ਪੀ.ਪੀ.ਐੱਸ.ਸੀ ਦੇ ਚੇਅਰਮੈਨ ਅਤੇ 2 ਨਵੇਂ ਮੈਂਬਰਾਂ ਨੂੰ ਰਾਜਪਾਲ ਨੇ ਚੁਕਾਈ ਸਹੁੰ

08/21/2019 11:56:30 AM

ਚੰਡੀਗੜ੍ਹ (ਅਸ਼ਵਨੀ) - ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐੱਸ. ਸੀ.) ਦੇ ਨਵ-ਨਿਯੁਕਤ ਚੇਅਰਮੈਨ ਅਤੇ 2 ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਲੈਫਟੀਨੈਂਟ ਜਨਰਲ (ਸੇਵਾਮੁਕਤ) ਸੁਰਿੰਦਰ ਸਿੰਘ ਨੇ ਪੀ. ਪੀ. ਐੱਸ. ਸੀ. ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੋਹਾਲੀ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ ਗ਼ੈਰ-ਅਧਿਕਾਰਤ ਮੈਂਬਰ ਵਜੋਂ ਹਲਫ਼ ਲਿਆ। ਲੈਫਟੀਨੈਂਟ ਜਨਰਲ (ਸੇਵਾਮੁਕਤ) ਸੁਰਿੰਦਰ ਸਿੰਘ ਭਾਰਤੀ ਫੌਜ ਦੀ ਪੱਛਮੀ ਕਮਾਂਡ ਤੋਂ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਵਜੋਂ ਸੇਵਾਮੁਕਤ ਹੋਏ ਹਨ।

ਮੋਹਾਲੀ ਦੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਪੰਜਾਬ ਦੀ ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਅਤੇ ਇੰਡਸਟਰੀਅਲ ਟ੍ਰਿਬਿਊਨਲ-ਕਮ-ਲੇਬਰ ਕੋਰਟ ਚੰਡੀਗੜ੍ਹ ਦੇ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਵੀ ਸੇਵਾ ਨਿਭਾਈ। ਪ੍ਰਸਿੱਧ ਲੇਖਿਕਾ ਬੱਬੂ ਤੀਰ ਚਾਚਾ ਚੰਡੀਗੜ੍ਹੀਆ ਵਜੋਂ ਜਾਣੇ ਜਾਂਦੇ ਸਵਰਗੀ ਡਾ. ਗੁਰਨਾਮ ਸਿੰਘ ਤੀਰ ਦੀ ਪੁੱਤਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਮਾਲ ਕੇ. ਬੀ. ਐੱਸ. ਸਿੱਧੂ, ਵਧੀਕ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ. ਐੱਮ. ਬਾਲਾਮੁਰਗਮ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਪ੍ਰਸੋਨਲ ਵਿਭਾਗ ਦੇ ਸਕੱਤਰ ਏ. ਐੱਸ. ਮਿਗਲਾਨੀ ਸਮੇਤ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ।


rajwinder kaur

Content Editor

Related News