ਅਕਾਲੀ ਦਲ ''ਚ ਸ਼ਾਮਲ ਹੁੰਦਿਆਂ ਸੁਖਬੀਰ ਨੇ ਚੰਦਨ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ (ਵੀਡੀਓ)
Tuesday, May 07, 2019 - 06:26 PM (IST)
ਜਲੰਧਰ (ਵੈੱਬ ਡੈਸਕ) : ਮੰਗਲਵਾਰ ਨੂੰ ਅਕਾਲੀ ਦਲ ਵਿਚ ਸ਼ਾਮਲ ਹੋਏ ਪੰਜਾਬ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਤੇ ਵਾਲਮੀਕਿ ਭਾਈਚਾਰੇ ਦੇ ਆਗੂ ਚੰਦਨ ਗਰੇਵਾਲ ਨੂੰ ਸੁਖਬੀਰ ਬਾਦਲ ਨੇ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਦਨ ਗਰੇਵਾਲ ਨੂੰ ਅਕਾਲੀ ਦਲ ਦਾ ਉਪ ਪ੍ਰਧਾਨ ਥਾਪ ਦਿੱਤਾ ਹੈ। ਜਲੰਧਰ 'ਚ ਚੰਦਨ ਗਰੇਵਾਲ ਦੇ ਗ੍ਰਹਿ ਵਿਖੇ ਪਹੁੰਚੇ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੇ ਅਕਾਲੀ ਦਲ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ। ਇਸ ਮੌਕੇ ਚੰਦਨ ਗਰੇਵਾਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨਗੇ ਅਤੇ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨਗੇ।
ਦੱਸਣਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉਤਰੇ ਸਨ। ਹਾਲਾਂਕਿ ਇੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿਤਾ ਸੀ। ਇਸ ਤੋਂ ਪਹਿਲਾਂ ਗਰੇਵਾਲ ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ, ਜਿਸ ਦਾ ਉਨ੍ਹਾਂ ਵਲੋਂ ਖੰਡਨ ਕੀਤਾ ਗਿਆ ਸੀ।