4 ਨਵੰਬਰ ਦੀ ਸੰਗਰੂਰ ਰੈਲੀ ''ਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਅਹਿਮ ਮੁੱਦੇ ਚੁੱਕਣਗੇ ਰਾਹੁਲ ਗਾਂਧੀ: ਚੰਨੀ

Sunday, Nov 01, 2026 - 08:46 PM (IST)

4 ਨਵੰਬਰ ਦੀ ਸੰਗਰੂਰ ਰੈਲੀ ''ਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਅਹਿਮ ਮੁੱਦੇ ਚੁੱਕਣਗੇ ਰਾਹੁਲ ਗਾਂਧੀ: ਚੰਨੀ

ਮੋਰਿੰਡਾ (ਅਰਨੋਲੀ)- ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਜੱਗ ਬਾਣੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਕਾਂਗਰਸ ਦੇ ਕੌਮੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।

ਚੰਨੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਬੇਰੁਜ਼ਗਾਰੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਦੀ ਬਜਾਏ ਸਰਕਾਰ ਸਿਰਫ਼ ਬਿਆਨਾਂ ਅਤੇ ਐਲਾਨਾਂ ਤੱਕ ਸੀਮਤ ਨਜ਼ਰ ਆ ਰਹੀ ਹੈ। ਉਨ੍ਹਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵੱਡੇ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ, ਵਪਾਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸੂਬੇ ਦੇ ਹੱਕਾਂ ਨਾਲ ਜੁੜੇ ਮਾਮਲੇ ਵੀ ਕਾਂਗਰਸ ਵੱਲੋਂ ਉਠਾਏ ਜਾਣਗੇ।

ਚੰਨੀ ਨੇ ਕਿਹਾ ਕਿ 4 ਨਵੰਬਰ ਦੀ ਸੰਗਰੂਰ ਰੈਲੀ ਸਿਰਫ਼ ਇਕ ਸਿਆਸੀ ਇਕੱਠ ਨਹੀਂ ਹੋਵੇਗੀ, ਸਗੋਂ ਪੰਜਾਬ ਦੇ ਲੋਕਾਂ ਦੇ ਅਹਿਮ ਮਸਲਿਆਂ ਨੂੰ ਉਭਾਰਨ ਦਾ ਮੰਚ ਬਣੇਗੀ। ਰਾਹੁਲ ਗਾਂਧੀ ਇਸ ਰੈਲੀ ਵਿੱਚ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਕੌਮੀ ਪੱਧਰ ’ਤੇ ਉਠਾਉਣਗੇ।

ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਮੂਹ ਸੀਨੀਅਰ ਆਗੂ ਅਤੇ ਵਰਕਰ ਸਰਗਰਮ ਹਨ। ਪਾਰਟੀ ਵੱਲੋਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ, ਕਿਸਾਨਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਰੈਲੀ ਵਿਚ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸ ਦੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।


author

Anmol Tagra

Content Editor

Related News