ਪਹਿਲਾਂ ਵਿਰੋਧੀ ਕਹਿੰਦੇ ਸਨ ਇਸ ਨੇ ਕੀ ਕਰਨਾ! ਹੁਣ ਕਹਿੰਦੇ ‘ਇਸਦਾ ਕਰੀਏ ਕੀ? : ਚੰਨੀ
Tuesday, Dec 07, 2021 - 06:43 PM (IST)
ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਦੇ ਤੌਰ ’ਤੇ ਸੂਬੇ ਦੀ ਵਾਗਡੋਰ ਸੰਭਾਲਣ ’ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ ‘ਆਪ’ ਨੇਤਾ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹੋਏ ਕਹਿੰਦੇ ਸਨ ‘ਇਸ ਨੇ ਕੀ ਕਰਨਾ!’ ਅਤੇ ਹੁਣ ਜ਼ਮੀਨੀ ਪੱਧਰ ’ਤੇ ਉਨ੍ਹਾਂ ਦਾ ਪ੍ਰਦਰਸ਼ਨ ਦੇਖਣ ਤੋਂ ਬਾਅਦ ਇਹ ਕਹਿਣ ਲਈ ਮਜ਼ਬੂਰ ਹਨ ਕਿ ‘ਇਸਦਾ ਕਰੀਏ ਕੀ?’ ਚੰਡੀਗੜ੍ਹ ਵਿਚ ਗੱਲਬਾਤ ਕਰਦੇ ਹੋਏ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ ’ਤੇ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਸਿਰਫ ਰਾਜਨੀਤਕ ਲਾਭ ਲਈ ਸੂਬੇ ਦੇ ਹਿੱਤਾਂ ਨੂੰ ਗੁਪਤ ਤੌਰ ’ਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਅੱਧੀ ਰਾਤ ਮੁੱਖ ਮੰਤਰੀ ਚੰਨੀ ਨੂੰ ਦੇਖ ਹੈਰਾਨ ਹੋਏ ਪਿੰਡ ਖੁਆਲੀ ਦੇ ਲੋਕ, ਸਾਦਗੀ ਭਰੇ ਅੰਦਾਜ਼ ਨੇ ਲੁੱਟਿਆ ਸਭ ਦਾ ਦਿਲ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਦੇ ਮੂਡ ਵਿਚ ਵੱਡੀ ਤਬਦੀਲੀ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ੇ ਦੇ ਮੁੱਦੇ ’ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਠੀਕ ਰਾਹ ’ਤੇ ਚੱਲ ਰਹੇ ਹਨ ਅਤੇ ਛੇਤੀ ਹੀ ਲੋਕਾਂ ਨੂੰ ਤਸੱਲੀਬਖਸ਼ ਇਨਸਾਫ ਮਿਲੇਗਾ। ਵਿਰੋਧੀ ਧਿਰ ਖਾਸ ਤੌਰ ’ਤੇ ‘ਆਪ’ ਵਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਟਿੱਪਣੀ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ’ ਨੇਤਾ ਬਿਨਾਂ ਕਿਸੇ ਗੱਲ ਜਾਂ ਕਾਰਨ ਦੇ ਲਗਾਤਾਰ ਉਨ੍ਹਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ। ਉਨ੍ਹਾਂ ਨੇ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਦਿੱਲੀ ਵਿਚ ਆਪਣੀ ਸਰਕਾਰ ’ਤੇ ਜ਼ਿਆਦਾ ਧਿਆਨ ਦੇਣ।
ਇਹ ਵੀ ਪੜ੍ਹੋ : ਵਡਾਲਾ ਭਿੱਟੇ ਵੱਢ ਦੇ ਸਰਕਾਰੀ ਸਕੂਲ ’ਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਚਨਚੇਤ ਕੀਤੀ ਚੈਕਿੰਗ
ਕੈਪਟਨ ਨੇ ਖੁਦ ਨੂੰ ਫਾਰਮਹਾਊਸ ’ਚ ਕੈਦ ਰੱਖਿਆ, ਹੁਣ ਕੋਈ ਭਰੋਸਾ ਨਹੀਂ ਕਰੇਗਾ
ਕੈਪਟਨ ਅਮਰਿੰਦਰ ਸਿੰਘ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵਿਤ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਨ੍ਹਾਂ ਨੇ ਖੁਦ ਨੂੰ ਆਪਣੇ ਫਾਰਮਹਾਊਸ ਵਿਚ ਕੈਦ ਕਰ ਲਿਆ, ਹੁਣ ਕੋਈ ਵੀ ਉਸਦੀ ਨਵੀਂ ਪਾਰਟੀ ’ਤੇ ਕਿਵੇਂ ਭਰੋਸਾ ਕਰ ਸਕਦਾ ਹੈ। ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇੱਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ। ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਦੀ ਤਰ੍ਹਾਂ ਕਦੇ ਵੀ ਸਵੀਕਾਰ ਨਹੀਂ ਕਰਨਗੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?