ਮੁੱਖ ਮੰਤਰੀ ਚਰਨਜੀਤ ਚੰਨੀ ਬੇਟੇ ਦੇ ਵਿਆਹ ਤੋਂ ਪਹਿਲਾਂ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਨਤਮਸਤਕ (ਤਸਵੀਰਾਂ)
Tuesday, Oct 05, 2021 - 04:14 PM (IST)
ਮੋਹਾਲੀ (ਪਰਦੀਪ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੁਰਦੁਆਰਾ ਸਾਚਾ ਧਨੁ ਮੋਹਾਲੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਅਤੇ ਸੀਨੀਅਰ ਮੀਤ ਪ੍ਰਧਾਨ ਤਰਲੋਚਨ ਸਿੰਘ ਦੇ ਨਾਲ ਵੀ ਵਿਚਾਰਾਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਨਵਜੀਤ ਸਿੰਘ ਨਵੀ ਦੇ 10 ਅਕਤੂਬਰ, 2021 ਨੂੰ ਇਸ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਹੋਣੇ ਹਨ।
ਇਹ ਵੀ ਪੜ੍ਹੋ : STF ਦੀ ਸੀਲਬੰਦ ਰਿਪੋਰਟ 'ਤੇ ਨਵਜੋਤ ਸਿੱਧੂ ਦਾ ਟਵੀਟ, 'ਅੱਜ ਖੁੱਲ੍ਹਣਗੇ ਨਸ਼ਾ ਕਾਰੋਬਾਰੀਆਂ ਦੇ ਭੇਤ'
ਇਨ੍ਹਾਂ ਆਨੰਦ ਕਾਰਜਾਂ ਨੂੰ ਲੈ ਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਮੁੱਖ ਮੰਤਰੀ ਗੁਰਦੁਆਰਾ ਸਾਹਿਬ ਪਹੁੰਚੇ। ਇਸ ਮੌਕੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸੰਨੀ ਇਨਕਲੇਵ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਬਾਜਵਾ, ਜਸਵੰਤ ਸਿੰਘ ਭੁੱਲਰ, ਦਸਮੇਸ਼ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦੁਆਰਾ ਸਾਚਾ ਧਨੁ ਸਾਹਿਬ ਦੇ ਅਧਿਆਪਕ ਕਮਲਦੀਪ ਕੌਰ ਵੀ ਹਾਜ਼ਰ ਸਨ। ਇਸ ਮੌਕੇ 'ਤੇ ਗੱਲਬਾਤ ਕਰਦਿਆਂ ਕਮਲਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਸੁਭਾਅ ਬਹੁਤ ਹੀ ਮਿਲਾਪੜਾ ਹੈ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਜਵਾਨ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ, ਬਾਂਹ 'ਚ ਲੱਗੀ ਮਿਲੀ ਸਰਿੰਜ
ਉਨ੍ਹਾਂ ਸਭਨਾਂ ਅਧਿਆਪਕਾਂ ਨਾਲ ਅਤੇ ਬੱਚਿਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਆਰ. ਪੀ. ਸਿੰਘ ਅਤੇ ਜਨਰਲ ਸਕੱਤਰ ਟੌਹੜਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਗੁਰਦੁਆਰਾ ਸਾਹਿਬ ਵਿਖੇ ਆਮਦ ਨੂੰ ਲੈ ਕੇ ਉਨ੍ਹਾਂ ਨੂੰ ਦੁਪਹਿਰ 12 ਵਜੇ ਫੋਨ ਆਇਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ 25 ਮਿੰਟ ਗੁਰਦੁਆਰਾ ਸਾਹਿਬ ਵਿਖੇ ਲਗਾਏ ਅਤੇ ਗੁਰਦੁਆਰਾ ਸਾਹਿਬ ਵਿਖੇ ਆਨੰਦ ਕਾਰਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਦਾ ਐਲਾਨ
ਇਸ ਤੋਂ ਬਾਅਦ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਨਾਲ ਚਾਹ ਦਾ ਲੰਗਰ ਵੀ ਛਕਿਆ। ਬਲਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਸਮੁੱਚਾ ਪੰਜਾਬ ਉਨ੍ਹਾਂ ਵੱਲ ਵੇਖ ਰਿਹਾ ਹੈ ਅਤੇ ਪਰਮਾਤਮਾ ਉਨ੍ਹਾਂ ਨੂੰ ਸੁਮੱਤ ਬਖਸ਼ੇ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ