ਅਕਾਲੀ-ਭਾਜਪਾ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ : ਭੂੰਦੜ

08/17/2019 9:36:31 AM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗਠਜੋੜ ਕਰਕੇ ਲੜੇਗਾ। ਇਸ ਸਬੰਧੀ ਦੋਵਾਂ ਪਾਰਟੀ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ ਚਰਚਾ ਚੱਲ ਰਹੀ ਹੈ। ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਭੂੰਦੜ ਨੇ ਕਿਹਾ ਕਿ ਭਾਜਪਾ ਨਾਲ ਚੱਲ ਰਹੀ ਗੱਲਬਾਤ ਬਾਰੇ ਮੈਂਬਰਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਨੇ ਹਰਿਆਣਾ ਦੀ ਅਕਾਲੀ ਲੀਡਰਸ਼ਿਪ ਤੋਂ ਪਾਰਟੀ ਆਗੂਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਬਾਰੇ ਵੀ ਫੀਡਬੈਕ ਲਈ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 7 ਸਤੰਬਰ ਨੂੰ ਕੁਰੂਕਸ਼ੇਤਰ 'ਚ ਇਕ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਇਸ ਜਗ੍ਹਾ ਅੱਠ ਗੁਰੂ ਸਾਹਿਬਾਨ ਦੇ ਚਰਨ ਪਏ ਹਨ। ਮੀਟਿੰਗ 'ਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰੀ, ਹਰਿਆਣਾ ਇਕਾਈ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਠਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਂਡੀ, ਪਾਰਟੀ ਵਿਧਾਇਕ ਬਲਕੌਰ ਸਿੰਘ, ਐੱਸ.ਜੀ.ਪੀ.ਸੀ. ਦੇ ਮੀਤ ਪ੍ਰਧਾਨ ਰਘਬੀਰ ਸਿੰਘ ਵਿਰਕ, ਸਾਬਕਾ ਐੱਸ.ਜੀ.ਪੀ.ਸੀ. ਮੈਂਬਰ ਕਰਤਾਰ ਕੌਰ ਅਤੇ ਬੁਲਾਰੇ ਕੰਵਲਜੀਤ ਸਿੰਘ ਨੇ ਭਾਗ ਲਿਆ।

cherry

This news is Content Editor cherry