ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਦਾ ਮਾਸਟਰ ਸਟ੍ਰਾਕ, ਪਹਿਲੀ ਵਾਰ ਦਲਿਤ ਬਣੇਗਾ ਪੰਜਾਬ ਦਾ ਮੁੱਖ ਮੰਤਰੀ
Sunday, Sep 19, 2021 - 06:46 PM (IST)
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੇ 24 ਘੰਟੇ ਬਾਅਦ ਹੀ ਕਾਂਗਰਸ ਹਾਈਕਮਾਨ ਨੇ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਹਾਈਕਮਾਨ ਨੇ ਮਾਸਟਰ ਸਟ੍ਰਾਕ ਖੇਡਦਿਆਂ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦੀ ਕਮਾਨ ਸੌਂਪ ਦਿੱਤੀ ਹੈ। ਵਿਰੋਧੀ ਪਾਰਟੀਆਂ ਵਲੋਂ ਜਿੱਥੇ ਦਲਿਤ ਆਗੂ ਨੂੰ ਉਪ ਮੁੱਖ ਮੰਤਰੀ ਬਨਾਉਣ ਦੀ ਗੱਲ ਆਖੀ ਜਾ ਰਹੀ ਸੀ, ਉਥੇ ਹੀ ਕਾਂਗਰਸ ਨੇ ਦਲਿਤ ਆਗੂ ਨੂੰ ਮੁੱਖ ਮੰਤਰੀ ਬਣਾ ਕੇ ਵੱਡਾ ਦਾਅ ਖੇਡਿਆ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕੋਈ ਦਲਿਤ ਸਿੱਖ ਆਗੂ ਪੰਜਾਬ ’ਚ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚਰਨਜੀਤ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ
ਚਰਨਜੀਤ ਚੰਨੀ ਦਾ ਸਿਆਸੀ ਸਫ਼ਰ
ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਬਣੇ। 2007 ਵਿਚ ਉਹ ਆਜ਼ਾਦ ਜਿੱਤੇ ਸਨ। ਇਸ ਤੋਂ ਬਾਅਦ ਦੋ ਵਾਰ ਕਾਂਗਰਸ ਦੀ ਟਿਕਟ ’ਤੇ ਚੋਣ ਲੜੇ ਅਤੇ ਦੋਵੇਂ ਵਾਰ ਜਿੱਤੇ। 2015 ਤੋਂ 2016 ਤੱਕ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਹੇ। ਚੰਨੀ ਰਮਦਾਸੀਆ ਸਿੱਖ ਭਾਈਚਾਰੇ ਨਾਲ ਸੰਬੰਧਤ ਹਨ। 2017 ਵਿਚ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਨ੍ਹਾਂ ਨੇ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਮੰਤਰੀ ਬਣਾਇਆ ਗਿਆ। ਅਮਰਿੰਦਰ ਸਿੰਘ ਦੇ ਖ਼ਿਲਾਫ਼ ਅਗਸਤ ਵਿਚ ਹੋਈ ਬਗਾਵਤ ਦੀ ਅਗਵਾਈ ਕਰਨ ਵਾਲਿਆਂ ਵਿਚ ਚਰਨਜੀਤ ਚੰਨੀ ਸਭ ਤੋਂ ਮੋਹਰੀ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਸਾਨੂੰ ਅਮਰਿੰਦਰ ਸਿੰਘ ’ਤੇ ਭਰੋਸਾ ਨਹੀਂ ਹੈ।
ਇਹ ਵੀ ਪੜ੍ਹੋ : ਅਸਤੀਫ਼ਾ ਦੇਣ ਤੋਂ ਪਹਿਲਾਂ ਕੈਪਟਨ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ, ਆਖੀਆਂ ਵੱਡੀਆਂ ਗੱਲਾਂ
ਚੰਨੀ ਦੇ ਬਹਾਨੇ ਕਾਂਗਰਸ ਦਾ 32 ਫ਼ੀਸਦ ਵੋਟ ਬੈਂਕ ’ਤੇ ਨਿਸ਼ਾਨਾ
ਚੰਨੀ ਦੇ ਸਹਾਰੇ ਕਾਂਗਰਸ ਨੇ ਪੰਜਾਬ ਵਿਚ 32 ਫ਼ੀਸਦੀ ਦਲਿਤ ਵੋਟ ਬੈਂਕ ’ਤੇ ਨਿਸ਼ਾਨਾ ਵਿੰਨਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਦਲਿਤ ਡਿਪਟੀ ਸੀ. ਐੱਮ. ਬਨਾਉਣ ਦੇ ਚੋਣ ਵਾਅਦੇ ਦਾ ਵੀ ਤੋੜ ਕੱਢਿਆ ਗਿਆ ਹੈ। ਭਾਜਪਾ ਨੇ ਵੀ ਦਲਿਤ ਮੁੱਖ ਮੰਤਰੀ ਬਨਾਉਣ ਦਾ ਵਾਅਦਾ ਕੀਤਾ ਸੀ। ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਸੀ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿਚ ਦਲਿਤ ਆਗੂ ਹਰਪਾਲ ਚੀਮਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਹੈ। ਕਾਂਗਰਸ ਨੇ ਇਸ ਦਾਅ ਨਾਲ ਸਾਰੀਆਂ ਪਾਰਟੀਆਂ ਨੂੰ ਚਾਰੋ ਖਾਨੇ ਚਿੱਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੇ ਠੋਕਿਆ ਮੁੱਖ ਮੰਤਰੀ ਬਣਨ ਦਾ ਦਾਅਵਾ
ਨੋਟ - ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਨਾਉਣ ਦੇ ਕਾਂਗਰਸ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?