ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਦਾ ਅਹਿਮ ਫ਼ੈਸਲਾ, ਮੰਤਰੀਆਂ ਨੂੰ ਵੰਡੀ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ
Thursday, Oct 07, 2021 - 02:07 PM (IST)
ਚੰਡੀਗੜ੍ਹ : ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਮੰਤਰੀਆਂ ਨੂੰ ਵਿਕਾਸ ਕਾਰਜਾਂ ਅਤੇ ਹੋਰ ਸਰਕਾਰੀ ਕੰਮਕਾਜ ਲਈ ਜ਼ਿਲ੍ਹਿਆਂ ਦੀ ਵੰਡ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ ਓਮ ਪ੍ਰਕਾਸ਼ ਸੋਨੀ ਨੂੰ ਜਲੰਧਰ, ਬ੍ਰਹਮ ਮਹਿੰਦਰਾ ਨੂੰ ਮੋਹਾਲੀ, ਮਨਪ੍ਰੀਤ ਸਿੰਘ ਬਾਦਲ ਨੂੰ ਲੁਧਿਆਣਾ ਅਤੇ ਰੋਪੜ ਜ਼ਿਲ੍ਹਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ, ਅਰੁਣਾ ਚੌਧਰੀ ਨੂੰ ਹੁਸ਼ਿਆਰਪੁਰ ਅਤੇ ਪਠਾਨਕੋਟ, ਸੁਖਵਿੰਦਰ ਸਿੰਘ ਸਰਕਾਰੀਆ ਨੂੰ ਗੁਰਦਾਸਪੁਰ ਅਤੇ ਫਾਜ਼ਲਿਕਾ ਜ਼ਿਲ੍ਹਾ ਅਲਾਟ ਕੀਤਾ ਗਿਆ ਹੈ।
ਰਾਣਾ ਗੁਰਜੀਤ ਸਿੰਘ ਨੂੰ ਬਰਨਾਲਾ, ਵਿਜੇ ਇੰਦਰ ਸਿੰਗਲਾ ਨੂੰ ਫਤਿਹਗੜ੍ਹ ਸਾਹਿਬ, ਭਾਰਤ ਭੂਸ਼ਣ ਆਸ਼ੂ ਨੂੰ ਸੰਗਰੂਰ, ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਣਦੀਪ ਸਿੰਘ ਨਾਭਾ ਨੂੰ ਕਪੂਰਥਲਾ, ਰਾਜ ਕੁਮਾਰ ਵੇਰਕਾ ਨੂੰ ਪਟਿਆਲਾ, ਸੰਗਤ ਸਿੰਘ ਗਿਲਜੀਆ ਨੂੰ ਸ਼ਹੀਦ ਭਗਤ ਸਿੰਘ ਨਗਰ, ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਮਾਨਸਾ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਬਠਿੰਡਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਕਾਫ਼ਲੇ 'ਚ ਪੁੱਜੇ ਮੁੱਖ ਮੰਤਰੀ ਚੰਨੀ, ਲਖੀਮਪੁਰ ਲਈ ਰਵਾਨਾ ਹੋਇਆ ਕਾਂਗਰਸ ਦਾ ਮਾਰਚ
ਦੱਸਣਯੋਗ ਹੈ ਕਿ ਰਜ਼ੀਆ ਸੁਲਤਾਨਾ ਵੱਲੋਂ ਨਵਜੋਤ ਸਿੱਧੂ ਦੇ ਪੱਖ 'ਚ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਕਿਸੇ ਜ਼ਿਲ੍ਹੇ ਦੀ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ