ਵਿਕਾਸ ਦਾ ਦੌਰ ਮੁੜ ਲਿਆਉਣ ਲਈ ਅਕਾਲੀ ਦਲ-ਬਸਪਾ ਗੱਠਜੋੜ ਨੂੰ ਪੰਜਾਬੀ ਦੇਣ ਇਕ ਮੌਕਾ : ਸੁਖਬੀਰ ਬਾਦਲ
Sunday, Feb 06, 2022 - 09:34 PM (IST)
ਅਮਲੋਹ/ਰਾਜਪੁਰਾ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੇਕਰ ਪੰਜਾਬ ’ਚ ਸਰਵਪੱਖੀ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਮੁੜ ਲਿਆਉਣੀ ਹੈ ਤਾਂ ਫਿਰ ਪੰਜਾਬੀਆਂ ਨੂੰ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਇਕ ਮੌਕਾ ਦੇਣਾ ਚਾਹੀਦਾ ਹੈ, ਜਿਸ ਦਾ ਉਹ ਹੱਕਦਾਰ ਵੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ ਅਮਲੋਹ/ਮੰਡੀ ਗੋਬਿੰਦਗੜ੍ਹ ’ਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਬਨੂੜ/ਰਾਜਪੁਰਾ ’ਚ ਚਰਨਜੀਤ ਸਿੰਘ ਬਰਾੜ ਦੇ ਹੱਕ ’ਚ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਰਿਕਾਰਡ ਵਿਕਾਸ ਕਰਵਾਇਆ। ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ, ਵਿਸ਼ਵ ਪੱਧਰੀ ਸੜਕਾਂ ਬਣਾਈਆਂ ਤੇ ਹਵਾਈ ਸੰਪਰਕ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬਰਬਾਦ ਕਰ ਦਿੱਤੇ ਹਨ ਤੇ ਹੁਣ ਸਾਡੇ ਕੋਲ ਇਕ ਹੋਰ ਖਿਡਾਰੀ ਆਮ ਆਦਮੀ ਪਾਰਟੀ ਆ ਗਈ ਹੈ, ਜੋ ਉਸੇ ਤਰੀਕੇ ਪੰਜਾਬੀਆਂ ਨੂੰ ਠੱਗਣਾ ਚਾਹੁੰਦੀ ਹੈ, ਜਿਵੇਂ ਕਾਂਗਰਸ ਨੇ ਠੱਗਿਆ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ’ਤੇ ਸੁਖਬੀਰ ਬਾਦਲ ਨੇ ਕੀਤਾ ਵੱਡਾ ਸ਼ਬਦੀ ਹਮਲਾ
ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ’ਤੇ ਵਿਸ਼ਵਾਸ ਨਾ ਕਰਨ ਲਈ ਕਹਿੰਦਿਆਂ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਹਨ, ਉਨ੍ਹਾਂ ’ਚੋਂ ਇਕ ਵੀ ਦਿੱਲੀ ਦੇ ਲੋਕਾਂ ਲਈ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਢਾਪਾ ਪੈਨਸ਼ਨ, ਆਟਾ-ਦਾਲ ਸਕੀਮ ਅਤੇ ਸ਼ਗਨ ਸਕੀਮ ਸਮੇਤ ਕਿਸੇ ਵੀ ਸਮਾਜ ਭਲਾਈ ਸਕੀਮ ਦਾ ਲਾਭ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ’ਚ ਕਿਸਾਨਾਂ ਨੂੰ ਮੁਫ਼ਤ ਬਿਜਲੀ ਨਹੀਂ ਮਿਲ ਰਹੀ ਤੇ ਲੋਕਾਂ ਨੂੰ ਬਿਜਲੀ 12 ਤੋਂ 13 ਰੁਪਏ ਪ੍ਰਤੀ ਯੂਨਿਟ ਮਿਲ ਰਹੀ ਹੈ। ਬਾਦਲ ਨੇ ਕਿਹਾ ਕਿ ਪੰਜਾਬੀ ਪੰਜਾਬ ਦੇ ਮਾਮਲਿਆਂ ’ਤੇ ਆਮ ਆਦਮੀ ਪਾਰਟੀ ਦੇ ਪਿਛਲੇ ਰਿਕਾਰਡ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕਰ ਕੇ ਪੰਜਾਬ ਦੇ ਪਾਣੀਆਂ ’ਚੋਂ ਦਿੱਲੀ ਤੇ ਹਰਿਆਣਾ ਲਈ ਹਿੱਸਾ ਮੰਗਿਆ। ਇਸ ਨੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਤੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਪਾਰਟੀ ਦੀਆਂ ਟਿਕਟਾਂ ਦੀ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਨੂੰ ਵੇਚਣ ਲਈ ਅਰਵਿੰਦ ਕੇਜਰੀਵਾਲ ਦੀ ਨਿਖੇਧੀ ਵੀ ਕੀਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਐਲਾਨਣ ’ਤੇ ਹਰਸਿਮਰਤ ਬਾਦਲ ਨੇ ਕਾਂਗਰਸ ਹਾਈਕਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਪਾਰਟੀ ਅਪਰਾਧਿਕ ਪਿਛੋਕੜ ਵਾਲਿਆਂ ਨੂੰ ਟਿਕਟਾਂ ਦੇ ਕੇ ਪੰਜਾਬ ਦੇ ਸਿਆਸੀ ਮਾਹੌਲ ਨੂੰ ਖਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਦੀ ਟਿਕਟ ਅਮਿਤ ਰਤਨ ਨੂੰ ਦਿੱਤੀ ਹੈ, ਜਿਸ ਨੂੰ ਅਕਾਲੀ ਦਲ ਨੇ ਲੋਕਾਂ ਨਾਲ ਠੱਗੀ ਮਾਰਦਿਆਂ ਫੜਨ ਮਗਰੋਂ ਪਾਰਟੀ ’ਚੋਂ ਕੱਢ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਨੇ ਘਨੌਰ ’ਚ ਭਗੌੜੇ ਨੂੰ ਟਿਕਟ ਦੇ ਦਿੱਤੀ ਹੈ। ਕਾਂਗਰਸ ਸਰਕਾਰ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ, ਜਦੋਂ ਤੁਸੀਂ ਵੇਖਿਆ ਕਿ ਕਾਂਗਰਸ ਦੇ ਹਰਦਿਆਲ ਕੰਬੋਜ ਤੇ ਮਦਨ ਲਾਲ ਜਲਾਲਪੁਰ ਵਰਗੇ ਵਿਧਾਇਕਾਂ ਨੇ ਸ਼ਰਾਬ ਤੇ ਰੇਤਾ ਮਾਫੀਆ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜਕਾਲ ’ਚ ਸੇਵਾ ਕੇਂਦਰ ਬੰਦ ਹੋਏ ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬੰਦ ਕੀਤੀ, ਖੇਡ ਕਿੱਟਾਂ ਦੀ ਵੰਡ ਬੰਦ ਕਰਵਾ ਦਿੱਤੀ ਤੇ ਵਿਸ਼ਵ ਕਬੱਡੀ ਕੱਪ ਦੀ ਮੇਜ਼ਬਾਨੀ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੂਰਨ ਕਿਸਾਨੀ ਕਰਜ਼ੇ ਮੁਆਫ ਕਰਨ, ਘਰ-ਘਰ ਨੌਕਰੀ ਦੇਣ, ਬੇਰੋਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ, 2500 ਰੁਪਏ ਬੁਢਾਪਾ ਪੈਨਸ਼ਨ ਦੇਣ ਅਤੇ 51000 ਰੁਪਏ ਸ਼ਗਨ ਸਕੀਮ ਤਹਿਤ ਰਾਸ਼ੀ ਦੇਣ ਵਰਗੇ ਸਾਰੇ ਵਾਅਦੇ ਵਿਸਾਰ ਦਿੱਤੇ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਵਾਂਗ ਝੂਠੀਆਂ ਸਹੁੰਆਂ ਨਹੀਂ ਚੁੱਕਦਾ।
ਇਹ ਵੀ ਪੜ੍ਹੋ : CM ਚੰਨੀ ਨੇ ਭਾਜਪਾ ਤੇ ‘ਆਪ’ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ
ਅਸੀਂ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਵੇਗਾ। ਉਨ੍ਹਾਂ ਕਿਹਾ ਕਿ ਅਗਲੀ ਸਰਕਾਰ ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ’ਚ ਸ਼ਾਮਲਾਟ ਜ਼ਮੀਨਾਂ ਨਹੀਂ ਹਨ, ਉਥੇ ਸਰਕਾਰ ਜ਼ਮੀਨ ਖਰੀਦ ਕੇ ਅਜਿਹੇ ਲੋਕਾਂ ਨੂੰ ਪਲਾਟ ਦੇਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਲੋਕਾਂ ਕੋਲ ਇਕ ਵੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਸਰਕਾਰ ਬਣਦਿਆਂ ਹੀ ਤਰਜੀਹ ਦੇ ਆਧਾਰ ’ਤੇ ਉਨ੍ਹਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਾਡੀ ਸਰਕਾਰ ਇਕ ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਸੈਕਟਰ ’ਚ ਨੌਕਰੀਆਂ ਦੇਵੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਰਾਖਵਾਂਕਰਨ ਦੇਵੇਗੀ। ਉਨ੍ਹਾਂ ਨੇ ਪ੍ਰਾਈਵੇਟ ਸੈਕਟਰ ’ਚ ਪੰਜਾਬੀਆਂ ਲਈ 75 ਫੀਸਦੀ ਨੌਕਰੀਆਂ ਰਾਖਵੀਆਂ ਰੱਖਣ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਹਰਦੀਪ ਪੁਰੀ ਨੇ ਕਾਂਗਰਸ ’ਤੇ ਕੱਸਿਆ ਤੰਜ਼