ਸਵਾਮੀਨਾਥਨ ਰਿਪੋਰਟ ਬਾਰੇ ਕੇਜਰੀਵਾਲ ਤੋਂ ਸਬਕ ਲੈਣ ਕੈਪਟਨ : ਮਾਨ
Wednesday, Jan 30, 2019 - 09:15 AM (IST)

ਚੰਡੀਗੜ੍ਹ/ਤਪਾ ਮੰਡੀ (ਰਮਨਜੀਤ, ਸ਼ਾਮ, ਮਾਰਕੰਡਾ) : 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕੀਤੀ ਕਿ ਪੰਜਾਬ ਸਰਕਾਰ ਸੰਕਟ ਵਿਚ ਫਸੀ ਕਿਸਾਨੀ ਦੀ ਹਾਲਤ ਸੁਧਾਰਨ ਅਤੇ ਇਸ ਨੂੰ ਇਕ ਲਾਹੇਵੰਦ ਧੰਦਾ ਬਣਾਉਣ ਲਈ ਜਲਦੀ ਤੋਂ ਜਲਦੀ ਸੂਬੇ ਵਿਚ ਸਵਾਮੀਨਾਥਨ ਰਿਪੋਰਟ ਲਾਗੂ ਕਰੇ। 'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਨਾਜ ਭੰਡਾਰ ਭਰਨ ਵਿਚ ਵੱਡਾ ਰੋਲ ਅਦਾ ਕਰਦਾ ਹੈ ਪਰ ਅਫ਼ਸੋਸ ਕਿ ਇੱਥੋਂ ਦਾ ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ ਨਾ ਤਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕੀਤੇ ਅਤੇ ਨਾ ਹੀ ਉਨ੍ਹਾਂ ਦੇ ਬਿਹਤਰੀ ਲਈ ਕੋਈ ਕਦਮ ਉਠਾ ਰਹੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਹੈ ਕਿ ਖੇਤੀ ਇਕ ਘਾਟੇ ਦਾ ਸੌਦਾ ਬਣ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਕੇ “ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰੇ'' ਇਸ ਸੰਕਟ ਨੂੰ ਹੋਰ ਵੱਡਾ ਕਰ ਰਹੇ ਹਨ, ਕਿਉਂਕਿ 2014 ਲੋਕ ਸਭਾ ਚੋਣਾਂ ਵਿਚ ਭਾਜਪਾ ਸਵਾਮੀਨਾਥਨ ਰਿਪੋਰਟ ਸਮੇਤ ਕਈ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ ਪਰ ਉਹ ਇਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕਰ ਸਕੀ ਅਤੇ ਇਸ ਦੇ ਭਵਿੱਖ ਵਿਚ ਪੂਰਾ ਹੋਣ ਦੀ ਕੋਈ ਆਸ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ 'ਤੇ ਪੰਜਾਬ ਸਰਕਾਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਸਿੱਖਿਆ ਲੈਣ ਦੀ ਲੋੜ ਹੈ, ਜੋ ਭਲੀਭਾਂਤ ਜਾਣ ਗਈ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕਿਸੇ ਵੀ ਹਾਲਤ 'ਚ ਸਵਾਮੀਨਾਥਨ ਰਿਪੋਰਟ ਨੂੰ ਸਹੀ ਅਰਥਾਂ ਵਿਚ ਲਾਗੂ ਨਹੀਂ ਕਰੇਗੀ। ਇਸ ਦੇ ਤਹਿਤ ਉਨ੍ਹਾਂ ਵਲੋਂ ਆਪਣੇ ਪੱਧਰ 'ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸੈਕਟਰ ਦੇ ਮਾਹਿਰਾਂ ਦੀ ਕਮੇਟੀ ਬਣਾ ਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਰਿਪੋਰਟ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਣਾ ਹੈ।