ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ

Monday, Nov 18, 2024 - 07:13 PM (IST)

ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤਾਂ ਜੋ 20 ਨਵੰਬਰ ਨੂੰ ਅਮਨ-ਅਮਾਨ ਨਾਲ ਵੋਟਿੰਗ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ 19 ਨਵੰਬਰ ਨੂੰ ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਤੋਂ ਆਪੋ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣਗੀਆਂ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੀ ਮੌਜੂਦਗੀ ਵਿਚ ਚੱਬੇਵਾਲ ਵਿਖੇ ਫਲੈਗ ਮਾਰਚ ਕੱਢਿਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਵੋਟਿੰਗ ਕਰਵਾਉਣ ਲਈ ਵਚਨਬੱਧ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਦਿਆਂ 1500 ਤੋਂ ਵੱਧ ਪੁਲਸ ਮੁਲਾਜ਼ਮ ਹਲਕੇ ਵਿਚ ਤਾਇਨਾਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿਚ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

ਇਹ ਵੀ ਪੜ੍ਹੋ- ਟਰੱਕ 'ਚ ਪਾਈ ਬੈਠੇ ਸਨ 'ਭੁੱਕੀ' ਦਾ ਫਰਸ਼, ਜੁਗਾੜ ਵੇਖ ਪੁਲਸ ਵੀ ਰਹਿ ਗਈ ਹੈਰਾਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਲਈ ਸੋਮਵਾਰ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਬਾਹਰੀ ਖੇਤਰਾਂ ਤੋਂ ਆਏ ਸਿਆਸੀ ਨੁਮਾਇੰਦਿਆਂ ਨੂੰ ਹਲਕਾ ਛੱਡਣਾ ਪਵੇਗਾ।ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਤੋਂ ਪਰੇ ਪੋਲਿੰਗ ਪਾਰਟੀਆਂ ਦੇ ਬੂਥ ਲਗਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਛੁੱਟੀ ਐਲਾਨੀ ਜਾ ਗਈ ਹੈ। ਇਸੇ ਤਰ੍ਹਾਂ 044 ਚੱਬੇਵਾਲ ਹਲਕੇ ਦੇ ਉਨ੍ਹਾਂ ਵੋਟਰਾਂ, ਜਿਹੜੇ ਪੰਜਾਬ ਦੀਆਂ ਰਜਿਟਰਡ ਫੈਕਟਰੀਆਂ, ਦੁਕਾਨਾਂ ਜਾਂ ਵਪਾਰਕ ਸੰਸਥਾਵਾਂ ਵਿਖੇ ਕੰਮ ਕਰ ਰਹੇ ਹਨ, ਨੂੰ ਵੀ ਵੋਟ ਪਾਉਣ ਲਈ ਕੰਮ ਤੋਂ ਛੋਟ ਰਹੇਗੀ।

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਦਿੱਤੀ ਗਈ ਵੱਡੀ ਰਾਹਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਤੱਕ ਲਾਊਡ ਸਪੀਕਰ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਜਾਂ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਮਾਧਿਅਮ ਰਾਹੀਂ ਐਗਜਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਸਿਆਸੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਵੋਟਰਾਂ ਦੀ ਗਿਣਤੀ ਸਬੰਧੀ ਕੋਮਲ ਮਿੱਤਲ ਨੇ ਦੱਸਿਆ ਕਿ ਹਲਕੇ ਵਿਚ ਕੁੱਲ 159432 ਵੋਟਰ ਹਨ ਜਿਨ੍ਹਾਂ ਵਿਚ 83704 ਪੁਰਸ਼, 75724 ਔਰਤਾਂ ਅਤੇ 4 ਟ੍ਰਾਂਸਜੈਂਡਰ ਵੋਟਰ ਸਾਮਲ ਹਨ। ਹਲਕੇ ਵਿਚ ਸਰਵਿਸ ਵੋਟਰਾਂ ਦੀ ਗਿਣਤੀ 600 ਹੈ ਜਿਨ੍ਹਾਂ ਵਿਚ 571 ਪੁਰਸ਼ ਅਤੇ 29 ਔਰਤਾਂ ਸ਼ਾਮਲ ਹਨ ਅਤੇ ਹਲਕੇ ਵਿਚ 205 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਗਿਣਤੀ ਕੇਂਦਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ 
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ, ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਅਤੇ ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਸਬੰਧਤ ਅਧਿਕਾਰੀਆਂ ਸਮੇਤ ਅੱਜ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ 23 ਨਵੰਬਰ ਨੂੰ ਵੋਟਾਂ ਦੀ ਹੋਣ ਵਾਲੀ ਗਿਣਤੀ ਲਈ ਸਥਾਪਿਤ ਕੀਤੇ ਜਾ ਰਹੇ ਕੇਂਦਰ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪ੍ਰਬੰਧ ਅਮਲ ਵਿਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰਦਿਆਂ ਸੁਚੱਜੇ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਰਿਟਰਨਿੰਗ ਅਫ਼ਸਰ ਵੱਲੋਂ ਅਮਨ-ਕਾਨੂੰਨ ਵਿਵਸਥਾ ਸਬੰਧੀ ਮੀਟਿੰਗ
ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਅਮਨ-ਕਾਨੂੰਨ ਵਿਵਸਥਾ ਦੇ ਸਬੰਧ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਚੋਣ ਅਮਲ ਪੂਰੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਦੀ ਤਾਕੀਦ ਕੀਤੀ। ਇਸ ਮੌਕੇ ਪੁਲਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਦੀ ਹਦੂਦ ਅੰਦਰ ਪੈਂਦੇ ਹੋਟਲ/ਮੈਰਿਜ ਪੈਲੇਸ ਦੇ ਮਾਲਕ ਵੀ ਮੌਜੂਦ ਸਨ। ਰਿਟਰਨਿੰਗ ਅਫ਼ਸਰ ਨੇ ਹੋਟਲ/ਮੈਰਿਜ ਪੈਲੇਸ ਵਾਲਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰੀ ਵਿਅਕਤੀਆਂ ਦੀ ਸ਼ਨਾਖਤ ਦਾ ਸਬੂਤ ਲੈ ਕੇ ਹੀ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਡਰਾਈ ਡੇਅ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News