ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ’ਤੇ ਗਜੇਂਦਰ ਸ਼ੇਖਾਵਤ ਨੇ ਕਿਹਾ- ਕਿਸੇ ਨੂੰ ਲੁੱਟਣ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ

Sunday, Feb 06, 2022 - 11:26 AM (IST)

ਜਲੰਧਰ (ਗੁਲਸ਼ਨ): ਭਾਜਪਾ ਦੇ ਸੂਬਾ ਚੋਣ ਇੰਚਾਰਜ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਜਲੰਧਰ ਦੇ ਲਾਜਪਤ ਨਗਰ ਸਥਿਤ ਸੂਬਾ ਚੋਣ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਚੋਣਾਂ ਦੌਰਾਨ ਈ. ਡੀ. ਦੇ ਛਾਪਿਆਂ ’ਤੇ ਸਵਾਲ ਉਠਾਉਣ ਵਾਲੇ ਕਾਂਗਰਸੀ ਆਗੂਆਂ ਤੋਂ ਪੁੱਛਿਆ ਜਾਣਾ ਚਾਹੀਦਾ ਹੈ ਕਿ ਕੀ ਚੋਣਾਂ ਦੇ ਮੌਸਮ ਦੌਰਾਨ ਕਿਸੇ ਨੂੰ ਲੁੱਟ-ਖੋਹ ਕਰਨ ਦੀ ਖੁੱਲ੍ਹ ਦਿੱਤੀ ਜਾਣੀ ਚਾਹੀਦੀ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਤੋਂ ਕਰੋੜਾਂ ਰੁਪਏ ਦੀ ਰਿਕਵਰੀ ਅਤੇ ਅਰਬਾਂ ਰੁਪਏ ਦੇ ਖਾਤੇ ਬਰਾਮਦ ਹੋਣ ਤੋਂ ਬਾਅਦ ਪੰਜਾਬ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਨੂੰ ਅਜਿਹੀ ਟਿੱਪਣੀ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਲਈ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਜਦੋਂ ਰਾਹੁਲ ਗਾਂਧੀ ਆਉਂਦੇ ਹਨ ਤਾਂ ਉਨ੍ਹਾਂ ਦੇ ਜਾਣ ਤੋਂ ਬਾਅਦ ਉੱਠਣ ਵਾਲੇ ਤੂਫ਼ਾਨ ਅਤੇ ਉਸ ਦੇ ਪ੍ਰੋਗਰਾਮ ਦਾ ਬਾਈਕਾਟ ਕਰਨ ਵਾਲੇ ਲੋਕਾਂ ਦੀ ਜ਼ਿਆਦਾ ਚਰਚਾ ਹੁੰਦੀ ਹੈ। ਕਾਂਗਰਸ ਦੇ ਮੁੱਖ ਮੰਤਰੀ ਦੇ 2 ਚਿਹਰਿਆਂ ’ਤੇ ਸ਼ੇਖਾਵਤ ਨੇ ਕਿਹਾ ਕਿ ਇਹ ਇਕ ਬਰਾਤ ਵਿਚ ਦੋ ਲਾੜਿਆਂ ਵਾਲੀ ਗੱਲ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਸਕੱਤਰ ਅਨਿਲ ਸੱਚਰ, ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਭਾਜਪਾ ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ, ਨਰਿੰਦਰ ਪਾਲ ਸਿੰਘ ਢਿੱਲੋਂ, ਅਮਿਤ ਭਾਟੀਆ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਬੇਅਦਬੀ ਦੀਆਂ ਘਟਨਾਵਾਂ ਲਈ ਸਾਬਕਾ ਬਾਦਲ ਸਰਕਾਰ ਜ਼ਿੰਮੇਵਾਰ : ਸੁਖਜਿੰਦਰ ਰੰਧਾਵਾ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੂਬਾ ਚੋਣ ਦਫ਼ਤਰ ਵਿਚ ਭਾਜਪਾ ਦੇ ਚੋਣਾਂ ਦਾ ਥੀਮ ਗੀਤ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਵੀ ਲਾਂਚ ਕੀਤਾ। ਭਾਜਪਾ ਆਗੂ ਅਤੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਭਾਜਪਾ ਦੇ ਥੀਮ ਗੀਤ ਨੂੰ ਆਪਣੀ ਆਵਾਜ਼ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼ੇਖਾਵਤ ਨੇ ਦੱਸਿਆ ਕਿ ਇਸ ਗੀਤ ’ਚ ਪੰਜਾਬੀ ਪ੍ਰਤੀ ਭਾਜਪਾ ਦਾ ਪੂਰਾ ਵਿਜ਼ਨ ਦਿੱਤਾ ਗਿਆ ਹੈ। ਇਹ ਪੰਜਾਬ ਦੀ ਤਰੱਕੀ ਦਾ ਪੂਰਾ ਰੋਡ ਮੈਪ ਦਿਖਾਉਂਦਾ ਹੈ। ਜੇਕਰ ਪੰਜਾਬ ਦੇ ਲੋਕ ਭਾਜਪਾ ਨੂੰ ਸੱਤਾ ਸੌਂਪ ਕੇ ਸੇਵਾ ਦਾ ਮੌਕਾ ਪ੍ਰਦਾਨ ਕਰਦੇ ਹਨ ਤਾਂ ਭਾਜਪਾ ਆਪਣੇ ਮਿਸ਼ਨ ਨੂੰ ਪੂਰਾ ਕਰ ਕੇ ਇਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰੇਗੀ।

ਇਹ ਵੀ ਪੜ੍ਹੋ : ਕਾਂਗਰਸ ਇਕਜੁਟ, ਉਸ ਦਾ ਮਕਸਦ ਬਾਹਰੀ ਲੋਕਾਂ ਨੂੰ ਸੂਬੇ ’ਚੋਂ ਭਜਾਉਣਾ : ਚੰਨੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕਈ ਸਕੀਮਾਂ ਦਾ ਹੱਕ ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲਿਆ ਹੈ, ਉਹ ਹੱਕ ਵੀ ਪੰਜਾਬ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਥੀਮ ਗੀਤ ਵਿਚ ਭਾਜਪਾ ਨੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਗੱਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੀਤਾਂ ਅਤੇ ਡਾਂਸ ਦੇ ਨਾਲ-ਨਾਲ ਉਤਸ਼ਾਹ ਅਤੇ ਜੋਸ਼ ਦੀ ਧਰਤੀ ਹੈ। ਇਸ ਗੀਤ ਵਿਚ ਵੀ ਇਹ ਸਭ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਗੀਤ ਵਿਚ ਭਾਜਪਾ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ, ਮਾਫੀਆ ਮੁਕਤ, ਭ੍ਰਿਸ਼ਟਾਚਾਰ ਮੁਕਤ, ਰੋਜ਼ਗਾਰ ਯੋਕਤ, ਸਮਰੱਥ ਤੇ ਖੁਸ਼ਹਾਲ ਬਣਾਉਣਾ ਹੈ।

ਸ਼ਿਵ ਸੈਨਾ ਪੰਜਾਬ ਵੱਲੋਂ ਭਾਜਪਾ ਨੂੰ ਖੁੱਲ੍ਹਾ ਸਮਰਥਨ

ਸ਼ਿਵ ਸੈਨਾ ਪੰਜਾਬ ਦੇ ਸੰਜੀਵ ਘਨੌਲੀ (ਰੋਪੜ) ਨੇ ਭਾਜਪਾ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਦੇ ਉਮੀਦਵਾਰ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਚੋਣ ਮੈਦਾਨ ’ਚ ਉਤਾਰੇ ਸਨ ਤੇ ਹਜ਼ਾਰਾਂ ਵੋਟਾਂ ਪ੍ਰਾਪਤ ਕੀਤੀਆਂ ਸਨ। ਇਸ ਵਾਰ ਵੀ ਉਨ੍ਹਾਂ ਨੇ ਚਾਰ-ਪੰਜ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ ਸਨ ਪਰ ਹੁਣ ਸ਼ਿਵ ਸੈਨਾ ਪੰਜਾਬ ਨੇ ਭਾਜਪਾ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਕਿੱਟੂ ਗਰੇਵਾਲ ਸਮੇਤ ਕਈ ਆਗੂ ਭਾਜਪਾ ’ਚ ਸ਼ਾਮਲ

ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਦੱਸਿਆ ਕਿ ਅੱਜ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਆਗੂਆਂ ’ਚ ਮੱਧ ਪ੍ਰਦੇਸ਼ ਦੇ 24 ਜ਼ਿਲਿਆਂ ਦੇ ਕਾਂਗਰਸ ਇੰਚਾਰਜ ਤੇ ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਸੂਬਾ ਪ੍ਰਧਾਨ ਕਿੱਟੂ ਗਰੇਵਾਲ ਨੇ ਅੱਜ ਕਾਂਗਰਸ ਨੂੰ ਛੱਡ ਕੇ ‘ਕਮਲ ਦੇ ਫੁੱਲ’ ਨੂੰ ਆਪਨਾਇਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿਸਾਨ ਅਤੇ ਸਿੱਖ ਜਥੇਬੰਦੀਆਂ ਨਾਲ ਜੁੜੇ ਹਰਿਆਣਾ ਦੇ ਸਟੇਟ ਐਵਾਰਡੀ ਡਾ. ਰਘੁਵੀਰ ਯੁਕਤਾ, ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਦਰਸ਼ਨ ਸਿੰਘ ਮਹਿਮੀ, ਨਰੇਸ਼ ਗੁਪਤਾ, ਰਿਤੂ ਜੈਨ, ਕਾਂਗਰਸ ਦੇ ਆਈ. ਟੀ. ਕਮਿਊਨੀਕੇਸ਼ਨ ਦੇ ਚੇਅਰਮੈਨ ਅਰਵਿੰਦ ਮਿਸ਼ਰਾ, ਆਟੋ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਮਨਮੋਹਨ ਸਿੰਘ, ਵਿਧਾਨ ਸਭਾ ਹਲਕਾ ਬੰਗਾ ਤੋਂ ਹਰਨੇਕ ਸਿੰਘ ਨੰਬਰਦਾਰ, ਬਸਪਾ ਆਗੂ, ਲੇਖਕ ਤੇ ਗਾਇਕ ਭੁਪਿੰਦਰ ਸਿੰਘ, ਮਨਪ੍ਰੀਤ ਮੈਂਬਰ ਪੰਚਾਇਤ, ਰੋਸ਼ਨ ਲਾਲ ਵੀ ਭਾਜਪਾ ’ਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪਟਿਆਲਾ ਤੋਂ ਨਗਰ ਨਿਗਮ ਦੀ ਆਜ਼ਾਦ ਕੌਂਸਲਰ ਸੀਮਾ ਸ਼ਰਮਾ ਦੇ ਨਾਲ ਕਈ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਮਨੀਸ਼ ਕੁਮਾਰ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

 


Gurminder Singh

Content Editor

Related News