CM ਬਣਨ ਮਗਰੋਂ ਸ੍ਰੀ ਚਮਕੌਰ ਸਾਹਿਬ ਪਹੁੰਚੇ ਚਰਨਜੀਤ ਚੰਨੀ, ਕਿਹਾ-ਗੁਰੂ ਸਾਹਿਬ ਦੀ ਬੇਅਦਬੀ ਦਾ ਹੋਵੇਗਾ ਇਨਸਾਫ਼

Monday, Sep 20, 2021 - 08:04 PM (IST)

ਸ੍ਰੀ ਚਮਕੌਰ ਸਾਹਿਬ (ਸੱਜਨ ਸੈਣੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਦਾ ਹਰ ਆਮ ਆਦਮੀ ਪੰਜਾਬ ਦਾ ਮੁੱਖ ਮੰਤਰੀ ਹੈ। ਚੰਨੀ ਅੱਜ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਅਨਾਜ ਮੰਡੀ ਵਿਖੇ ਖੁੱਲ੍ਹੇ ਪੰਡਾਲ ’ਚ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਦੇ ਸੁਪਤਨੀ ਡਾ. ਕਮਲਜੀਤ ਕੌਰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲਸ ਦੀ ਟੁਕੜੀ ਨੇ ਉਨ੍ਹਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗੁਰੂ ਸਾਹਿਬ ਦੀ ਹੋਈ ਬੇਅਦਬੀ ਦਾ ਇਨਸਾਫ਼ ਲੈਣ ਦਾ ਵੇਲਾ ਆ ਗਿਆ ਹੈ ਅਤੇ ਕਾਨੂੰਨ ਮੁਤਾਬਕ ਇਨਸਾਫ਼ ਹੋਵੇਗਾ। ਚੰਨੀ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਅਤੇ ਉਹ ਖ਼ੁਦ ਹਰ ਹਾਲ ਕਿਸਾਨਾਂ ਦੇ ਨਾਲ ਹਨ ਅਤੇ ਉਹ ਜਲਦ ਹੀ ਉਸ ਥਾਂ ਨਤਮਸਤਕ ਹੋਣਗੇ, ਜਿੱਥੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਧਰਨੇ ’ਤੇ ਬੈਠੇ ਹਨ। ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਿਆਂ ਭਰੋਸੇ ਨਾਲ ਕਿਹਾ ਕਿ ਇਹ ਕਾਲੇ ਕਾਨੂੰਨ ਹਰ ਹਾਲ ਵਾਪਸ ਹੋਣਗੇ, ਜਿਸ ਲਈ ਪੰਜਾਬ ਸਰਕਾਰ ਹਰ ਉਪਰਾਲਾ ਕਰੇਗੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਹਾਈਕਮਾਂਡ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੂਬੇ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਸਾਰਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਆਪਣਾ ਅਹੁਦਾ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਚੰਨੀ ਨੇ ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਖੇਤੀ ਕਾਨੂੰਨਾਂ ’ਤੇ ਮਗਰਮੱਛ ਵਾਲੇ ਹੰਝੂ ਵਹਾਉਣ ਲਈ ਕੋਸਿਆ। ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਜਲ ਸਪਲਾਈ ਦੀਆਂ ਮੋਟਰਾਂ ਦੇ ਪੰਚਾਇਤਾਂ ਵੱਲ ਖੜ੍ਹੇ ਬਿਜਲੀ ਬਿੱਲਾਂ ਦੇ ਬਕਾਇਆ ਤੁਰੰਤ ਪ੍ਰਭਾਵ ਨਾਲ ਮੁਆਫ਼ ਹੋਣਗੇ ਅਤੇ ਜਿਹੜੇ ਗਰੀਬ ਲੋਕਾਂ ਦੇ ਬਿਜਲੀ ਕੁਨੈਕਸ਼ਨ ਬਿੱਲ ਨਾ ਭਰਨ ਕਰਕੇ ਕੱਟੇ ਗਏ ਸਨ, ਉਹ ਕੁਨੈਕਸ਼ਨ ਬਹਾਲ ਕਰਕੇ ਬਿੱਲ ਮੁਆਫ਼ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਦਾ ਵਿਕਾਸ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਇੱਥੋਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਮੁਹੱਈਆ ਕਰਵਾਉਣ ਲਈ ਉਨ੍ਹਾਂ ਨੇ ਮੰਚ ’ਤੇ ਮੌਜੂਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਚਮਕੌਰ ਸਾਹਿਬ ਦੇ ਹਲਕਾ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ਼ਹੀਦਾਂ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ ਅਤੇ ਇਥੇ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਮਾਣ ਬਖ਼ਸ਼ਿਆ ਹੈ ਅਤੇ ਹੁਣ ਉਹ ਜਦੋਂ ਸੂਬੇ ਦੇ ਮੁੱਖ ਮੰਤਰੀ ਬਣ ਗਏ ਹਨ ਤੇ ਹਲਕੇ ਦੇ ਹਰ ਪਿੰਡ ਨੂੰ ਦਿਲ ਖੋਲ੍ਹ ਕੇ ਵਿਕਾਸ ਫੰਡ ਪ੍ਰਾਪਤ ਹੋਣਗੇ। ਮੁੱਖ ਮੰਤਰੀ ਨੇ ਹੋਰ ਕਿਹਾ ਕਿ ਚਮਕੌਰ ਸਾਹਿਬ ਨੂੰ ਸੈਲਾਨੀ ਹੱਬ ਬਣਾਇਆ ਜਾ ਰਿਹਾ ਹੈ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਥੀਮ ਪਾਰਕ 6 ਨਵੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬੇਲਾ ਤੋਂ ਪਨਿਆਲੀ ਸੜਕ ’ਤੇ 33 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ ਸਤਲੁਜ ਦਰਿਆ ਉੱਤੇ ਪੁਲ ਬਣਾਉਣ ਲਈ 114 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਹਲਕੇ ’ਚ ਵੱਖ-ਵੱਖ ਥਾਵਾਂ ’ਤੇ ਕਮਿਊਨਿਟੀ ਸੈਂਟਰ ਅਤੇ ਦੋ ਆਈ. ਟੀ. ਆਈਜ਼ ਦਾ ਨਿਰਮਾਣ ਜੰਗੀ ਪੱਧਰ ’ਤੇ ਜਾਰੀ ਹੈ, ਜੋ ਛੇਤੀ ਮੁਕੰਮਲ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੋਰਿੰਡਾ ਵਿਖੇ ਬਣ ਰਿਹਾ ਰੇਲਵੇ ਅੰਡਰਬ੍ਰਿਜ ਦੀਵਾਲੀ ਮੌਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਇਸ ਇਤਿਹਾਸਕ ਨਗਰੀ ਵਿਖੇ ਯਾਦਗਾਰੀ ਗੇਟ ਬਣਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਗਲਿਆਰਾ ਪ੍ਰਾਜੈਕਟ ਜਾਂ ਸ੍ਰੀ ਅੰਮ੍ਰਿਤਸਰ ਵਿਖੇ ਬਣਿਆ ਹੈ ਜਾਂ ਇਸ ਸਬੰਧੀ ਕੰਮ ਸ੍ਰੀ ਚਮਕੌਰ ਸਾਹਿਬ ਵਿਖੇ ਜਾਰੀ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਦੇ ਸੁੰਦਰੀਕਰਨ ਲਈ 50 ਕਰੋੜ ਰੁਪਏ ਹੋਰ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਜੱਦੀ ਪਿੰਡ ਭਜੌਲੀ ਅਤੇ ਨਾਨਕੇ ਪਿੰਡ ਮਕੜੌਨਾ ਕਲਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਵੀ ਜੇ ਕੋਈ ਦੇਖਣਾ ਚਾਹੇ ਤਾਂ ਇਨ੍ਹਾਂ ਦੋਵਾਂ ਪਿੰਡਾਂ ’ਚ ਸਥਿਤ ਉਨ੍ਹਾਂ ਦੇ ਪਰਿਵਾਰਕ ਘਰਾਂ ਨੂੰ ਦੇਖ ਕੇ ਸਹਿਜੇ ਹੀ ਸਮਝ ਸਕਦਾ ਹੈ ਕਿ ਉਹ ਕਿੰਨੀ ਗਰੀਬੀ ’ਚੋਂ ਨਿਕਲੇ ਹਨ, ਜਿਸ ਕਰਕੇ ਉਹ ਗਰੀਬਾਂ ਦੇ ਦਰਦ ਨੂੰ ਦਿਲੋਂ ਸਮਝਦੇ ਹਨ ਅਤੇ ਉਨ੍ਹਾਂ ਦੇ ਦਰਵਾਜ਼ੇ ਹਰ ਆਮ ਨਾਗਰਿਕ ਅਤੇ ਗਰੀਬਾਂ ਲਈ ਸਦਾ ਖੁੱਲ੍ਹੇ ਹਨ ਪਰ ਬੇਈਮਾਨਾਂ ਲਈ ਪੱਕੇ ਤੌਰ ’ਤੇ ਬੰਦ ਹਨ। ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਨਪ੍ਰੀਤ ਸਿੰਘ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। 


Manoj

Content Editor

Related News