ਮੌਜੂਦਾ ਸਮੇਂ ਸਕੂਲਾਂ/ਕਾਲਜਾਂ ''ਚ ਸਮਾਰਟ ਫ਼ੋਨਾਂ ਨਾਲੋਂ ਅਧਿਆਪਕਾਂ ਦੀ ਜ਼ਿਆਦਾ ਲੋੜ : ''ਆਪ''
Thursday, Dec 05, 2019 - 09:22 AM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਨੌਜਵਾਨ ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਕੈਪਟਨ ਸਰਕਾਰ ਵਲੋਂ ਅਗਲੇ ਮਹੀਨੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਜਾਣ ਸਬੰਧੀ ਕੀਤੇ ਜਾ ਰਹੇ ਦਾਅਵੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੈਪਟਨ ਸਰਕਾਰ ਆਪਣੇ ਵਾਅਦੇ ਮੁਤਾਬਕ ਸਾਰੇ ਨੌਜਵਾਨਾਂ/ਵਿਦਿਆਰਥੀਆਂ ਨੂੰ ਹੱਥਾਂ 'ਚ ਸਮਾਰਟ ਫ਼ੋਨ ਨਹੀਂ ਫੜਾਉਂਦੀ ਓਨਾ ਚਿਰ ਸਰਕਾਰ ਦੇ ਕਿਸੇ ਵੀ ਦਾਅਵੇ-ਵਾਅਦੇ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ। ਕਿਉਂਕਿ 129 ਪੰਨਿਆਂ ਦੇ ਚੋਣ ਮਨੋਰਥ ਪੱਤਰ 'ਚ ਵੱਡੇ-ਵੱਡੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਇਕ ਵੀ ਵਾਅਦਾ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੇ ਅਤੇ ਹੁਣ ਨਾ ਕੇਵਲ ਪੰਜਾਬ ਦੇ ਲੋਕਾਂ ਸਗੋਂ ਖ਼ੁਦ ਕਾਂਗਰਸੀ ਵਿਧਾਇਕਾਂ ਦਾ ਆਪਣੀ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ।
'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਅੱਜ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨਾਂ ਨਾਲੋਂ ਵੀ ਵੱਧ ਅਧਿਆਪਕ ਅਮਲੇ ਦੀ ਜ਼ਰੂਰਤ ਹੈ। ਸੂਬੇ ਦੇ ਸਰਕਾਰੀ ਕਾਲਜਾਂ 'ਚ ਲੈਕਚਰਾਰਾਂ ਦੀ 2 ਦਹਾਕਿਆਂ ਤੋਂ ਕੋਈ ਪੱਕੀ ਭਰਤੀ ਨਹੀਂ ਹੋਈ। ਦਰਜਨਾਂ ਸਕੂਲਾਂ 'ਚ ਇਕ ਵੀ ਰੈਗੂਲਰ ਅਧਿਆਪਕ ਨਹੀਂ ਅਤੇ ਸੈਂਕੜੇ ਸਕੂਲ ਇਕ-ਅੱਧ ਅਧਿਆਪਕਾਂ ਦੇ ਸਿਰ 'ਤੇ ਚੱਲ ਰਹੇ ਹਨ, ਜਿਸ ਦਾ ਖ਼ਮਿਆਜ਼ਾ ਸਰਕਾਰੀ ਸਕੂਲਾਂ 'ਚ ਪੜ੍ਹਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।