ਹੁਣ ਮਹਿਲਾ ਕਮਿਸ਼ਨ ਦੀ ਸਿਫਾਰਿਸ਼ 'ਤੇ ਹੋਣਗੇ ਪੁਲਸ ਅਫ਼ਸਰਾਂ ਦੇ ਤਬਾਦਲੇ
Wednesday, Oct 23, 2019 - 09:53 AM (IST)

ਚੰਡੀਗੜ੍ਹ (ਸ਼ਰਮਾ) - ਪੰਜਾਬ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ 'ਚ ਇਕ ਹੋਰ ਕਦਮ ਪੁੱਟਿਆ ਹੈ। ਇਸ ਬਾਰੇ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ 'ਤੇ ਪੰਜਾਬ ਪੁਲਸ ਦੇ ਇੰਸਪੈਕਟਰ ਜਨਰਲ ਅਮਰਦੀਪ ਸਿੰਘ ਰਾਏ ਵਲੋਂ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਇਕ ਅਰਧ-ਸਰਕਾਰੀ ਪੱਤਰ ਲਿਖ ਕੇ ਦਿੱਤਾ ਗਿਆ ਹੈ। ਇਸ ਪੱਤਰ 'ਚ ਕਿਹਾ ਗਿਆ ਹੈ ਕਿ ਜਦੋਂ ਵੀ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਕਿਸੇ ਪੁਲਸ ਅਧਿਕਾਰੀ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ ਅਤੇ ਕਮਿਸ਼ਨ ਸਮਝਦਾ ਹੈ ਕਿ ਅਧਿਕਾਰੀ ਨੇ ਕੋਈ ਕੋਤਾਹੀ ਕੀਤੀ ਹੈ ਤਾਂ ਤੁਰੰਤ ਇਸ ਦਫਤਰ ਦੇ ਨੋਟਿਸ 'ਚ ਲਿਆਂਦਾ ਜਾਵੇ। ਨੋਟਿਸ ਦੇ ਆਧਾਰ 'ਤੇ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬਦਲੀਆਂ/ਤਾਇਨਾਤੀਆਂ ਸਮੇਂ ਇਸ ਗੱਲ ਨੂੰ ਧਿਆਨ 'ਚ ਰੱਖਿਆ ਜਾ ਸਕੇ।
ਪੱਤਰ 'ਚ ਉਨ੍ਹਾਂ ਲਿਖਿਆ ਕਿ ਜਿਹੜੇ ਅਧਿਕਾਰੀ ਔਰਤਾਂ ਦੇ ਕੇਸਾਂ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਦੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿੰਦੇ ਹਨ, ਉਨ੍ਹਾਂ ਪੁਲਸ ਅਧਿਕਾਰੀਆਂ ਦੇ ਨਾਂ ਵੀ ਇਸ ਦਫ਼ਤਰ ਨੂੰ ਦੱਸੇ ਜਾਣ ਤਾਂ ਜੋ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ। ਗੁਲਾਟੀ ਨੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਔਰਤਾਂ ਦੀ ਬਿਹਤਰੀ ਦੀ ਦਿਸ਼ਾ 'ਚ ਚੁੱਕੇ ਗਏ ਇਸ ਕਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਮਿਸ਼ਨ ਪੰਜਾਬ ਰਾਜ ਦੀਆਂ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰਦਾ ਰਹੇਗਾ।