ਸੁਖਬੀਰ ਬਾਦਲ ਅਤੇ ਹਰਸਿਮਰਤ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਪੱਤਰ

Wednesday, Apr 24, 2019 - 09:31 AM (IST)

ਸੁਖਬੀਰ ਬਾਦਲ ਅਤੇ ਹਰਸਿਮਰਤ 26 ਅਪ੍ਰੈਲ ਨੂੰ ਭਰਨਗੇ ਨਾਮਜ਼ਦਗੀ ਪੱਤਰ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਲੋਕ ਸਭਾ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਲਈ ਕ੍ਰਮਵਾਰ 26 ਅਪ੍ਰੈਲ 2019 ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਪ੍ਰਮਾਤਮਾ ਤੋਂ ਆਸ਼ੀਰਵਾਦ ਲੈਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ 2019 ਨੂੰ ਹੀ ਆਪਣੇ ਨਾਮਜ਼ਦਗੀ ਪੱਤਰ ਭਰਨਗੇ। ਉਨ੍ਹਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ (ਐੱਸ.ਸੀ.) ਤੋਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐੱਸ.ਸੀ.) ਤੋਂ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਪੱਤਰ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 25 ਅਪ੍ਰੈਲ 2019 ਨੂੰ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ (ਐੱਸ.ਸੀ.) ਤੋਂ ਪਾਰਟੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨਾਲ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਦੋ ਉਮੀਦਵਾਰਾਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਲੋਕ ਸਭਾ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਕ੍ਰਮਵਾਰ ਆਪਣੇ ਨਾਮਜ਼ਦਗੀ ਪੱਤਰ 29 ਅਪ੍ਰੈਲ 2019 ਨੂੰ ਦਾਖ਼ਲ ਕੀਤੇ ਜਾਣਗੇ।


author

cherry

Content Editor

Related News