ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ
Monday, Oct 30, 2017 - 12:55 AM (IST)
ਡੇਰਾ ਬਾਬਾ ਨਾਨਕ, (ਕੰਵਲਜੀਤ)- ਪਟਿਆਲਾ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਅੱਜ ਜ਼ਿਲਾ ਗੁਰਦਾਸਪੁਰ ਆਂਗਣਵਾੜੀ ਯੂਨੀਅਨ ਸੀਟੂ ਪੰਜਾਬ ਦੇ ਸੱਦੇ 'ਤੇ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸਥਾਨਕ ਹਲਕਾ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਕ 'ਚ ਜਨਰਲ ਸਕੱਤਰ ਵਰਿੰਦਰ ਕੌਰ ਖੰਨਾ ਤੇ ਅੰਮ੍ਰਿਤਪਾਲ ਕੌਰ ਬਲਾਕ ਪ੍ਰਧਾਨ ਦੀ ਰਹਿਨੁਮਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਚੱਕਾ ਜਾਮ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਕੌਰ ਤੇ ਵਰਿੰਦਰ ਕੌਰ ਖੰਨਾ ਨੇ ਸਾਂਝੇ ਤੌਰ 'ਤੇ ਕਿਹਾ ਕਿ 23 ਅਕਤੂਬਰ ਨੂੰ ਪਟਿਆਲਾ ਵਿਖੇ ਰੋਸ ਧਰਨੇ ਦੌਰਾਨ ਜੋ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 'ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੌਛਾਰਾਂ ਹੋਈਆਂ ਸਨ, ਉਸ ਨੂੰ ਕਿਸੇ ਵੀ ਕੀਮਤ 'ਚ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪਟਿਆਲਾ ਵਿਖੇ ਹੋਈ ਰੈਲੀ ਦੌਰਾਨ ਵਰਕਰਾਂ ਤੇ ਹੈਲਪਰਾਂ 'ਤੇ ਪਰਚੇ ਦਰਜ ਕੀਤੇ ਗਏ ਹਨ ਅਤੇ 9 ਵਰਕਰਾਂ ਤੇ ਹੈਲਪਰਾਂ ਨੂੰ ਸੈਂਟਰਲ ਜੇਲ ਵਿਚ ਬੰਦ ਕੀਤਾ ਗਿਆ, ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਨ੍ਹਾਂ 'ਤੇ ਹੋਏ ਪਰਚਿਆਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਪ੍ਰਧਾਨ ਅੰਮ੍ਰਿਤਪਾਲ ਕੌਰ ਡੇਰਾ ਬਾਬਾ ਨਾਨਕ, ਕੁਲਵਿੰਦਰ ਕੌਰ ਬਲਾਕ ਪ੍ਰਧਾਨ ਕਲਾਨੌਰ, ਰਾਜਵਿੰਦਰ ਕੌਰ ਬਲਾਕ ਪ੍ਰਧਾਨ ਫਤਿਹਗੜ੍ਹ ਚੂੜੀਆਂ, ਸੁਖਦੀਪ ਕੌਰ, ਪਲਵਿੰਦਰ ਕੌਰ, ਗੁਰਵਿੰਦਰ ਕੌਰ, ਰਜਵੰਤ ਕੌਰ, ਪਰਮਜੀਤ ਕੌਰ, ਰੁਪਿੰਦਰ, ਕੁਲਵਿੰਦਰ ਕੌਰ, ਸੰਦੀਪ ਕੌਰ, ਗੁਰਮੀਤ ਕੌਰ, ਸੁਖਜਿੰਦਰ ਕੌਰ, ਜਸਵਿੰਦਰ ਕੌਰ, ਜੀਵਨ ਜੋਤੀ, ਮਨਜੀਤ ਕੌਰ, ਸੁਰਿੰਦਰ ਕੌਰ, ਰਮਾ, ਹਰਭਜਨ, ਗੁਰਮੀਤ, ਸੰਦੀਪ, ਮਨਜੀਤ, ਕੁਲਵਿੰਦਰ, ਸਰਬਜੀਤ, ਅਮਨ, ਨਿਰਮਲਾ ਆਦਿ ਹਾਜ਼ਰ ਸਨ।
