ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ (ਵੀਡੀਓ)

04/30/2023 2:02:52 AM

ਜਲੰਧਰ : ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ। ਇਸ ਦੌਰਾਨ ਪੰਜਾਬ ’ਚ ਵਾਪਰਦੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ ’ਤੇ ਬੋਲਦਿਆਂ ਚੇਅਰਮੈਨ ਲਾਲਪੁਰਾ ਨੇ ਕਿਹਾ ਕਿ ਮੈਂ ਤਿੰਨ ਦਿਨ ਪਹਿਲਾਂ ਹੀ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਜਾ ਕੇ ਆਇਆ ਹਾਂ। ਉਨ੍ਹਾਂ ਕਿਹਾ ਕਿ ਪਿਛਲੇ 45 ਸਾਲ ਤੋਂ ਜਿਥੇ ਸਿੱਖ ਆਬਾਦੀ ਜ਼ਿਆਦਾ ਹੈ, ਉਥੇ ਹੀ ਬੇਅਦਬੀ ਦੀਆਂ ਘਟਨਾਵਾਂ ਜ਼ਿਆਦਾ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਫੜੇ ਵੀ ਜਾਂਦੇ ਹਨ। ਉਨ੍ਹਾਂ ਦੋਸ਼ੀਆਂ ਨੂੰ ਅਜਿਹੀ ਸਜ਼ਾ ਹੋਣੀ ਚਾਹੀਦੀ ਹੈ ਕਿ ਦੂਜਿਆਂ ਨੂੰ ਵੀ ਡਰ ਪੈਦਾ ਹੋਵੇ ਪਰ ਅਜਿਹੀ ਗੱਲ ਨਜ਼ਰ ਨਹੀਂ ਆਈ।

ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਸਬੰਧਾਂ ਤੋਂ ਰੋਕਣ ’ਤੇ ਪ੍ਰੇਮਿਕਾ ਨਾਲ ਮਿਲ ਕੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਦਾ ਕਰ ਦਿੱਤਾ ਕਤਲ

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ ਕਿ ਪਿਛਲੇ 45 ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਜਿੰਨੀਆਂ ਵੀ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਪਿੱਛੇ ਕਾਰਨ ਕੀ ਸਨ। ਲਾਲਪੁਰਾ ਨੇ ਕਿਹਾ ਕਿ ਦੋਸ਼ੀ ਫੜੇ ਗਏ, ਸਜ਼ਾ ਹੋਈ ਜਾਂ ਕੇਸ ਦਾ ਕੀ ਬਣਿਆ ਤੇ ਉਸ ਦਾ ਕਾਰਨ ਕੀ ਹੈ ਅਤੇ ਉਸ ਨੇ ਘਟਨਾ ਨੂੰ ਕਿਉਂ ਅੰਜਾਮ ਦਿੱਤਾ, ਉਨ੍ਹਾਂ ਸਾਰੇ ਕਾਰਨਾਂ ਦਾ ਪਤਾ ਲੱਗਣਾ ਚਾਹੀਦਾ ਹੈ, ਤਾਂ ਫਿਰ ਅਸੀਂ ਸਰਕਾਰ ਨੂੰ ਐਡਵਾਈਜ਼ਰੀ ਰੋਲ ਵੀ ਅਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਿੱਖ ਆਬਾਦੀ ਜ਼ਿਆਦਾ ਹੋਣ ਦੇ ਬਾਵਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਹੋਣਾ ਬਹੁਤ ਹੀ ਚਿੰਤਾ ਦੀ ਗੱਲ ਹੈ ਕਿਉਂਕਿ ਉਨ੍ਹਾਂ ਨੂੰ ਮੰਨਣ ਵਾਲੇ ਵੀ ਸਭ ਤੋਂ ਜ਼ਿਆਦਾ ਇਥੇ ਹੀ ਹਨ।

ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਲਾਲਪੁਰਾ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਮਾਨਸਿਕ ਰੋਗੀ ਕਿਹਾ ਜਾਂਦਾ ਹੈ ਪਰ ਇਹ ਪੁੱਛਣਾ ਜ਼ਰੂਰੀ ਹੈ ਕਿ ਇਹ ਜੋ ਮਾਨਸਿਕ ਰੋਗੀ ਹਨ, ਇਹ ਸਕੂਲਾਂ ਜਾਂ ਫਿਰ ਹਸਪਤਾਲਾਂ ’ਚ ਜਾ ਕੇ ਭੰਨ-ਤੋੜ ਕਿਉਂ ਨਹੀਂ ਕਰਦੇ। ਮਾਨਸਿਕ ਪ੍ਰੇਸ਼ਾਨ ਕਿਉਂ ਹੁੰਦੇ ਹਨ, ਇਹ ਵੀ ਜਾਂਚ ਦਾ ਵਿਸ਼ਾ ਹੈ। ਇਸ ’ਚ ਕਿਤੇ ਨਾ ਕਿਤੇ ਸਾਡੀ ਵੀ ਲਾਪ੍ਰਵਾਹੀ ਹੈ ਕਿਉਂਕਿ ਅਸੀਂ ਬੇਅਦਬੀ ਦੀ ਘਟਨਾ ਹੋਣ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਲੱਗ ਜਾਂਦੇ ਹਾਂ ਪਰ ਇਸ ਦੇ ਪਿੱਛੇ ਦੇ ਕਾਰਨਾਂ ਵੱਲ ਧਿਆਨ ਨਹੀਂ ਦਿੰਦੇ। ਪੰਜਾਬ ’ਚ ਧਰਮ ਪਰਿਵਰਤਨ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਾਨੂੰ ਸ਼ਿਕਾਇਤਾਂ ਆਈਆਂ ਹਨ, ਬਹੁਤ ਸਾਰੇ ਲੋਕਾਂ ਨੇ ਸਾਨੂੰ ਵੀਡੀਓਜ਼ ਵੀ ਭੇਜੀਆਂ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਰਮ ਪਰਿਵਰਤਨ ਹੋ ਰਿਹਾ ਹੈ। ਇਸ ਬਾਰੇ ਗੱਲਾਂ ਸਾਡੇ ਧਿਆਨ ’ਚ ਵੀ ਆਈਆਂ ਹਨ। ਇਸ ਨੂੰ ਲੈ ਕੇ ਅਸੀਂ ਈਸਾਈ ਭਾਈਚਾਰੇ ਦੇ ਆਗੂਆਂ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ ਵੀ ਕਰਵਾਈ ਸੀ। ਉਨ੍ਹਾਂ ਕਿਹਾ ਕਿ ਘੱਟਗਿਣਤੀਆਂ ਨੂੰ ਇਕ-ਦੂਜੇ ਨਾਲ ਮਿਲ ਕੇ ਰਹਿਣਾ ਚਾਹੀਦਾ ਹੈ ਤੇ ਸਾਰੇ ਧਰਮ ਵਧੀਆ ਹਨ। 


Manoj

Content Editor

Related News