BSF ਮੁੱਦੇ 'ਤੇ CM ਚੰਨੀ ਤੇ ਨਵਜੋਤ ਸਿੱਧੂ ਨੇ ਇਕੱਠਿਆਂ ਕੀਤੀ ਪ੍ਰੈੱਸ ਕਾਨਫਰੰਸ, ਸੁਪਰੀਮ ਕੋਰਟ ਜਾਣ ਦੀ ਕਹੀ ਗੱਲ

Monday, Oct 25, 2021 - 04:49 PM (IST)

BSF ਮੁੱਦੇ 'ਤੇ CM ਚੰਨੀ ਤੇ ਨਵਜੋਤ ਸਿੱਧੂ ਨੇ ਇਕੱਠਿਆਂ ਕੀਤੀ ਪ੍ਰੈੱਸ ਕਾਨਫਰੰਸ, ਸੁਪਰੀਮ ਕੋਰਟ ਜਾਣ ਦੀ ਕਹੀ ਗੱਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀ. ਐੱਸ. ਐੱਫ. ਦੇ ਮੁੱਦੇ 'ਤੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵੱਲੋਂ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਚੰਗੇ ਮਾਹੌਲ 'ਚ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਇਸ ਮੁੱਦੇ 'ਤੇ ਸਰਵ ਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਇਸ 'ਤੇ ਸਹਿਮਤ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਪਾਰਟੀਆਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਮੁੱਦੇ 'ਤੇ ਜਲਦੀ ਹੀ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦਾ ਪੰਜਾਬ ਅਤੇ ਪੰਜਾਬੀਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਹੱਕਾਂ 'ਤੇ ਇਕ ਕਿਸਮ ਦਾ ਡਾਕਾ ਮਾਰਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਜੋ ਵੀ ਸੰਘਰਸ਼ ਕਰਨਾ ਪਿਆ, ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕੱਠੀਆਂ ਹੋ ਕੇ ਉਸ ਸੰਘਰਸ਼ 'ਚ ਜੂਝਣਗੀਆਂ।

ਇਹ ਵੀ ਪੜ੍ਹੋ : ਭਾਰਤ-ਪਾਕਿ ਕ੍ਰਿਕਟ ਮੈਚ ਨੂੰ ਲੈ ਕੇ ਭਿੜੇ ਕਸ਼ਮੀਰੀ ਤੇ UP ਦੇ ਵਿਦਿਆਰਥੀ, ਵੀਡੀਓ ਹੋਈ ਵਾਇਰਲ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਕੇਂਦਰ ਸਰਕਾਰ ਤੋਂ ਇਹ ਨੋਟੀਫਿਕੇਸ਼ਨ ਵਾਪਸ ਕਰਵਾਉਣਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ਅਤੇ ਇਨਸਾਫ਼ ਦੀ ਮੰਗ ਕਰੇਗੀ। ਚਰਨਜੀਤ ਸਿੰਘ ਚੰਨੀ ਨੇ ਸਰਬ ਪਾਰਟੀ ਮੀਟਿੰਗ 'ਚ ਆਉਣ ਵਾਲੀਆਂ ਸਾਰੀਆਂ ਪਾਰਟੀਆਂ ਅਤੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਵੱਲੋਂ ਇਸ ਲੜਾਈ ਨੂੰ ਇਕੱਠੇ ਹੋ ਕੇ ਲੜਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਕੋਈ ਵੱਡੀ ਚੀਜ਼ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਮੁੱਖ ਮੰਤਰੀ ਜਾਂ ਕੋਈ ਹੋਰ ਅਹੁਦਾ ਕੋਈ ਮਾਇਨੇ ਨਹੀਂ ਰੱਖਦਾ।

ਇਹ ਵੀ ਪੜ੍ਹੋ : ਸਮਰਾਲਾ ਚੌਂਕ 'ਚ ਸਿੱਖ ਸੰਗਠਨਾਂ ਦਾ ਧਰਨਾ ਜਾਰੀ, ਪੁਲਸ ਨੇ ਬਦਲੇ ਟ੍ਰੈਫਿਕ ਰੂਟ (ਤਸਵੀਰਾਂ)

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ ਪਰ ਕਿਸੇ ਤਰ੍ਹਾਂ ਵੀ ਪੰਜਾਬ ਦੇ ਹਿੱਤਾਂ ਨੂੰ ਲੁੱਟਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਇਸ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਬਾਰੇ ਸਾਰੀਆਂ ਪਾਰਟੀਆਂ ਨੇ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10-15 ਦਿਨਾਂ 'ਚ ਬੁਲਾਇਆ ਜਾਵੇਗਾ ਅਤੇ ਇਸ ਦੌਰਾਨ ਕਾਲੇ ਕਾਨੂੰਨ ਵੀ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬੇਹੱਦ ਸੰਤਾਪ ਭੋਗਿਆ ਹੈ ਅਤੇ ਅਸੀਂ ਪਹਿਲਾਂ ਵਾਲੇ ਹਾਲਾਤ 'ਚ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਨੇ ਕਿਹਾ ਕਿ ਬੀ. ਐੱਸ. ਐੱਫ. ਨੂੰ 50 ਕਿਲੋਮੀਟਰ ਅੱਗੇ ਤੱਕ ਆਉਣ ਦੀ ਕੋਈ ਲੋੜ ਨਹੀਂ ਹੈ ਅਤੇ ਉਹ ਆਪਣੀ ਹੱਦ ਸੰਭਾਲੇ। 

ਇਹ ਵੀ ਪੜ੍ਹੋ : CM ਚੰਨੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ 'ਚ ਪੁੱਜੇ 'ਨਵਜੋਤ ਸਿੱਧੂ', ਟਵੀਟ ਕਰਕੇ ਕਹੀਆਂ ਵੱਡੀਆਂ ਗੱਲਾਂ
ਮਿੰਨਤਾਂ ਕਰਨ ਦੀ ਲੋੜ ਨਹੀਂ, ਇਕੱਠੇ ਹੋ ਕੇ ਲੜਾਈ ਲੜਾਂਗੇ : ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਨਾ ਸਿਰਫ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ, ਸਗੋਂ ਰਾਜ ਦੇ ਵਿੱਚ ਰਾਜ ਖੜ੍ਹਾ ਕਰ ਰਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਬਾਰਡਰ ਸਕਿਓਰਿਟੀ ਫੋਰਸ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 50 ਕਿਲੋਮੀਟਰ ਅੰਦਰ ਕਿਹੜਾ ਬਾਰਡਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਪਣੇ ਨਿੱਜੀ ਸੁਆਰਥਾਂ ਦੀ ਪੂਰਤੀ ਲਈ ਇਹ ਸਾਰਾ ਕੁੱਝ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਨੂੰ ਸਿਆਸਤ ਦੀ ਖੇਡ ਦੱਸਿਆ ਹੈ। ਨਵਜੋਤ ਸਿੱਧੂ ਨੇ ਕੇਂਦਰ 'ਤੇ ਵਾਰ ਕਰਦਿਆਂ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ, ਉਦੋਂ ਹੀ ਪੰਜਾਬ ਦੇ ਹਾਲਾਤ ਖ਼ਰਾਬ ਹੁੰਦੇ ਹਨ?

ਇਹ ਵੀ ਪੜ੍ਹੋ : ਮੋਹਾਲੀ 'ਚ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ, ਮੌਕੇ 'ਤੇ ਪੁੱਜੇ ਗੁਰਨਾਮ ਚੜੂਨੀ (ਤਸਵੀਰਾਂ)

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਹ ਫ਼ੈਸਲਾ ਪੰਜਾਬ 'ਤੇ ਕਿਉਂ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਰਾਜ ਲਾਗੂ ਨਹੀਂ ਹੋਇਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨੂੰ ਕਮਜ਼ੋਰ ਕਿਉਂ ਕੀਤਾ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਭਾਵੇਂ ਖੇਤੀ ਕਾਨੂੰਨ ਹੋਣ ਜਾਂ ਬੀ. ਐੱਸ. ਐੱਫ. ਮੁੱਦਾ ਹੋਵੇ, ਲਾਅ ਐਂਡ ਆਰਡਰ ਸੂਬਾ ਸਰਕਾਰ ਦੇ ਅਧਿਕਾਰ ਖੇਤਰ 'ਚ ਆਉਂਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਹਿਸਾਬ ਹੈ ਕਿ ਜਿੱਥੇ ਜਿੱਤਣਾ ਨਹੀਂ, ਉੱਥੇ ਲਾਅ ਐਂਡ ਆਰਡਰ ਦੀ ਸਥਿਤੀ ਵਿਗਾੜ ਕੇ ਚੋਣਾਂ ਨੂੰ ਆਪਣੇ ਕੰਟਰੋਲ 'ਚ ਕਰ ਲਓ। ਉਨ੍ਹਾਂ ਕਿਹਾ ਕਿ ਸਾਨੂੰ ਮਿੰਨਤਾਂ ਕਰਨ ਦੀ ਲੋੜ ਨਹੀਂ ਹੈ, ਇਸ ਦੇ ਲਈ ਲੜਾਈ ਲੜਨੀ ਪਵੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਇਹ ਮੁੱਦਾ ਸਾਡੀ ਹੋਂਦ ਦਾ ਮੁੱਦਾ ਹੈ ਅਤੇ ਇਹ ਮੁੱਦਾ ਇਕੱਠੇ ਹੋ ਕੇ ਲੜਨਾ ਪਵੇਗਾ। ਨਵਜੋਤ ਸਿੱਧੂ ਨੇ ਕਿਹਾ ਕਿ ਪਹਿਲਾਂ ਕੇਂਦਰ ਨੇ ਕਾਲੇ ਖੇਤੀ ਕਾਨੂੰਨ ਪੰਜਾਬ 'ਤੇ ਥੋਪੇ ਅਤੇ ਹੁਣ ਬੀ. ਐੱਸ. ਐੱਫ. ਮੁੱਦੇ ਨੂੰ ਵੀ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਬਾਸ਼ਿੰਦੇ ਦੀ ਆਵਾਜ਼ ਬੁਲੰਦ ਕਰਨੀ ਅੱਜ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੁੜ ਦੇ ਕੇ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਮੁੱਦੇ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News