CM ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ, ਵਿਰੋਧੀਆਂ 'ਤੇ ਵੀ ਲਾਏ ਰਗੜੇ
Monday, Feb 14, 2022 - 11:25 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਲੋਕਾਂ ਲਈ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਭਾਵੇਂ ਹੀ ਸੂਬੇ ਦੇ ਲੋਕਾਂ ਨੂੰ ਆਟਾ-ਦਾਲ ਸਕੀਮ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਢਿੱਡ ਤਾਂ ਭਰ ਜਾਵੇਗਾ ਪਰ ਤਰੱਕੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਾਸਤੇ ਸਿੱਖਿਆ ਬੇਹੱਦ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ 'ਤੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਵੀ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰੇਤ ਮਾਈਨਿੰਗ ਮਾਮਲੇ ’ਚ CM ਚੰਨੀ ਨੂੰ ਰੋਪੜ ਪ੍ਰਸ਼ਾਸਨ ਨੇ ਦਿੱਤੀ ਕਲੀਨ ਚਿੱਟ
ਉਨ੍ਹਾਂ ਕਿਹਾ ਕਿ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਵੀ ਵਜ਼ੀਫ਼ਾ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ 'ਚ ਫ਼ੀਸ ਨਿਰਧਾਰਿਤ ਕਰਨ ਲਈ ਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿੱਤਾ ਮੁਖੀ ਪੜ੍ਹਾਈ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਰੁਜ਼ਗਾਰ ਦੇਣਾ ਸਰਕਾਰ ਦਾ ਟੀਚਾ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਸਭ ਤੋਂ ਮਸਰੂਫ਼ ਪ੍ਰਚਾਰਕ ਬਣੇ 'ਚਰਨਜੀਤ ਸਿੰਘ ਚੰਨੀ'
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਵੱਲੋਂ ਵਿਰੋਧੀ ਪਾਰਟੀਆਂ 'ਤੇ ਰਗੜੇ ਲਾਏ ਗਏ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਪੰਜਾਬ 'ਚ ਆ ਕੇ ਸਿਰਫ ਝੂਠ ਬੋਲਦੇ ਹਨ ਅਤੇ ਇਨ੍ਹਾਂ ਦਾ ਮਕਸਦ ਸਿਰਫ ਪੰਜਾਬ ਨੂੰ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਦੀ ਗੱਲ ਕਰਦੇ ਹਨ ਪਰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ 117 ਉਮੀਦਵਾਰਾਂ 'ਚੋਂ ਬਹੁਤਿਆਂ 'ਤੇ ਪਰਚੇ ਦਰਜ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ 'ਮਨੀਸ਼ਾ ਗੁਲਾਟੀ' ਅੱਜ ਭਾਜਪਾ 'ਚ ਹੋਣਗੇ ਸ਼ਾਮਲ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਦੇ 60 ਦੇ ਕਰੀਬ ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ ਦਰਜ ਹਨ, ਜਦੋਂ ਕਿ ਇਸ ਮਾਮਲੇ 'ਚ ਆਮ ਆਦਮੀ ਪਾਰਟੀ ਦੂਜੇ ਨੰਬਰ 'ਤੇ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਪਾਰਟੀਆਂ ਦੇ ਬਹੁਤੇ ਉਮੀਦਵਾਰਾਂ ਦੂਜੀਆਂ ਪਾਰਟੀਆਂ 'ਚੋਂ ਆਏ ਹਨ। ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਭਗਵੰਤ ਮਾਨ ਘੱਟ ਪੜ੍ਹੇ-ਲਿਖੇ ਹਨ, ਜਿਸ ਦਾ ਫ਼ਾਇਦਾ ਅਰਵਿੰਦ ਕੇਜਰੀਵਾਲ ਚੁੱਕ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ