ਵਿਧਾਇਕਾ ਮਾਣੂੰਕੇ ''ਤੇ ਹਮਲਾ ਕਰਨ ਵਾਲੇ ਅਜੇ ਤੱਕ ਕਿਉਂ ਨਹੀਂ ਗ੍ਰਿਫਤਾਰ ਹੋਏ : ਚੀਮਾ

12/08/2019 10:15:32 AM

ਚੰਡੀਗੜ੍ਹ (ਸ਼ਰਮਾ) : ਆਮ ਆਦਮੀ ਪਾਰਟੀ (ਆਪ) ਦੀ ਜਗਰਾਓਂ ਤੋਂ ਵਿਧਾਇਕਾ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ 'ਤੇ ਸ਼ੁੱਕਰਵਾਰ ਦੇਰ ਸ਼ਾਮ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਤੁਰੰਤ ਗ੍ਰਿਫਤਾਰ ਕੀਤੇ ਜਾਣ ਅਤੇ ਇਸ ਮਾਮਲੇ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਹੋਵੇ। ਚੀਮਾ ਨੇ ਪੁਲਸ ਪ੍ਰਸ਼ਾਸਨ ਦੇ ਢਿੱਲੇ ਰਵੱਈਏ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਸ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ, ਜਦੋਂਕਿ ਬੀਬੀ ਮਾਣੂੰਕੇ ਨੇ ਸਬੰਧਿਤ ਜ਼ਿਲਾ ਪੁਲਸ ਨੂੰ ਦੋਸ਼ੀਆਂ ਦੀ ਕਾਰ ਦੀਆਂ ਫ਼ੋਟੋਆਂ ਤੱਕ ਮੁਹੱਈਆ ਕਰਵਾ ਦਿੱਤੀਆਂ ਸਨ।

ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ 24 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀ ਗ੍ਰਿਫਤਾਰ ਨਾ ਕੀਤੇ ਗਏ ਤਾਂ ਪਾਰਟੀ ਸਖ਼ਤ ਰੁਖ਼ ਅਪਣਾਉਣ ਲਈ ਮਜਬੂਰ ਹੋਵੇਗੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਦੌਰ 'ਚ ਜਾ ਚੁੱਕੀ ਹੈ, ਜਿਸ ਕਾਰਨ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹਨ, ਸ਼ਰੇਆਮ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਹੋ ਰਹੀ ਹੈ। ਨਸ਼ਾ ਮਾਫ਼ੀਆ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਪਰ ਕੈਪਟਨ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।

cherry

This news is Content Editor cherry