ਹਰਸਿਮਰਤ ਵਲੋਂ ਲਾਡੋਵਾਲ ਫੂਡ ਪਾਰਕ ਪ੍ਰਾਜੈਕਟ ਰੱਦ ਕਰਨ ਦੀ ਚਿਤਾਵਨੀ

Saturday, Jun 29, 2019 - 09:24 AM (IST)

ਹਰਸਿਮਰਤ ਵਲੋਂ ਲਾਡੋਵਾਲ ਫੂਡ ਪਾਰਕ ਪ੍ਰਾਜੈਕਟ ਰੱਦ ਕਰਨ ਦੀ ਚਿਤਾਵਨੀ

ਚੰਡੀਗੜ੍ਹ(ਅਸ਼ਵਨੀ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ 'ਤੇ ਦਖ਼ਲ ਦੇ ਕੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਨੂੰ ਅਗਲੇ ਮਹੀਨੇ ਦੇ ਅਖੀਰ ਤਕ ਲਾਡੋਵਾਲ ਫੂਡ ਪਾਰਕ ਚਾਲੂ ਕਰਨ ਦਾ ਨਿਰਦੇਸ਼ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 31 ਜੁਲਾਈ ਤੱਕ ਅਜਿਹਾ ਨਾ ਕੀਤਾ ਗਿਆ ਤਾਂ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਮਜਬੂਰ ਹੋ ਕੇ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੂੰ ਲਿਖੀ ਇਕ ਚਿੱਠੀ ਵਿਚ ਹਰਸਿਮਰਤ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਦਿੱਤੀ 50 ਕਰੋੜ ਰੁਪਏ ਦੀ ਗ੍ਰਾਂਟ ਮਗਰੋਂ ਪੀ.ਏ.ਆਈ.ਸੀ. ਨੇ ਲਾਡੋਵਾਲ ਫੂਡ ਪਾਰਕ ਬਣਾਉਣ ਦਾ ਜ਼ਿੰਮਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਇਸ ਪਾਰਕ ਨੂੰ ਨਵੰਬਰ 2015 ਵਿਚ ਪ੍ਰਵਾਨਗੀ ਮਿਲੀ ਸੀ ਅਤੇ ਇਹ ਮਈ 2018 ਤਕ ਮੁਕੰਮਲ ਕੀਤਾ ਜਾਣਾ ਸੀ।

ਹਰਸਿਮਰਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਪ੍ਰਾਜੈਕਟ ਦੇ ਨਿਰਮਾਣ ਦੀ ਲਗਾਤਾਰ ਕੀਤੀ ਜਾ ਰਹੀ ਨਿਗਰਾਨੀ ਦੇ ਬਾਵਜੂਦ ਪੀ.ਏ.ਆਈ.ਸੀ. ਨੇ ਤੈਅ ਸਮੇਂ ਉੱਤੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦਾ ਉਪਰਾਲਾ ਨਹੀਂ ਕੀਤਾ, ਜਿਸ ਕਰਕੇ ਅਗਾਂਹਵਧੂ ਕਿਸਾਨਾਂ ਅਤੇ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ ਹੈ, ਜਿਨ੍ਹਾਂ ਨੂੰ ਇੱਥੇ ਰੋਜ਼ਗਾਰ ਦੀ ਸਹੂਲਤ ਮਿਲਣੀ ਸੀ। ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਪ੍ਰਾਜੈਕਟ ਦੇ ਸਮੇਂ ਸਿਰ ਉਦਘਾਟਨ ਅਤੇ ਇਸ ਨੂੰ ਚਾਲੂ ਕੀਤੇ ਜਾਣ ਦਾ ਮੁੱਦਾ ਉੁਨ੍ਹਾਂ ਕੋਲ ਉਠਾ ਚੁੱਕੇ ਹਨ ਪਰ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ। ਕਿਸੇ ਨਾ ਕਿਸੇ ਬਹਾਨੇ ਇਸ ਪ੍ਰਾਜੈਕਟ ਨੂੰ ਲਟਕਾਇਆ ਜਾ ਰਿਹਾ ਹੈ।


author

cherry

Content Editor

Related News