3 ਮਹੀਨਿਆਂ ਤੋਂ ਤਨਖਾਹ ਨੂੰ ਤਰਸੇ ਏਡਿਡ ਸਕੂਲਾਂ ਦੇ ਅਧਿਆਪਕ

Friday, Jul 05, 2019 - 09:42 AM (IST)

3 ਮਹੀਨਿਆਂ ਤੋਂ ਤਨਖਾਹ ਨੂੰ ਤਰਸੇ ਏਡਿਡ ਸਕੂਲਾਂ ਦੇ ਅਧਿਆਪਕ

ਚੰਡੀਗੜ੍ਹ(ਭੁੱਲਰ) : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨਰਿੰਦਰ ਨਾਥ ਸੈਣੀ ਅਤੇ ਜਨਰਲ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸੂਬੇ ਦੇ ਏਡਿਡ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਅਪ੍ਰੈਲ ਤੋਂ ਜੂਨ ਤੱਕ ਦੀ ਤਨਖਾਹ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।

ਸੈਣੀ ਨੇ ਕਿਹਾ ਕਿ ਵਿਭਾਗ ਦੇ ਕੁਝ ਅਧਿਕਾਰੀ ਜਾਣ–ਬੁੱਝ ਕੇ ਗ੍ਰਾਂਟਾਂ ਨੂੰ ਲੇਟ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ 9 ਮਹੀਨਿਆਂ ਦੀ ਤਨਖਾਹ ਲਈ ਗ੍ਰਾਂਟ ਜਾਰੀ ਕਰਨੀ ਬਣਦੀ ਹੈ, ਜਿਸ ਨੂੰ ਵਿਭਾਗ ਦੇ ਅਧਿਕਾਰੀ ਹਾਲੇ ਤੱਕ ਵੀ ਜਾਰੀ ਨਹੀਂ ਕਰ ਸਕੇ। ਸੈਣੀ ਨੇ ਦੱਸਿਆ ਕਿ ਇਸ ਸਬੰਧ 'ਚ ਯੂਨੀਅਨ ਦਾ ਵਫਦ ਡਿਪਟੀ ਡਾਇਰੈਕਟਰ ਏਡਿਡ ਸਕੂਲ ਨੂੰ ਮਿਲ ਕੇ ਜਾਣਕਾਰੀ ਦੇ ਚੁੱਕਾ ਹੈ, ਜੇਕਰ ਫਿਰ ਵੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਗ੍ਰਾਂਟ ਜਾਰੀ ਕਰਨ ਵਿਚ ਦੇਰੀ ਕੀਤੀ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਅਸ਼ਵਨੀ ਸ਼ਰਮਾ ਨੇ ਆਖਿਆ ਕਿ ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕੁਝ ਜ਼ਿਲਿਆਂ ਦੇ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਵੀ ਹਾਲੇ ਤੱਕ ਨਸੀਬ ਨਹੀਂ ਹੋਈ ਹੈ।


author

cherry

Content Editor

Related News