ਲਾਸ਼ ਨੂੰ ਰਾਸ਼ਟਰੀ ਰਾਜ ਮਾਰਗ ''ਤੇ ਰੱਖ ਕੇ ਕੀਤਾ ਚੱਕਾ ਜਾਮ

Monday, Aug 21, 2017 - 04:23 AM (IST)

ਲਾਸ਼ ਨੂੰ ਰਾਸ਼ਟਰੀ ਰਾਜ ਮਾਰਗ ''ਤੇ ਰੱਖ ਕੇ ਕੀਤਾ ਚੱਕਾ ਜਾਮ

ਮੁਕੇਰੀਆਂ, (ਨਾਗਲਾ)- ਆਬਕਾਰੀ ਵਿਭਾਗ ਦੇ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਰੋਸ ਵਜੋਂ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਰਾਸ਼ਟਰੀ ਰਾਜ ਮਾਰਗ ਵਿਚਕਾਰ ਰੱਖ ਕੇ ਇਕ ਘੰਟਾ ਚੱਕਾ ਜਾਮ ਕੀਤਾ। ਮ੍ਰਿਤਕ ਵਿਜੇ ਕੁਮਾਰ ਦੀ ਮਾਤਾ ਤੋਸ਼ੀ ਪਤਨੀ ਬਲਵੰਤ ਸਿੰਘ ਵਾਸੀ ਘਸੀਟਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਲੜਕਾ 17 ਅਗਸਤ ਨੂੰ 11 ਵਜੇ ਆਪਣੀ ਐਕਟਿਵਾ 'ਤੇ ਨਿੱਜੀ ਕੰਮ ਵਾਸਤੇ ਮੁਕੇਰੀਆਂ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਉਹ ਗੁਰਦੁਆਰਾ ਕਲਗੀਧਰ ਸਾਹਿਬ ਦੇ ਕੋਲ ਪਹੁੰਚਿਆ ਤਾਂ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਨੇ ਉਸ ਨੂੰ ਲੋਹੇ ਦੀਆਂ ਰਾਡਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਜ਼ਖ਼ਮੀ ਹਾਲਤ 'ਚ ਸਾਡੇ ਪਿੰਡ ਦੇ ਇਕ ਵਿਅਕਤੀ ਨੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਡੀ. ਐੱਮ. ਸੀ. ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਹਾਲਤ ਖਰਾਬ ਹੋ ਜਾਣ ਕਾਰਨ ਅਸੀਂ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾ ਦਿੱਤਾ, ਜਿਥੇ ਬੀਤੀ ਰਾਤ 2 ਵਜੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰ ਕੇ ਬਿਨਾਂ ਦੇਰੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਜਾਮ ਦੌਰਾਨ ਸੜਕ ਦੇ ਦੋਵੇਂ ਪਾਸੇ 2 ਕਿਲੋਮੀਟਰ ਲੰਬੀਆਂ ਲਾਈਨਾਂ ਲੱਗ ਗਈਆਂ। ਜਾਮ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਮ੍ਰਿਤਕ ਦੀ ਮਾਤਾ ਨੂੰ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦੇਣ 'ਤੇ ਜਾਮ ਖੋਲ੍ਹਿਆ ਗਿਆ। 
ਇਸ ਦੌਰਾਨ ਥਾਣਾ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਗੋਲਡੀ ਤੇ ਕਮਲ ਤੋਂ ਇਲਾਵਾ 2 ਹੋਰ ਵਿਅਕਤੀਆਂ ਖਿਲਾਫ਼ ਧਾਰਾ 302, 148, 149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News