ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ ਅੱਜ ਚੱਕਾ ਜਾਮ ਦਾ ਪ੍ਰੋਗਰਾਮ ਇਕ ਦਿਨ ਲਈ ਮੁਲਤਵੀ

Thursday, May 26, 2022 - 01:23 AM (IST)

ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ ਅੱਜ ਚੱਕਾ ਜਾਮ ਦਾ ਪ੍ਰੋਗਰਾਮ ਇਕ ਦਿਨ ਲਈ ਮੁਲਤਵੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕਿਸਾਨ ਜਥੇਬਬੰਦੀਆਂ ਦਾ ਚੱਕਾ ਜਾਮ, ਰੋਸ ਵਿਖਾਵੇ ਦਾ ਪ੍ਰੋਗਰਾਮ ਮੁਲਤਵੀ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ 26 ਮਈ ਨੂੰ 10 ਤੋਂ 2 ਵਜੇ ਤੱਕ 4 ਘੰਟੇ ਲਈ ਨੈਸ਼ਨਲ ਹਾਈਵੇ ’ਤੇ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਪੰਜਾਬ ਸਰਕਾਰ ਦੇ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਬੁੱਧਵਾਰ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਪੱਤਰ ਜਾਰੀ ਕਰਨ ਕਰਕੇ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਖ਼ਿਲਾਫ਼ ਮੁਹਿੰਮ, ਕਿਹਾ- ਬੱਚਿਆਂ ਨੂੰ ਨਾ ਦਿੱਤੀ ਜਾਵੇ ਭੀਖ

ਵਰਣਨਯੋਗ ਹੈ ਕਿ ਪੰਜਾਬ ਦੇ ਕੇਨ ਕਮਿਸ਼ਨਰ ਵੱਲੋਂ 16 ਕਿਸਾਨ ਜਥੇਬੰਦੀਆਂ ਨੂੰ ਇਕ ਚਿੱਠੀ ਜਾਰੀ ਕਰਕੇ ਸਹਿਕਾਰਤਾ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ। 16 ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਕਿਸਾਨ ਆਗੂਆਂ ਨੇ ਐਮਰਜੈਂਸੀ ਮੀਟਿੰਗ ਕਰਕੇ ਮੰਤਰੀ ਚੀਮਾ ਵੱਲੋਂ ਮਸਲੇ ਦੇ ਫੌਰੀ ਹੱਲ ਲਈ ਮੀਟਿੰਗ ਦਾ ਸੱਦਾ ਦੇਣ ਮਗਰੋਂ ਹਾਂ-ਪੱਖੀ ਹੁੰਗਾਰਾ ਭਰਦਿਆਂ ਐਲਾਨ ਕੀਤਾ ਹੈ ਕਿ ਜੇਕਰ ਮੰਤਰੀ ਸਾਹਿਬ ਦੀ ਮੀਟਿੰਗ ’ਚੋਂ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ 16 ਕਿਸਾਨ ਜਥੇਬੰਦੀਆਂ ਸੰਘਰਸ਼ ਦਾ ਪ੍ਰੋਗਰਾਮ ਦੇਣ ਲਈ ਮਜਬੂਰ ਹੋਣਗੀਆਂ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਇਸ ਦੌਰਾਨ ਚੌਹਾਨ, ਹਰਮੀਤ ਸਿੰਘ ਕਾਦੀਆਂ ਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ 900 ਕਰੋੜ ਦੇ ਲਗਭਗ ਹੈ। ਇਹ ਪੇਮੈਂਟ ਨਾ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਬਹੁਤ ਔਖਿਆਈ ’ਚ ਦਿਨ ਕੱਟ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੱਲ੍ਹ ਦੀ ਮੀਟਿੰਗ ’ਚ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪੇਮੈਂਟ ਦਾ ਮਸਲਾ ਹੱਲ ਕਰਨ ਲਈ ਠੋਸ ਕਦਮ ਪੁੱਟੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵਿਜੇ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਲੋਕਾਂ ਨੇ ਸ਼ਹਿਰ 'ਚ ਲੱਗੇ ਹੋਰਡਿੰਗਾਂ 'ਤੇ ਮਲ਼ੀ ਕਾਲਖ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News