ਮਹੀਨੇ ''ਚ 17 ਮੁਲਾਜ਼ਮ ਰਿਸ਼ਵਤ ਲੈਂਦੇ ਗ੍ਰਿਫਤਾਰ
Tuesday, Jun 11, 2019 - 10:22 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਈ ਦੌਰਾਨ ਕੁੱਲ 12 ਛਾਪੇ ਮਾਰ ਕੇ 16 ਸਰਕਾਰੀ ਮੁਲਾਜ਼ਮਾਂ ਅਤੇ 1 ਪ੍ਰਾਈਵੇਟ ਮੁਲਾਜ਼ਮ ਨੂੰ ਵੱਖ-ਵੱਖ ਕੇਸਾਂ 'ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ, ਜਿਨ੍ਹਾਂ 'ਚ ਪੁਲਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉਪਲ ਨੇ ਦੱਸਿਆ ਕਿ ਇਸ ਦੌਰਾਨ ਬਿਊਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ 'ਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ 'ਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ 'ਚ ਚੱਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵਲੋਂ ਭ੍ਰਿਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 4 ਮੁਕੱਦਮੇ ਵੀ ਦਰਜ ਕੀਤੇ ਗਏ।
ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਾਏ ਇਲਜ਼ਾਮਾਂ ਦੀ ਪੁਖਤਾ ਪੜਤਾਲ ਲਈ ਇਕ ਹੋਰ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਕਾਰੀ ਮੁਲਾਜ਼ਮਾਂ ਨੂੰ ਸਜ਼ਾਵਾਂ ਤੇ ਜੁਰਮਾਨੇ ਕੀਤੇ ਹਨ, ਜਿਨ੍ਹਾਂ ਵਿਚ ਮੋਗਾ ਵਿਖੇ ਤਾਇਨਾਤ ਕਾਨੂੰਗੋ ਗੁਰਮੇਲ ਸਿੰਘ ਅਤੇ ਪਟਵਾਰੀ ਸੋਹਣ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਤਰ੍ਹਾਂ ਦੂਜੇ ਕੇਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜ ਘਨੌਰ ਜ਼ਿਲਾ ਪਟਿਆਲਾ ਵਿਖੇ ਤਾਇਨਾਤ ਲੈਕਚਰਾਰ ਅਰਮਾਨ ਕੁਮਾਰ ਨੂੰ ਪਟਿਆਲਾ ਦੀ ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ 20,000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।