''ਨਾਨਕ ਨਾਮ ਲੇਵਾ'' ਸੰਸਥਾਵਾਂ ਨਾਲ ਮਿਲ ਕੇ ਮਨਾਇਆ ਜਾਵੇਗਾ 550 ਸਾਲਾ ਪ੍ਰਕਾਸ਼ ਪੁਰਬ

06/11/2019 11:16:11 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ। ਇਥੇ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਵਿਭਾਗ ਦਾ ਚਾਰਜ ਲੈਣ ਉਪਰੰਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ।

ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨਾਲ ਤਾਲਮੇਲ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮ ਉਲੀਕਣ। ਇਕ ਅਹਿਮ ਐਲਾਨ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੈਰ-ਸਪਾਟਾ ਨਾਲ ਸਬੰਧਤ ਕੋਈ ਵੀ ਥਾਂ/ਜ਼ਮੀਨ ਵੇਚੀ ਨਹੀਂ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਥਾਵਾਂ ਨੂੰ ਸੈਰ-ਸਪਾਟੇ ਦੇ ਕੇਂਦਰਾਂ ਵਜੋਂ ਵਿਕਸਤ ਕਰਨ ਲਈ ਰਿਪੋਰਟ ਤਿਆਰ ਕਰਕੇ ਜਲਦ ਤੋਂ ਜਲਦ ਪੇਸ਼ ਕਰਨ ਲਈ ਕਿਹਾ।

ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਢਾਹ ਲਾਉਣ ਅਤੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਖਿਲਾਫ ਕਾਰਵਾਈ ਲਈ ਗੰਭੀਰ ਚਰਚਾ ਕੀਤੀ ਗਈ। ਚੰਨੀ ਨੇ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਗਾਇਕਾਂ ਅਤੇ ਕਲਾਕਾਰਾਂ ਨੂੰ ਠੱਲ੍ਹ ਪਾਉਣ ਲਈ ਵਿਸੇਸ਼ ਐਕਟ ਬਣਾਉਣ ਲਈ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿਚ ਵਿਕਾਸ ਪ੍ਰਤਾਪ ਪ੍ਰਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ, ਲਖਮੀਰ ਸਿੰਘ ਸੰਯੁਕਤ ਡਾਇਰੈਕਟਰ ਸਭਿਆਚਾਰਕ ਮਾਮਲੇ, ਸੰਜੀਵ ਕੁਮਾਰ ਕਾਰਜਕਾਰੀ ਡਾਇਰੈਕਟਰ ਪੀ. ਐੱਚ. ਟੀ. ਪੀ. ਬੀ, ਅਨੁਪ੍ਰਿਤਾ ਜੌਹਲ ਡਿਪਟੀ ਸਕੱਤਰ ਸੈਰ ਸਪਾਟਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
 


Babita

Content Editor

Related News