ ਦਿੱਤੇ ਗਏ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਦੌਰੇ ਦੌਰਾਨ ਸੰਗਰੂਰ ਪਹੁੰਚੇ ਸ਼ਰਾਬ ਠੇਕੇਦਾਰਾਂ ਵੱਲੋਂ ਆਬਕਾਰੀ ਨੀਤੀ ਦਾ ਬਾਈਕਾਟ

ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਰਿਵਾਰ ’ਤੇ ਜ਼ੁਲਮ ਢਾਹੇ ਗਏ ਸਨ ਤਾਂ ਉਸ ਵੇਲੇ ਹਿੰਦੂ ਪਰਿਵਾਰ ਆ ਕੇ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹੋਏ ਸਨ। ਅੱਜ ਵੀ ਹਿੰਦੂ ਪਰਿਵਾਰ ਸਾਡੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ 28 ਸਾਲਾਂ ਤੋਂ ਫਾਂਸੀ ਦੀ ਚੱਕੀ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਲਈ ਆਵਾਜ਼ ਬੁਲੰਦ ਕਰਨਾ ਰਾਜਨੀਤੀ ਹੈ? ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਹਿੰਦੂ ਤੇ ਸਿੱਖਾਂ ਵਿਚਾਲੇ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕਿਸੇ ਵੀ ਧਰਮ, ਜਾਤੀ ਜਾਂ ਭਾਈਚਾਰੇ ਦੇ ਖ਼ਿਲਾਫ਼ ਨਹੀਂ ਹੈ ਬਲਕਿ ਗੁਰੂ ਸਾਹਿਬ ਦੇ ਦਰਸਾਏ ਅਨੁਸਾਰ ਸਾਰੇ ਵਰਗਾਂ ਨੂੰ ਨਾਲ ਲੈ ਕੇ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸੰਘਰਸ਼ ਕਰ ਰਹੇ ਹਾਂ।
 


author

Manoj

Content Editor

Related News