ਸਾਜ਼ਿਸ਼ ਤਹਿਤ ਵਿਰੋਧੀ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਚਰਨਜੀਤ ਸਿੰਘ ਚੰਨੀ
Tuesday, Jan 20, 2026 - 07:28 PM (IST)
ਮਹਿਲ ਕਲਾਂ (ਹਮੀਦੀ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਿੰਡ ਠੀਕਰੀਵਾਲਾ ਵਿਖੇ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੇ ਸਮਾਜਿਕ ਆਜ਼ਾਦੀ, ਰਾਜਨੀਤਿਕ ਅਧਿਕਾਰਾਂ ਦੀ ਬਹਾਲੀ ਅਤੇ ਸਿੱਖ ਕੌਮ ਦੇ ਹੱਕਾਂ ਲਈ ਆਪਣੀ ਅਮੋਲਕ ਕੁਰਬਾਨੀ ਦਿੱਤੀ। ਉਹ ਪਰਜਾ ਮੰਡਲ ਲਹਿਰ ਦੇ ਬਾਨੀ ਪ੍ਰਧਾਨ ਸਨ ਅਤੇ ਉਨ੍ਹਾਂ ਦੀ ਸ਼ਹਾਦਤ ਸਦਾ ਹੀ ਲੋਕਾਂ ਦੇ ਮਨਾਂ ਵਿੱਚ ਯਾਦਗਾਰ ਰਹੇਗੀ। ਕਾਂਗਰਸ ਪਾਰਟੀ ਵਿੱਚ ਉੱਚ ਜਾਤਾਂ ਨੂੰ ਅਹੁਦੇ ਦੇਣ ਸਬੰਧੀ ਆਪਣੇ ਬਿਆਨ ’ਤੇ ਹੋ ਰਹੀ ਆਲੋਚਨਾ ਬਾਰੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਜਾਣਬੁੱਝ ਕੇ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਪਾਰਟੀ ਹਰ ਵਰਗ, ਫਿਰਕੇ, ਜਾਤ ਅਤੇ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਰਹਿੰਦੇ ਹੋਏ ਉਨ੍ਹਾਂ ਨੇ ਸਾਰਿਆਂ ਲਈ ਬਰਾਬਰੀ ਦੇ ਅਸੂਲਾਂ ਅਨੁਸਾਰ ਕੰਮ ਕੀਤਾ।
ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਸਮਾਗਮ ਦੇ ਅੰਤਿਮ ਦਿਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਰਾਹੁਲਇੰਦਰ ਸਿੰਘ ਭੱਠਲ, ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇਡਾ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੀਵਾਨਾ, ਸਤਨਾਮ ਸਿੰਘ ਰਾਹੀ, ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ, ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਸਾਬਕਾ ਰਾਜ ਸਭਾ ਮੈਂਬਰ ਰਾਜਦੇਵ ਸਿੰਘ ਖਾਲਸਾ, ਮੰਗਤ ਰਾਮ ਪਾਸਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਸਮਾਗਮ ਦੌਰਾਨ ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਪਹੁੰਚੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
