550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਰਨਜੀਤ ਚੰਨੀ ਵਲੋਂ ਲੋਗੋ ਦਾ ਬੈਜ ਜਾਰੀ
Sunday, Nov 03, 2019 - 10:47 AM (IST)

ਚੰਡੀਗੜ੍ਹ (ਅਸ਼ਵਨੀ) - ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਚੰਨੀ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਦਾ ਬੈਜ, ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਤੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਦੀ ਹਾਜ਼ਰੀ 'ਚ ਜਾਰੀ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ਤਿਆਰ ਕੀਤਾ ਗਿਆ ਸੀ, ਜਿਸ ਦਾ ਇਕ ਬਹੁਤ ਵਧੀਆ ਬੈਜ ਤਿਆਰ ਕੀਤਾ ਗਿਆ ਹੈ, ਜੋ ਸੰਗਤਾਂ ਆਪਣੀ ਜੇਬ 'ਤੇ ਲਗਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹ ਬੈਜ ਸਰਕਾਰ ਵਲੋਂ ਸੰਗਤਾਂ ਨੂੰ ਮੁਫਤ ਵੰਡੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਠਹਿਰਨ ਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ 'ਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਵਿਭਾਗ ਵਲੋਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੂਚਨਾ ਪੁਸਤਕਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਪੰਜਾਬ ਤੋਂ ਹੀ ਨਹੀਂ ਸਗੋਂ ਦੁਨੀਆ ਭਰ ਤੋਂ ਸੰਗਤਾਂ ਨੇ ਆਉਣਾ ਹੈ, ਜਿਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸੂਚਨਾ ਪੁਸਤਕਾਂ ਪੰਜਾਬੀ ਦੇ ਨਾਲ-ਨਾਲ ਅੰਗਰੇਜ਼ੀ 'ਚ ਵੀ ਤਿਆਰ ਕੀਤੀਆਂ ਗਈਆਂ ਹਨ। ਇਹ ਸੂਚਨਾ ਪੁਸਤਕਾਂ ਸਾਰੇ ਸਹਾਇਤਾ ਕੇਂਦਰਾਂ 'ਤੇ ਉਪਲਬਧ ਕਰਵਾਈਆਂ ਗਈਆਂ ਹਨ, ਜੋ ਮੁਫ਼ਤ ਦਿੱਤੀਆਂ ਜਾਣਗੀਆਂ।